ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਹਾਲ ਹੀ ’ਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਦੀ ਜਿੱਤ ’ਤੇ ਖ਼ੁਸ਼ੀ ਜ਼ਾਹਰ ਕੀਤੀ। ਇਸ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲੱਗ ਗਈ ਹੈ। ਮੁੱਖ ਮੰਤਰੀ ਨੇ ਸ਼ਾਂਤਮਈ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਕੁੱਲ 12,787,395 ਯੋਗ ਵੋਟਰਾਂ ਵਿੱਚੋਂ 85 ਫੀਸਦ ਲੋਕਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਜੋ ਕਿ ਸੂਬੇ ਲਈ ਇੱਕ ਰਿਕਾਰਡ ਹੈ।

ਹੁਣ ਤਕ 13,175 ਸਰਪੰਚਾਂ ਦਾ ਐਲਾਨ ਹੋ ਚੁੱਕਿਆ ਹੈ ਜਿਨ੍ਹਾਂ ਵਿੱਚੋਂ 11,241 ਸਰਪੰਚ ਕਾਂਗਰਸ ਪਾਰਟੀ ਨਾਲ ਸਬੰਧ ਰੱਖਦੇ ਹਨ। ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦੇ ਕ੍ਰਮਵਾਰ 981 ਤੇ 100 ਸਰਪੰਚ ਹੀ ਚੁਣੇ ਗਏ ਹਨ। 813 ਸਰਪੰਚ ਹੋਰ ਛੋਟੀਆਂ ਪਾਰਟੀਆਂ ਤੇ ਆਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਹਨ। ਆਮ ਆਦਮੀ ਪਾਰਟੀ ਦੀ ਹਾਰ ਬਾਰੇ ਕੈਪਟਨ ਨੇ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਪਾਰਟੀ ਸੂਬੇ ਵਿੱਚ ਆਪਣੀ ਹੋਂਦ ਗਵਾ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ 13,276 ਪੋਲਿੰਗ ਬੂਥਾਂ ’ਤੇ ਵੋਟਾਂ ਪਈਆਂ ਜਿਨ੍ਹਾਂ ਵਿੱਚੋਂ ਸਿਰਫ 14 ਬੂਥਾਂ ’ਤੇ ਹੀ ਦੁਬਾਰਾ ਵੋਟਾਂ ਪਾਉਣ ਦਾ ਐਲਾਨ ਹੋਇਆ ਹੈ। ਉਨ੍ਹਾਂ ਸੁਰੱਖਿਆ ਕਰਮੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਿਰੋਧੀਆਂ ਵੱਲੋਂ ਗੜਬੜੀ ਕਰਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਬਰਕਰਾਰ ਰਹੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲਿਆ ਸਮਰਥਨ ਦੱਸਦਾ ਹੈ ਕਿ ਸੰਸਦੀ ਚੋਣਾਂ ਵਿੱਚ ਵੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ।

ਕੈਪਟਨ ਨੇ ਸ਼੍ਰੋਮਣੀ ਅਕਾਲੀ ਦਲ ਸਮੇਤ ਵਿਰੋਧੀ ਪੱਖ ਵੱਲੋਂ ਕਾਂਗਰਸ ਸਰਕਾਰ ’ਤੇ ਝੂਠੇ ਪ੍ਰਚਾਰ ਦੇ ਇਲਜ਼ਾਮਾਂ ਨੂੰ ਸਿਰਿਓਂ ਰੱਦ ਕੀਤਾ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਵੋਟਰ ਬਿਨਾ ਕਿਸੇ ਡਰ ਆਪਣੀ ਪਾਰਟੀ ਦੇ ਲੋਕਾਂ ਨੂੰ ਵੋਟ ਪਾਉਣ ਲਈ ਪੁੱਜੇ ਸੀ। ਉਨ੍ਹਾਂ ਕਿਹਾ ਕਿ ਰੁਝਾਨ ਦੱਸਦੇ ਹਨ ਕਿ ਸੂਬੇ ਦੇ ਵੋਟਰ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਸਮੇਤ ਹੋਰ ਵਿਰੋਧੀ ਪਾਰਟੀਆਂ ਤੋਂ ਕਿਨਾਰਾ ਕਰ ਚੁੱਕੇ ਹਨ। ਲੋਕ ਹੁਣ ਇਨ੍ਹਾਂ ਦੇ ਝੂਠ ਤੋਂ ਗੁਮਰਾਹ ਨਹੀਂ ਹੋਣਗੇ।