Punjab Congress Protest: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਬੰਬਾਂ ਸੰਬੰਧੀ ਦਿੱਤੇ ਬਿਆਨ ਨੂੰ ਲੈ ਕੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ ਪੁੱਛਗਿੱਛ ਸ਼ੁਰੂ ਹੋ ਗਈ ਹੈ। ਕਾਂਗਰਸੀ ਇਸ ਗੱਲ ਤੋਂ ਨਾਰਾਜ਼ ਹਨ। ਉਹ ਪੁਲਿਸ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚੇ ਹਨ। ਇਸ ਮੌਕੇ ਕਾਂਗਰਸੀਆਂ ਨੇ ਨਾਅਰਾ ਲਗਾਇਆ - "ਅਸੀਂ ਡਰੇ ਨਹੀਂ ਸੀ ਅਤੇ ਨਾ ਹੀ ਡਰਾਂਗੇ"।

Continues below advertisement


ਦੱਸ ਦਈਏ ਕਿ ਪ੍ਰਤਾਪ ਸਿੰਘ ਬਾਜਵਾ ਅੱਜ  ਦੁਪਹਿਰ 2:26 ਵਜੇ ਮੁਹਾਲੀ ਦੇ ਥਾਣੇ ਵਿੱਚ ਪੇਸ਼ ਹੋਏ। ਜਿਵੇਂ ਹੀ ਬਾਜਵਾ ਦਾ ਕਾਫਲਾ ਪਹੁੰਚਿਆ ਤਾਂ ਵਰਕਰਾਂ ਨੇ ਬਾਜਵਾ ਦੇ ਹੱਕ ਵਿੱਚ ‘ਬਾਜਵਾ ਤੇਰੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ’ ਦੇ ਨਾਅਰੇ ਲਾਏ’।


ਮੁਹਾਲੀ ਪੁਲਿਸ ਨੇ ਥਾਣੇ ਦੁਆਅੇ ਜ਼ਬਰਦਸਤ ਬੈਰੀਕੇਡਿੰਗ ਕੀਤੀ ਹੋਈ ਸੀ। ਬਾਜਵਾ ਤੋਂ ਬਿਨਾਂ ਕਿਸੇ ਵੀ ਕਾਂਗਰਸ ਆਗੂ ਨੂੰ ਥਾਣੇ ਅੰਦਰ ਨਹੀਂ ਜਾਣ ਦਿੱਤਾ ਗਿਆ, ਜਿਸ ਕਾਰਨ ਰਾਜਾ ਵੜਿੰਗ ਦੀ ਪੁਲੀਸ ਨਾਲ ਬਹਿਸ ਵੀ ਹੋਈ। ਬਾਜਵਾ ਨਾਲ ਸਿਰਫ਼ ਉਨ੍ਹਾਂ ਦੇ ਵਕੀਲਾਂ ਨੂੰ ਨਾਲ ਜਾਣ ਦਿੱਤਾ ਗਿਆ। ਬਾਜਵਾ ਦੇ ਥਾਣੇ ਅੰਦਰ ਜਾਣ ਤੋਂ ਬਾਅਦ ਸਾਰੇ ਆਗੂ ਥਾਣੇ ਦੇ ਬਾਹਰ ਸੜਕ ਕਿਨਾਰੇ ਬੈਠ ਗਏ।



ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ X 'ਤੇ ਪੋਸਟ ਕੀਤਾ ਹੈ ਤੇ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਝੂਠੀਆਂ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੈਂ ਇਹ ਰਿਕਾਰਡ 'ਤੇ ਰੱਖ ਰਿਹਾ ਹਾਂ ਕਿ ਮੈਂ ਅੱਜ ਦੁਪਹਿਰ 2 ਵਜੇ ਸਾਈਬਰ ਸੈੱਲ ਜਾਵਾਂਗਾ ਅਤੇ ਆਪਣਾ ਅਧਿਕਾਰਤ ਬਿਆਨ ਦੇਵਾਂਗਾ।


ਉਧਰ, ਪ੍ਰਤਾਪ ਬਾਜਵਾ ਨੇ ਹੁਣ ਇਨਸਾਫ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਹੈ। ਬਾਜਵਾ ਨੇ ਉਨ੍ਹਾਂ ਦੇ ਖਿਲਾਫ਼ ਦਰਜ ਕੀਤੇ ਪਰਚੇ ਨੂੰ ਝੂਠਾ ਤੇ ਬੇਬੁਨਿਆਦ ਦੱਸਦਿਆਂ ਤਾਜ਼ਾ ਐਫਆਈਆਰ ਨੂੰ ਸਿਰੇ ਤੋਂ ਖਾਰਜ ਕਰਨ ਦੀ ਮੰਗ ਕੀਤੀ ਹੈ। ਬੀਤੇ ਕੱਲ ਵੀ ਬਾਜਵਾ ਨੂੰ ਐਫਆਈਆਰ ਦੀ ਕਾਪੀ ਲੈਣ ਲਈ ਮੁਹਾਲੀ ਅਦਾਲਤ ਦੀ ਸ਼ਰਨ ਲੈਣੀ ਪਈ ਸੀ। ਅਦਾਲਤ ਦੇ ਹੁਕਮਾਂ ਤੋਂ ਬਾਅਦ ਹੀ ਕਾਂਗਰਸ ਆਗੂ ਦੇ ਵਕੀਲਾਂ ਨੂੰ ਐਫਆਈਆਰ ਦੀ ਕਾਪੀ ਮੁਹੱਈਆ ਕੀਤੀ ਗਈ ਸੀ।


ਦੂਜੇ ਪਾਸੇ, ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਬਾਜਵਾ ਨੂੰ ਬੰਬਾਂ ਬਾਰੇ ਜਾਣਕਾਰੀ ਦੇ ਸਰੋਤ ਦਾ ਖੁਲਾਸਾ ਕਰਨਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਅਜਿਹੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਜੋ ਲੋਕਾਂ ਨੂੰ ਡਰਾਉਂਦੀ ਹੈ।