ਬਰਨਾਲਾ: ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਬਰਨਾਲਾ (Barnala) ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ।ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।ਠੇਕਾ ਮੁਲਾਜ਼ਮਾਂ ਨੇ ਸਰਕਾਰ 'ਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵਾਅਦਾ ਖਿਲਾਫੀ ਦਾ ਦੋਸ਼ ਲਗਾਇਆ।
ਮੁਲਾਜ਼ਮਾਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਹਨ। ਬਹੁਤੇ ਵਿਭਾਗ ਠੇਕਾ ਮੁਲਾਜ਼ਮਾਂ ਦੀ ਮਿਹਨਤ ਸਦਕਾ ਹੀ ਚੱਲ ਰਹੇ ਹਨ। ਉਹਨਾਂ ਸਰਕਾਰ ਨੂੰ ਠੇਕਾ ਮੁਲਾਜ਼ਮਾਂ ਦੀ ਸੁਣਵਾਈ ਕਰਨ ਦੀ ਅਪੀਲ ਕੀਤੀ।ਉਨ੍ਹਾਂ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਦੀ ਚੇਤਾਵਨੀ ਦਿੱਤੀ।
ਇਸ ਮੌਕੇ ਠੇਕਾ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਵੱਖ-ਵੱਖ ਵਿਭਾਗਾਂ ਵਿੱਚ ਠੇਕੇ ’ਤੇ ਕੰਮ ਕਰ ਰਹੇ ਹਨ। ਪੰਜਾਬ ਵਿੱਚ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਉਹ ਪੰਜਾਬ ਵਿੱਚ ਕਿਸੇ ਵੀ ਠੇਕੇ ਦੇ ਮੁਲਾਜ਼ਮ ਨੂੰ ਨਹੀਂ ਰਹਿਣ ਦੇਵੇਗੀ ਅਤੇ ਸਰਕਾਰ ਬਣਨ ’ਤੇ ਰੈਗੂਲਰ ਕੀਤਾ ਜਾਵੇਗਾ। ਪਰ ਸਰਕਾਰ ਨੇ ਅਜੇ ਤੱਕ ਠੇਕਾ ਮੁਲਾਜ਼ਮਾਂ ਦਾ ਕੋਈ ਹਿਸਾਬ ਨਹੀਂ ਲਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਨ੍ਹਾਂ 36 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਗੱਲ ਕਰ ਰਹੀ ਹੈ, ਉਨ੍ਹਾਂ ਵਿੱਚੋਂ ਬਹੁਤੇ ਠੇਕਾ ਮੁਲਾਜ਼ਮ ਨਹੀਂ ਹਨ। ਉਨ੍ਹਾਂ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਘੱਟ ਤਨਖਾਹ 'ਤੇ ਕੰਮ ਕਰ ਰਹੇ ਹਾਂ।ਜਿਸ ਤਹਿਤ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਤਿੰਨ ਵੱਖ-ਵੱਖ ਥਾਵਾਂ 'ਤੇ ਧਰਨੇ ਦਿੱਤੇ ਜਾ ਰਹੇ ਹਨ। ਇਸੇ ਤਹਿਤ ਅੱਜ ਮੰਤਰੀ ਮੀਤ ਹੇਅਰ ਦੇ ਘਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ।