ਬਠਿੰਡਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ’ਚ ਪੱਕੇ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਦੇ ਵਿਰੋਧ ਦਾ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਚੱਲਦਿਆਂ ਕਿਸੇ ਸਮਾਗਮ 'ਚ ਪਹੁੰਚੇ ਮਨਪ੍ਰੀਤ ਬਾਦਲ ਦਾ ਐਤਵਾਰ ਨੂੰ ਵੀ ਠੇਕਾ ਮੁਲਾਜ਼ਮਾਂ ਵਲੋਂ ਵਿਰੋਧ ਕੀਤਾ ਗਿਆ।
ਇਸ ਵਿਰੋਧ ਦੌਰਾਨ ਪੁਲਿਸ ਵਲੋਂ ਠੇਕਾ ਮੁਲਾਜ਼ਮਾਂ ਨਾਲ ਜਿਥੇ ਖਿੱਚ ਧੂਹ ਕੀਤੀ ਗਈ, ਉਥੇ ਹੀ ਉਨ੍ਹਾਂ ਨੂੰ ਹਿਰਾਸਤ 'ਚ ਵੀ ਲਿਆ ਗਿਆ। ਦੱਸ ਦਈਏ ਕਿ ਬੀਤੇ ਦਿਨੀਂ ਵੀ ਠੇਕਾ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਦਾ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਵਿਰੋਧ ਕਰਦੇ ਰਹਿਣਗੇ।
ਗ੍ਰੀਨ ਸਿਟੀ ਰੋਡ ’ਤੇ ਸਥਿਤ 10-10 ਕਲੱਬ ’ਚ ਵਿੱਤ ਮੰਤਰੀ ਦੇ ਪ੍ਰੋਗਰਾਮ ਤੋਂ ਪਹਿਲਾਂ ਹੀ ਠੇਕਾ ਮੁਲਾਜ਼ਮ ਧਰਨਾ ਦੇਣ ਪੁੱਜ ਗਏ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਠੇਕਾ ਮੁਲਾਜ਼ਮਾਂ ਨਾਲ ਖਿੱਚ ਧੂਹ ਕਰਦੇ ਹੋਏ ਥਾਣੇ ਵਿਚ ਬੰਦ ਕਰ ਦਿੱਤਾ। ਇਸ ਤੋਂ ਪਹਿਲਾਂ ਵਿੱਤ ਮੰਤਰੀ ਦਾ ਅਜੀਤ ਰੋਡ ’ਤੇ ਪ੍ਰੋਗਰਾਮ ਸੀ। ਉੱਥੇ ਵੀ ਠੇਕਾ ਮੁਲਾਜ਼ਮਾਂ ਨੇ ਪ੍ਰਦਰਸ਼ਨ ਕਰਨਾ ਸੀ। ਪਰ ਪੁਲਿਸ ਦੇ ਪ੍ਰਬੰਧਾਂ ਨੂੰ ਦੇਖਦਿਆਂ ਉਨ੍ਹਾਂ ਨੇ ਗ੍ਰੀਨ ਸਿਟੀ ਵਿਚ ਰੋਸ ਪ੍ਰਦਰਸ਼ਨ ਕੀਤਾ।
ਜਦੋਂ ਠੇਕਾ ਮੁਲਾਜ਼ਮਾਂ ਨੂੰ ਵਿੱਤ ਮੰਤਰੀ ਦੇ ਆਉਣ ਦੀ ਸੂਚਨਾ ਮਿਲੀ ਤਾਂ ਉਹ ਮੌਕੇ ’ਤੇ ਪਹੁੰਚ ਗਏ, ਅਤੇ ਵਿੱਤ ਮੰਤਰੀ ਦੇ ਆਉਣ ਤੋਂ ਪਹਿਲਾਂ ਹੀ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਤੇ ਮੰਤਰੀ ਦੇ ਸਮਾਗਮ ਵਾਲੀ ਥਾਂ ’ਤੇ ਧਰਨਾ ਲਗਾ ਦਿੱਤਾ। ਪੁਲਿਸ ਅਧਿਕਾਰੀਆਂ ਤੇ ਠੇਕਾ ਮੁਲਾਜ਼ਮਾਂ ਵਿਚ ਕਾਫੀ ਬਹਿਸਬਾਜ਼ੀ ਹੋਈ ਪਰ ਪ੍ਰਦਰਸ਼ਨਕਾਰੀ ਧਰਨਾ ਦੇਣ ’ਤੇ ਅੜੇ ਹੋਏ ਸਨ ਤਾਂ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਜ਼ਬਰਦਸਤੀ ਉਥੋਂ ਹਟਾਉਣਾ ਸ਼ੁਰੂ ਕਰ ਦਿੱਤਾ।
ਠੇਕਾ ਮੁਲਾਜ਼ਮਾਂ ਨੂੰ ਪੁਲਿਸ ਨੇ ਫੜ ਕੇ ਸਦਰ ਥਾਣੇ ਵਿਚ ਨਜ਼ਰਬੰਦ ਕਰ ਦਿੱਤਾ। ਮੁਲਾਜ਼ਮਾਂ ਨੇ ਕਿਹਾ ਕਿ ਉਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪਰ ਅੱਜ ਤੱਕ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ