ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ (Guru Gobind Singh ji) ਦੇ ਪ੍ਰਕਾਸ਼ ਪੁਰਬ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਨੂੰ ਹਰ ਵਰ੍ਹੇ 'ਵੀਰ ਬਾਲ ਦਿਵਸ' ਵਜੋਂ ਮਨਾਉਣ ਦੇ ਐਲਾਨ ਕੀਤਾ ਹੈ। ਬੇਸ਼ੱਕ ਸਿੱਖ ਸੰਗਤ ਵੱਲੋਂ ਇਸ ਦਾ ਸਵਾਗਤ ਕੀਤਾ ਗਿਆ ਹੈ ਪਰ ਸ਼੍ਰੋਮਣੀ ਕਮੇਟੀ ਤੇ ਸਿੱਖ ਵਿਦਵਾਨਾਂ ਵੱਲੋਂ ਇਸ ਨਾਲ ਅਸਹਿਮਤੀ ਪ੍ਰਗਟਾਈ ਗਈ ਹੈ। ਇਸ ਕਰਕੇ ਉਸ ਮੁੱਦੇ ਉੱਪਰ ਵਿਵਾਦ ਖੜ੍ਹਾ ਹੋ ਗਿਆ ਹੈ।
ਪ੍ਰਧਾਨ ਮੰਤਰੀ ਮੋਦੀ ਦੇ ਇਸ ਐਲਾਨ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ, ਪਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਸੰਗਿਆ ਨਾਲ ਜੋੜ ਕੇ ਵੀਰ ਬਾਲ ਦਿਵਸ ਤੱਕ ਸੀਮਤ ਰੱਖਣਾ ਸ਼ਹਾਦਤਾਂ ਦੀ ਭਾਵਨਾ ਤੇ ਸਿੱਖ ਰਵਾਇਤਾਂ ਨਾਲ ਮੇਲ ਨਹੀਂ ਖਾਂਦਾ।
ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ, ਸਿਧਾਂਤਾਂ ਤੇ ਪ੍ਰੰਪਰਾਵਾਂ ਦੇ ਮੱਦੇਨਜ਼ਰ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਵੱਡੇ ਯੋਧਿਆਂ ਵਰਗੀਆਂ ਹਨ। ਉਂਜ ਵੀ ਸਿੱਖ ਇਤਿਹਾਸ ਵਿੱਚ ਸਾਹਿਬਜ਼ਾਦਿਆਂ ਨੂੰ ਸੰਬੋਧਨ ਸਮੇਂ ਬਾਬਾ ਸ਼ਬਦ ਨਾਲ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਅਗਵਾਈ ਦੇਣ। ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਵਾਂ ਤੇ ਸਿਧਾਂਤਾਂ ਨਾਲ ਸਬੰਧਤ ਕਿਸੇ ਵੀ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਲੈ ਕੇ ਹੀ ਕੋਈ ਫੈਸਲਾ ਕੀਤਾ ਜਾਣਾ ਚਾਹੀਦਾ ਹੈ।
ਉਧਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਲਈ ਪੰਥਕ ਸ਼ਬਦਾਵਲੀ ‘ਬਾਬਾ’ ਹੈ ਤੇ ਇਸ ਨਾਲ ਛੇੜਛਾੜ ਕਰਨ ਦਾ ਕਿਸੇ ਗੈਰ-ਸਿੱਖ ਨੂੰ ਅਧਿਕਾਰ ਨਹੀਂ ਹੈ। ਉਨ੍ਹਾਂ ਲਿਖਿਆ ਕਿ ਜੇਕਰ ਮੋਦੀ ਸਰਕਾਰ ਨੇ ਬੱਚਿਆਂ ਦੀ ਪ੍ਰੇਰਨਾ ਲਈ ਇਸ ਦਿਨ ਦਾ ਪ੍ਰਚਾਰ ਕਰਨਾ ਹੈ ਤਾਂ ਸਕੂਲ ਦੀਆਂ ਕਿਤਾਬਾਂ ਵਿੱਚ ਇਸ ਨੂੰ ਸ਼ਾਮਲ ਕਰ ਲਿਆ ਜਾਵੇ ਜਿਸ ’ਤੇ ਸਿੱਖ ਮਾਣ ਮਹਿਸੂਸ ਕਰਨਗੇ।
ਇਸ ਬਾਰੇ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣ ਦਾ ਕੋਈ ਹੱਕ ਨਹੀਂ। ਪ੍ਰਧਾਨ ਮੰਤਰੀ ਦਾ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਆਪ ਮੁਹਾਰੇ ਫੈਸਲਾ ਗਲਤ ਰੁਝਾਨ ਨੂੰ ਸ਼ੁਰੂ ਕਰੇਗਾ। ਇਸ ਲਈ ਇਸ ਫੈਸਲੇ ਨੂੰ ਤੁਰੰਤ ਅਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904