Punjab News: ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਮੁੜ ਤਣਾਅ ਵਾਲਾ ਮਾਹੌਲ ਬਣ ਸਕਦਾ ਹੈ। ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਮਗਰੋਂ ਚਰਚਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਦਾ ਕਬਜ਼ਾ ਲਿਆ ਜਾ ਸਕਦਾ ਹੈ।
ਉਧਰ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਦੀ ਪੁਰਾਣੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਥਿਤੀ ਵਿੱਚ ਸਿੱਖ ਕੌਮ ਸੰਘਰਸ਼ ਲਈ ਮਜਬੂਰ ਹੋਵੇਗੀ। ਉਨ੍ਹਾਂ ਹਰਿਆਣਾ ਦੇ ਗੁਰਦੁਆਰਿਆ ਦਾ ਪ੍ਰਬੰਧ ਜਬਰੀ ਖੋਹਣ ਖ਼ਿਲਾਫ਼ ਵੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ 30 ਸਤੰਬਰ ਨੂੰ ਸੱਦੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਜੋਧ ਸਿੰਘ ਸਮਰਾ, ਮੈਂਬਰ ਭਾਈ ਰਾਮ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ ਤੇ ਬਾਵਾ ਸਿੰਘ ਗੁਮਾਨਪੁਰਾ ਨੇ ਦੋਸ਼ ਲਾਇਆ ਕਿ ਜਿਥੇ ਕਾਂਗਰਸ ਜਮਾਤ ਨੇ ਸਿੱਖਾਂ ਦਾ ਵੱਡਾ ਨੁਕਸਾਨ ਕੀਤਾ, ਉਥੇ ਹੀ ਕੇਂਦਰ ਦੀ ਭਾਜਪਾ ਸਰਕਾਰ ਆਰਐਸਐਸ ਦੀ ਸੋਚ ਤਹਿਤ ਦੇਸ਼ ਵਿਚ ਵਸਦੀਆਂ ਘੱਟਗਿਣਤੀਆਂ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ।
ਇਹ ਵੀ ਪੜ੍ਹੋ: HSGPC ਦੇ ਨਵੇਂ ਪ੍ਰਧਾਨ ਬਣੇ ਜਗਦੀਸ਼ ਝੀਂਡਾ, ਬਲਜੀਤ ਸਿੰਘ ਦਾਦੂਵਾਲ ਹੋਏ ਲਾਂਭੇ
ਇਸੇ ਤਹਿਤ ਹੁੱਡਾ ਸਰਕਾਰ ਸਮੇਂ ਵੱਖਰੀ ਹਰਿਆਣਾ ਕਮੇਟੀ ਦਾ ਐਕਟ ਪਾਸ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਐਕਟ ਨੂੰ ਮਾਨਤਾ ਦੇਣ ਲਈ ਭਾਜਪਾ ਨੇ ਵੀ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਕਾਰਵਾਈ ਵਿਚ ਕੁਝ ਸਿੱਖ ਚਿਹਰੇ ਵੀ ਸ਼ਾਮਲ ਹਨ, ਜੋ ਨਿਜੀ ਲਾਲਚ ਵਿਚ ਪੰਥ ਵਿਰੋਧੀ ਸ਼ਕਤੀਆਂ ਦੇ ਹੱਥ ਠੋਕਾ ਬਣੇ ਹੋਏ ਹਨ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਹੈ, ਜਿਸ ਨੂੰ ਤੋੜਨ ਦੇ ਸਨਸੂਬੇ ਖ਼ਿਲਾਫ ਸੰਘਰਸ਼ ਲਈ ਸਿੱਖ ਕੌਮ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਕਿ ਜੇ ਹਰਿਆਣਾ ਸਰਕਾਰ ਨੇ ਉਥੋਂ ਦੇ ਗੁਰਦੁਆਰਿਆਂ ਦਾ ਪ੍ਰਬੰਧ ਜਬਰੀ ਆਪਣੇ ਕਬਜ਼ੇ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਨਤੀਜੇ ਚੰਗੇ ਨਹੀਂ ਹੋਣਗੇ।