Emergency Trailer: ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਦੀ ਸੰਸਦ ਮੈਂਬਰ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਵਿਵਾਦਾਂ ਵਿੱਚ ਘਿਰ ਗਈ ਹੈ। ਕੰਗਨਾ ਦੀ ਇਹ ਫਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਲਗਾਈ ਗਈ ਐਮਰਜੈਂਸੀ 'ਤੇ ਬਣੀ ਹੈ। ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਵੇਗੀ।


ਇਸ ਤੋਂ ਪਹਿਲਾਂ ਪੰਜਾਬ ਦੇ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਟ੍ਰੇਲਰ 'ਚ ਦਿਖਾਏ ਗਏ ਦ੍ਰਿਸ਼ਾਂ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।


ਸਰਬਜੀਤ ਖਾਲਸਾ ਨੇ ਕਿਹਾ ਕਿ ‘ਐਮਰਜੈਂਸੀ’ ਵਿੱਚ ਸਿੱਖਾਂ ਨੂੰ ਗ਼ਲਤ ਢੰਗ ਨਾਲ ਪੇਸ਼ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਸਮਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ ਖਦਸ਼ਾ ਹੈ। ਜੇ ਇਸ ਫਿਲਮ ਅੰਦਰ ਸਿੱਖਾਂ ਨੂੰ ਵੱਖਵਾਦੀ ਜਾਂ ਦਹਿਸ਼ਤਗਰਦ ਵਜੋਂ ਫਿਲਮਾਇਆ ਗਿਆ ਹੈ ਤਾਂ ਇਹ ਇਕ ਗਹਿਰੀ ਸਾਜ਼ਿਸ਼ ਹੈ।ਸਿੱਖਾਂ ਪ੍ਰਤੀ ਹੋਰਨਾਂ ਕੌਮਾਂ ਅੰਦਰ ਨਫਰਤ ਪੈਦਾ ਕਰਨ ਲਈ ਇਹ ਫ਼ਿਲਮ ਇੱਕ ਮਨੋਵਿਗਿਆਨਕ ਹਮਲਾ ਹੈ ਜਿਸ ਉੱਪਰ ਸਰਕਾਰ ਨੂੰ ਅਗਾਊਂ ਨੋਟਿਸ ਲੈਂਦਿਆਂ ਰੋਕ ਲਗਾਉਣੀ ਚਾਹੀਦੀ ਹੈ। 


ਸਰਬਜੀਤ ਖਾਲਸਾ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਉੱਪਰ ਨਫ਼ਰਤੀ ਹਮਲੇ ਹੋਣ ਦੀਆਂ ਖਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹੇ ਵਿੱਚ ਇਹ ਫਿਲਮ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਫਿਲਮਾਂ ਰਾਹੀਂ ਪੂਰੀ ਤਰ੍ਹਾਂ ਉਜਾਗਰ ਨਹੀਂ ਕੀਤਾ ਗਿਆ ਪ੍ਰੰਤੂ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। 


ਉਨ੍ਹਾਂ ਕਿਹਾ ਕਿ ਸਮਾਜ ਅੰਦਰ ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਤਰਾਜਯੋਗ ਫਿਲਮਾਂ ਜਾਂ ਗੀਤਾਂ ਉੱਪਰ ਪਾਬੰਧੀ ਲੱਗਣੀ ਚਾਹੀਦੀ ਹੈ। ਉਨ੍ਹਾਂ ਸਮਾਜ ਅੰਦਰ ਸਦਭਾਵਨਾ ਤੇ ਸ਼ਾਂਤੀ ਕਾਇਮ ਰੱਖਣ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਸਮਾਜ ਵਿਰੋਧੀ ਕਾਰਵਾਈਆਂ ਰੋਕਣ ਲਈ ਹਮੇਸ਼ਾ ਦ੍ਰਿੜ੍ਹ ਹਨ।


ਦੱਸ ਦਈਏ ਕਿ ਕੰਗਨਾ ਨੇ ਕੁਝ ਦਿਨ ਪਹਿਲਾਂ ਇਸ ਫ਼ਿਲਮ ਦਾ ਟ੍ਰੇਲਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਸੀ। ਜਿਸ ਵਿੱਚ 1980ਵਿਆਂ ਵਿੱਚ ਪੰਜਾਬ ਵਿੱਚ ਖਾੜਕੂਵਾਦ ਦੇ ਦੌਰ ਨੂੰ ਵੀ ਦਿਖਾਇਆ ਗਿਆ ਹੈ। ਇਸ ਵਿੱਚ ਇੱਕ ਪਾਤਰ ਜਰਨੈਲ ਸਿੰਘ ਭਿੰਡਰਾਂਵਾਲਾ ਵੀ ਬਣਾਇਆ ਗਿਆ ਹੈ।