ਅੰਮ੍ਰਿਤਸਰ: 1984 'ਚ ਆਪ੍ਰੇਸ਼ਨ ਬਲੂ ਸਟਾਰ ਵੇਲੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਲਾਪਤਾ ਦਸਤਾਵੇਜ਼ਾਂ 'ਤੇ ਵਿਦਾਦ ਦੇ ਹੱਲ਼ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਾਇਮ ਕੀਤੀ ਪੜਤਾਲ ਕਮੇਟੀ ਸਰਗਰਮ ਹੋ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਕਮੇਟੀ ਦੀ ਮੀਟਿੰਗ ਹੋਈ। ਇਸ ਵਿੱਚ ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਡਾ, ਰੂਪ ਸਿੰਘ, ਦਲਮੇਘ ਸਿੰਘ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਅਮਰ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਵੱਖ-ਵੱਖ ਤੱਥਾਂ ਦੀ ਪੜਤਾਲ ਕੀਤੀ ਗਈ।


ਦਰਅਸਲ ਆਪ੍ਰੇਸ਼ਨ ਬਲੂ ਸਟਾਰ ਦੌਰਾਨ ਭਾਰਤੀ ਫੌਜ ਵੱਲੋਂ ਕਥਿਤ ਤੌਰ 'ਤੇ ਜ਼ਬਤ ਕੀਤੇ ਗਏ ਸਾਹਿਤ ਬਾਰੇ ਵਿਵਾਦ ਖੜ੍ਹਾ ਹੋ ਗਿਆ ਹੈ। ਫੌਜ ਨੇ ਦਸਤਾਵੇਜ਼ ਵਾਪਸ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਥ ਲਿਖਤ ਪਾਵਨ ਸਰੂਪ ਵੇਚਣ ਦੇ ਵੀ ਇਲਜ਼ਾਮ ਲੱਗੇ ਹਨ।

ਅੱਜ ਸ਼੍ਰੋਮਣੀ ਕਮੇਟੀ ਦੇ ਦਫਤਰ ਵਿੱਚ ਹੋਈ ਪਲੇਠੀ ਮੀਟਿੰਗ ਦੌਰਾਨ ਤੱਥਾਂ ਦੀ ਪੜਤਾਲ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਿੱਖ ਰੈਫਰੈਂਸ ਲਾਇਬ੍ਰੇਰੀ ਨਾਲ ਜੁੜੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਹਾਲਾਂਕਿ ਇਹ ਮਹੱਤਵਪੂਰਨ ਮੁੱਦਾ ਸੀ ਪਰ ਇਸ ਬਾਰੇ ਮੀਡੀਆ ਨੂੰ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਗਈ।

ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਇਹ ਸੰਵੇਦਨਸ਼ੀਲ ਮੁੱਦਾ ਹੈ। ਇਸ ਦੇ ਹਰ ਤੱਥ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ। ਛੇਤੀ ਹੀ ਕਿਸੇ ਸਿੱਟੇ 'ਤੇ ਜਾਂਚ ਨੂੰ ਪਹੁੰਚਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਮੇਟੀ ਦੀ ਅਗਲੀ ਮੀਟਿੰਗ 19 ਜੁਲਾਈ ਨੂੰ ਹੋਵੇਗੀ।