Coronavirus in Punjab: ਕੋਵਿਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਹੁਣ ਵਰਚੁਅਲ ਸਮਾਗਮਾਂ ਜ਼ਰੀਏ ਮਨਾਏਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਆਪਣੇ ਹੀ ਘਰਾਂ ਤੋਂ 28 ਅਪਰੈਲ ਤੋਂ ਪਾਠ ਅਤੇ 1 ਮਈ ਨੂੰ ਅਰਦਾਸ ਵਿੱਚ ਸਿੱਧੇ ਪ੍ਰਸਾਰਨ ਰਾਹੀਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਦੀ ਹਿੰਦੂਆਂ ਲਈ ਕੀਤੀ ਗਈ ਮਹਾਨ ਕੁਰਬਾਨੀ ਦੀ ਯਾਦ ਵਿੱਚ ਉਨ੍ਹਾਂ ਸਮੇਤ ਪੂਰੇ ਪੰਜਾਬ ਵਿੱਚ ਵੱਡਾ ਸਮਾਗਮ ਕਰਵਾਉਣ ਦੀ ਤਾਂਘ ਸੀ ਪਰ ਸਥਿਤੀ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੰਦੀ।
ਚੰਡੀਗੜ੍ਹ: ਕੋਵਿਡ ਕੇਸਾਂ ਵਿੱਚ ਲਗਾਤਾਰ ਵਾਧੇ ਕਾਰਨ ਪੈਦਾ ਹੋਈ ਅਣਕਿਆਸੀ ਸਥਿਤੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ 28 ਅਪਰੈਲ ਤੋਂ ਸ਼ੁਰੂ ਹੋ ਰਹੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਵਰਚੁਅਲ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕੀਰਤਨ ਦੇ ਸਿੱਧੇ ਪ੍ਰਸਾਰਨ ਦੀ ਵਿਵਸਥਾ ਟੈਲੀਵੀਜ਼ਨ ਅਤੇ ਸੋਸ਼ਲ ਮੀਡੀਆ ਚੈਨਲਾਂ 'ਤੇ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਆਪਣੇ ਘਰਾਂ ਤੋਂ ਹੀ 'ਸਰਬੱਤ ਦੇ ਭਲੇ' ਲਈ ਅਰਦਾਸ ਕਰਨ ਦੀ ਅਪੀਲ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਗੱਲ ਕਰਨਗੇ ਕਿ ਸੰਕਟ ਦੀ ਸਥਿਤੀ ਨੂੰ ਦੇਖਦਿਆਂ ਸਾਰੇ ਸਮਾਗਮ ਵਰਚੁਅਲ ਤਰੀਕੇ ਵਿੱਚ ਬਦਲ ਦਿੱਤੇ ਜਾਣ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟੈਲੀਵੀਜ਼ਨ ਉਪਰ ਸਮਾਗਮ ਦੇਖਣ ਅਤੇ ਪਹਿਲੀ ਮਈ ਨੂੰ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਆਪਣੇ ਘਰਾਂ ਤੋਂ ਹੀ 'ਸਰਬੱਤ ਦੇ ਭਲੇ' ਲਈ ਅਰਦਾਸ ਕਰਨ। ਇਤਿਹਾਸਕ ਜਸ਼ਨਾਂ ਨੂੰ ਦੇਖਣ ਲਈ ਬਣਾਈ ਗਈ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਸਾਰੇ ਸਮਾਗਮ ਤੈਅ ਸ਼ੁਦਾ ਪ੍ਰੋਗਰਾਮ ਅਨੁਸਾਰ ਹੀ ਹੋਣਗੇ ਪਰ ਵਰਚੁਅਲ ਤਰੀਕੇ ਰਾਹੀਂ ਕਰਵਾਏ ਜਾਣਗੇ ਅਤੇ ਲੋਕ ਵਿਅਕਤੀਗਤ ਤੌਰ 'ਤੇ ਇਕੱਠੇ ਨਹੀਂ ਹੋਣਗੇ।
ਇਸ ਤੋਂ ਪਹਿਲਾਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਤੇ ਗੁਰਜੀਤ ਸਿੰਘ ਔਜਲਾ ਨੇ ਇਸ ਸਾਲ ਇਹ ਸਮਾਗਮ ਸੰਕੇਤਕ ਤੌਰ 'ਤੇ ਮਨਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਕੋਵਿਡ ਦੀ ਸਥਿਤੀ 'ਤੇ ਕਾਬੂ ਹੋਣ ਤੱਕ ਕੋਈ ਵੀ ਵੱਡਾ ਇਕੱਠ ਜਾਂ ਸਮਾਗਮ ਨਾ ਕਰਨ ਦੀ ਅਪੀਲ ਕੀਤੀ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਆਨਲਾਈਨ ਪ੍ਰਸਾਰਨ ਇਨ੍ਹਾਂ ਔਖੇ ਸਮਿਆਂ ਦੌਰਾਨ ਲੋਕਾਂ ਵਿੱਚ ਸਕਰਾਤਮਕ ਸੰਦੇਸ਼ ਪਹੁੰਚਾਏਗਾ।
ਮੁੱਖ ਸਕੱਤਰ ਵਿਨੀ ਮਹਾਜਨ ਨੇ ਵੀ ਆਨਲਾਈਨ ਪ੍ਰੋਗਰਾਮ ਕਰਨ ਦਾ ਸੁਝਾਅ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਵੀ ਇਸ ਫੈਸਲੇ ਨਾਲ ਲਿਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ: CBI ਨੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖਿਲਾਫ ਦਰਜ ਕੀਤੀ FIR, 10 ਤੋਂ ਵੱਧ ਥਾਂਵਾਂ 'ਤੇ ਛਾਪੇਮਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904