ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ ਪਰ ਮਜਬੂਰੀਆਂ ਦੇ ਮਾਰੇ ਆਮ ਲੋਕਾਂ ਨੂੰ ਛੱਡੋ ਸਿਆਸੀ ਲੀਡਰ ਵੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪ੍ਰਵਾਹ ਨਹੀਂ ਕਰ ਰਹੇ। ਸੱਤਾਧਾਰੀ ਕਾਂਗਰਸ ਸਣੇ ਹਰ ਸਿਆਸੀ ਪਾਰਟੀ ਦੇ ਲੀਡਰ ਵੱਡੇ ਇਕੱਠ ਕਰਕੇ ਆਪਣੇ ਪ੍ਰੋਗਰਾਮ ਕਰ ਰਹੇ ਹਨ। ਪਿਛਲੇ ਦਿਨੀਂ ਅਕਾਲੀ ਦਲ ਦੇ ਲੀਡਰਾਂ ਖਿਲਾਫ ਕੇਸ ਵੀ ਦਰਜ ਹੋਏ ਹਨ ਪਰ ਆਪਣੀ ਸਰਕਾਰ ਹੋਣ ਕਰਕੇ ਕਾਂਗਰਸ ਨੂੰ ਅਜੇ ਕਾਨੂੰਨ ਦੀ ਕੋਈ ਪ੍ਰਵਾਹ ਨਹੀਂ।

ਮੀਡੀਆ ਵਿੱਚ ਅਲੋਚਨਾ ਹੋਣ ਮਗਰੋਂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦੱਬਕਾ ਮਾਰਿਆ ਹੈ। ਉਨ੍ਹਾਂ ਨੇ ਕੋਵਿਡ ਦਾ ਖ਼ਤਰਾ ਵਧਦਾ ਦੇਖ ਕੇ ਸਿਆਸੀ ਪਾਰਟੀਆਂ ਦੇ ਮੁਖੀਆਂ ਨੂੰ ਵੱਡੇ ਇਕੱਠ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ’ਚ ਕੀਤੇ ਰੋਸ ਪ੍ਰਦਰਸ਼ਨਾਂ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸਿਆਸੀ ਧਿਰਾਂ ਵੱਲੋਂ ਸੁਰੱਖਿਆ ਨੇਮਾਂ ਦੀ ਕੀਤੀ ਉਲੰਘਣਾ ’ਤੇ ਫ਼ਿਕਰ ਜ਼ਾਹਿਰ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਉਹ ਸਿਆਸੀ ਪਾਰਟੀਆਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਵੱਡੇ ਇਕੱਠਾਂ ਤੋਂ ਗੁਰੇਜ਼ ਕਰਨ ਲਈ ਆਖਣਗੇ ਤੇ ਕੋਵਿਡ ਦੇ ਖ਼ਤਰੇ ਦੇ ਮੱਦੇਨਜ਼ਰ ਸਹਿਯੋਗ ਮੰਗਣਗੇ। ਮੁੱਖ ਮੰਤਰੀ ਨੇ ਸਿਆਸੀ ਧਿਰਾਂ ਨੂੰ ਕੋਵਿਡ ਦੇ ਫੈਲਾਅ ਦਾ ਕਾਰਨ ਬਣਨ ਵਾਲੀ ਕਿਸੇ ਦੀ ਕਾਰਵਾਈ ਤੋਂ ਬਚਣ ਦੀ ਅਪੀਲ ਕੀਤੀ ਹੈ। ਉਂਝ ਕੈਪਟਨ ਨੂੰ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਇਕੱਠ ਨਜ਼ਰ ਨਹੀਂ ਆਏ।

ਉਧਰ, ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ ’ਤੇ ਸਿਆਸੀ ਪਾਰਟੀਆਂ ਦੇ ਕੁਝ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ ਤੇ ਪੁਲਿਸ ਵਿਭਾਗ ਵੀ ਸਾਰੀਆਂ ਰਾਜਸੀ ਪਾਰਟੀਆਂ ਨੂੰ ਅਜਿਹੇ ਕੰਮ ਨਾ ਕਰਨ ਲਈ ਪੱਤਰ ਲਿਖਣ ਦੀ ਯੋਜਨਾ ਬਣਾ ਰਿਹਾ ਹੈ।