ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਨੇ ਮੁੜ ਸਿਰ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਸੋਮਵਾਰ ਇੱਕਦਮ 384 ਕੋਰੋਨਾ ਪੀੜਤ ਕੇਸ ਆਉਣ ਮਗਰੋਂ ਸਰਕਾਰ ਚੌਕਸ ਹੋ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਸ਼ਾਸਨ ਨੂੰ ਹੋਰ ਸਖਤੀ ਦੇ ਹੁਕਮ ਦਿੱਤੇ ਹਨ। ਜਾਣੋ ਨਵੇਂ ਦਿਸ਼ਾ-ਨਿਰਦੇਸ਼-

  • ਕਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਸਾਰੇ ਜਨਤਕ ਇਕੱਠਾਂ ’ਤੇ ਮੁਕੰਮਲ ਰੋਕ ਲਾ ਦਿੱਤੀ ਹੈ। ਜਨਤਕ ਇਕੱਤਰਤਾ ਨੂੰ ਪੰਜ ਵਿਅਕਤੀਆਂ ਤੱਕ ਤੇ ਵਿਆਹ ਤੇ ਹੋਰ ਸਮਾਜਿਕ ਸਮਾਗਮਾਂ ਵਿੱਚ 50 ਦੀ ਬਜਾਏ 30 ਵਿਅਕਤੀਆਂ ਦੀ ਇਕੱਤਰਤਾ ਤੱਕ ਸੀਮਤ ਕਰ ਦਿੱਤਾ ਹੈ।


 

  • ਜਨਤਕ ਇਕੱਠ ਕਰਨ ’ਤੇ ਲਾਈਆਂ ਰੋਕਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਲਾਜ਼ਮੀ ਐਫਆਈਆਰ ਦਰਜ ਕੀਤੀ ਜਾਵੇਗੀ।


 

  • ਸੂਬੇ ਵਿੱਚ ਜਨਤਕ ਜਥੇਬੰਦੀਆਂ ਜਾਂ ਸਿਆਸੀ ਪਾਰਟੀਆਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਸੰਘਰਸ਼, ਰੈਲੀ ਜਾਂ ਇਕੱਠ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।


 

  • ਜੇਕਰ ਕੋਈ ਪਾਰਟੀ ਜਾਂ ਜਥੇਬੰਦੀ ਕਰਦੀ ਹੈ ਤਾਂ ਇਸ ਗਤੀਵਿਧੀ ਨੂੰ ਕਾਨੂੰਨ ਦੀ ਉਲੰਘਣਾ ਮੰਨਿਆ ਜਾਵੇਗਾ।


 

  • ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਸਮਾਜਿਕ ਇਕੱਤਰਤਾ (ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਧਾਰਾ 144 ਅਧੀਨ ਪੰਜ ਤੱਕ ਸੀਮਤ) ਦੇ ਨਾਲ-ਨਾਲ ਵਿਆਹਾਂ ਤੇ ਸਮਾਜਿਕ ਸਮਾਗਮਾਂ ’ਤੇ ਰੋਕਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣਗੀਆਂ।


 

  • ਮੈਰਿਜ ਪੈਲੇਸਾਂ/ਹੋਟਲਾਂ ਦੇ ਪ੍ਰਬੰਧਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਤੇ ਨੇਮਾਂ ਦੀ ਉਲੰਘਣਾ ਹੋਣ ਦੀ ਸੂਰਤ ਵਿੱਚ ਲਾਇਸੈਂਸ ਦੀ ਮੁਅੱਤਲੀ ਦਾ ਸਾਹਮਣਾ ਕਰਨਾ ਪਵੇਗਾ।


 

  • ਮੈਰਿਜ ਪੈਲੇਸਾਂ/ਹੋਟਲਾਂ/ਹੋਰ ਵਪਾਰਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਇਹ ਪ੍ਰਮਾਣਿਤ ਕਰਨਾ ਹੋਵੇਗਾ ਕਿ ਅੰਦਰੂਨੀ ਥਾਵਾਂ ਤੋਂ ਹਵਾ ਦੀ ਨਿਕਾਸੀ ਲਈ ਢੁੱਕਵੇਂ ਬੰਦੋਬਸਤ ਕੀਤੇ ਗਏ ਹਨ।


 

  • ਆਈਆਈਟੀ ਚੇਨੱਈ ਦੇ ਮਾਹਿਰਾਂ ਨਾਲ ਮਿਲ ਕੇ ਨਿਗਰਾਨੀ ਹੋਰ ਵਧਾਈ ਜਾਵੇਗੀ ਤੇ ਉਨ੍ਹਾਂ ਇਕੱਠਾਂ ਜਿਨ੍ਹਾਂ ਕਰਕੇ ਬੀਤੇ ਵਿੱਚ ਇਹ ਰੋਗ ਫੈਲਿਆ ਹੈ, ਦੀ ਨਿਸ਼ਾਨਦੇਹੀ ਲਈ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ ਤਾਂ ਜੋ ਅਗਲੇਰੇ ਕਦਮ ਚੁੱਕਣ ਲਈ ਸੇਧ ਮਿਲ ਸਕੇ।


 

  • ਕੰਮ ਵਾਲੀਆਂ ਥਾਵਾਂ/ਦਫ਼ਤਰਾਂ/ਤੰਗ ਥਾਵਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਏਅਰ ਕੰਡੀਸ਼ਨਿੰਗ ਤੇ ਹਵਾਦਾਰੀ/ਹਵਾ ਦੇ ਗੇੜ ’ਤੇ ਸਿਹਤ ਵਿਭਾਗ ਦੀ ਐਡਵਾਈਜ਼ਰੀ ਦੀ ਸਖਤੀ ਨਾਲ ਪਾਲਣਾ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।


 

  • ਦਫ਼ਤਰਾਂ ਵਿੱਚ ਜਨਤਕ ਕੰਮਕਾਜ ਨੂੰ ਲੋੜ ਅਧਾਰਤ ਤੇ ਹੰਗਾਮੀ ਮਸਲਿਆਂ ਨੂੰ ਨਿਪਟਾਉਣ ਤੱਕ ਸੀਮਤ ਕੀਤਾ ਜਾ ਸਕਦਾ ਹੈ।


 

  • ਕੋਵਿਡ ਲਈ ਸੋਧੇ ਹੋਏ ਪ੍ਰਬੰਧਨ ਤੇ ਸੀਮਤ ਰਣਨੀਤੀ ਦੇ ਮੁਤਾਬਕ ਐਸੋਸੀਏਸ਼ਨਾਂ ਦੇ ਮੰਗ ਪੱਤਰਾਂ ਦੀ ਵਿਵਹਾਰਕ ਪੇਸ਼ਕਾਰੀ ਨਹੀਂ ਹੋਵੇਗੀ, ਚਾਹ ਵਰਤਾਉਣ ਆਦਿ ਤੋਂ ਗੁਰੇਜ਼ ਕੀਤਾ ਜਾਵੇਗਾ ਤੇ ਕੰਮ ਵਾਲੀ ਥਾਂ ’ਤੇ ਪੰਜ ਤੋਂ ਵੱਧ ਵਿਅਕਤੀਆਂ ਦਾ ਮੀਟਿੰਗ ਕਰਨਾ ਵੀ ਵਰਜਿਤ ਹੋਵੇਗਾ।


 

  • ਸਿਹਤ ਦੇ ਬੁਨਿਆਦੀ ਢਾਂਚੇ ਦੀ ਪੂਰੀ ਸਮਰੱਥਾ ਅਨੁਸਰ ਵਰਤੋਂ ਨੂੰ ਯਕੀਨੀ ਬਣਾਉਣ ਲਈ ਬਿਨਾਂ ਲੱਛਣ ਵਾਲੇ/ਘੱਟ ਪ੍ਰਭਾਵਿਤ ਮਰੀਜ਼ਾਂ, ਜਿਨ੍ਹਾਂ ਨੂੰ ਹੋਰ ਗੰਭੀਰ ਬਿਮਾਰੀਆਂ/ਸਮੱਸਿਆਵਾਂ ਨਾ ਹੋਣ, ਉਨ੍ਹਾਂ ਨੂੰ ਲੋੜ ਅਨੁਸਾਰ ਕੋਵਿਡ ਇਲਾਜ ਕੇਂਦਰਾਂ/ਘਰੇਲੂ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ।


 

  • ਦੂਜੇ ਤੇ ਤੀਜੇ ਦਰਜੇ ਦੀਆਂ ਸੁਵਿਧਾਵਾਂ ਵਿਚਲੇ ਬੈੱਡ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਨਹੀਂ ਵਰਤੇ ਜਾਣਗੇ। ਦੂਜੇ ਤੇ ਤੀਜੇ ਦਰਜੇ ਦੀ ਸੁਵਿਧਾ ਵਿਚਲੇ ਵਿਅਕਤੀ, ਜਿਸ ਨੂੰ ਇਸ ਦੀ ਹੋਰ ਜ਼ਰੂਰਤ ਨਾ ਹੋਵੇ, ਨੂੰ ਇਸ ਤੋਂ ਹੇਠਲੇ ਪੱਧਰ ਦੀ ਇਲਾਜ ਸੁਵਿਧਾ ਲਈ ਰੈਫਰ ਕੀਤਾ ਜਾਵੇਗਾ।