ਚੰਡੀਗੜ੍ਹ: ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰਾ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਓਧਰ ਨਕੋਦਰ ਤੋਂ ਅਕਾਲੀ ਦਲ ਦੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦੀ ਮੰਗਲਵਾਰ ਸ਼ਾਮ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ।


ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਤਿੰਨ ਵਿਧਾਇਕ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਰਾਜਪੁਰਾ ਤੋਂ ਕਾਂਗਰਸ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਘਨੌਰ ਤੋਂ ਠੇਕੇਦਾਰ ਮਦਨ ਲਾਲ ਜਲਾਲਪੁਰ ਤੇ ਹਲਕਾ ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਕਰੋਨਾ ਤੋਂ ਪੀੜਤ ਹਨ।

ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਕੰਬੋਜ ਤੇ ਚੰਦੂਮਾਜਰਾ ’ਚ ਕਰੋਨਾ ਦਾ ਕੋਈ ਲੱਛਣ ਨਾ ਪਾਏ ਜਾਣ ’ਤੇ ਦੋਵਾਂ ਨੂੰ ਸਿਹਤ ਵਿਭਾਗ ਨੇ ਇਨ੍ਹਾਂ ਦੇ ਪਟਿਆਲਾ ਸਥਿਤ ਘਰਾਂ ਵਿੱਚ ਦੋ ਹਫ਼ਤਿਆਂ ਲਈ ਇਕਾਂਤਵਾਸ ਕੀਤਾ ਹੈ। ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਖ਼ੁਦ ਦਿੱਤੀ ਗਈ ਜਾਣਕਾਰੀ ਦੇ ਹਵਾਲੇ ਨਾਲ ਸਿਵਲ ਸਰਜਨ ਨੇ ਦੱਸਿਆ ਕਿ ਜਲਾਲਪੁਰ ਦਾ ਟੈਸਟ ਦਿੱਲੀ ਵਿਚਲੇ ਇੱਕ ਹਸਪਤਾਲ ਵਿੱਚ ਹੋਇਆ ਹੈ ਤੇ ਰਿਪੋਰਟ ਪੌਜ਼ੇਟਿਵ ਹੈ।

ਦੱਸ ਦਈਏ ਕਿ ਵਿਧਾਨ ਸਭਾ ਦੇ ਸਪੀਕਰ ਨੇ ਸਮੂਹ ਵਿਧਾਇਕਾਂ ਨੂੰ 28 ਅਗਸਤ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਸ਼ੈਸਨ ਤੋਂ ਪਹਿਲਾਂ ਆਪਣੇ ਟੈਸਟ ਕਰਵਾਉਣ ਲਈ ਕਿਹਾ ਸੀ। ਚੰਦੂਮਾਜਰਾ ਦੇ ਨਾਲ ਹੀ ਕਰੋਨਾ ਟੈਸਟ ਕਰਵਾਉਣ ਵਾਲੇ ਜਗਜੀਤ ਸਿੰਘ ਕੋਹਲੀ ਤੇ ਅਕਾਲੀ ਆਗੂ ਜਸਵੀਰ ਸਿੰਘ ਬਘੌਰਾ ਵੀ ਕਰੋਨਾ ਪੌਜ਼ੇਟਿਵ ਪਾਏ ਗਏ ਹਨ।