ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਕਾਰਨ ਰੁਜ਼ਗਾਰ ਦੇ ਮੌਕੇ ਘਟਣ ਕਰਕੇ ਸਾਰੇ ਰਜਿਸਟਰਡ ਉਸਾਰੀ ਕਾਮਿਆਂ ਲਈ ਤਿੰਨ-ਤਿੰਨ ਹਜ਼ਾਰ ਰੁਪਏ ਦੀ ਫੌਰੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ 3.2 ਲੱਖ ਉਸਾਰੀ ਕਾਮਿਆਂ ਦੇ ਬੈਂਕ ਖਾਤਿਆਂ ਵਿੱਚ ਇਹ ਰਕਮ ਪਾ ਦਿੱਤੀ ਜਾਵੇਗੀ। ਇਸ ਉਦੇਸ਼ ਲਈ 96 ਕਰੋੜ ਰੁਪਏ ਜਾਰੀ ਕੀਤੇ ਜਾਣਗੇ।


ਦੱਸ ਦਈਏ ਕਿ ਕੋਰੋਨਾਵਾਇਰਸ ਕਰਕੇ ਕੰਮਕਾਜ ਠੱਪ ਹੋ ਗਿਆ ਹੈ। ਇਸ ਨਾਲ ਸਭ ਤੋਂ ਵੱਧ ਦਿਹਾੜੀਦਾਰ ਕਾਮੇ ਪ੍ਰਭਾਵਿਤ ਹੋ ਰਹੇ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਉਸਾਰੀ ਕਾਮੇ ਹਨ। ਉਨ੍ਹਾਂ ਦਾ ਗੁਜ਼ਾਰਾ ਰੋਜਾਨਾ ਦਿਹਾੜੀ ਦੀ ਕਮਾਈ ਨਾਲ ਹੀ ਚੱਲਦਾ ਹੈ। ਸਰਕਾਰ ਨੇ ਉਨ੍ਹਾਂ ਨੂੰ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਸ ਤਹਿਤ ਰਜਿਸਟਰਡ ਉਸਾਰੀ ਕਾਮਿਆਂ ਦੇ ਖਾਤਿਆਂ ਵਿੱਚ ਤਿੰਨ-ਤਿੰਨ ਹਜ਼ਾਰ ਰੁਪਏ ਪਾਏ ਜਾ ਰਹੇ ਹਨ।