ਚੰਡੀਗੜ੍ਹ: ਮੋਦੀ ਸਰਕਾਰ ਨੇ ਪੰਜਾਬ ਵਿੱਚ ਸ਼ਰਾਬ ਵੇਚਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਤੋਂ ਇਜਾਜ਼ਤ ਮੰਗੀ ਸੀ ਕਿ ਸ਼ਰਾਬ ਵੇਚਣ ਦੀ ਖੁੱਲ੍ਹ ਦਿੱਤੀ ਜਾਵੇ ਕਿਉਂਕਿ ਸੂਬੇ ਨੂੰ ਮਾਲੀਆ ਆਉਣ ਦੇ ਸਾਰੇ ਸ੍ਰੋਤ ਠੱਪ ਹੋ ਗਏ ਹਨ। ਕੇਂਦਰ ਨੇ ਇਹ ਮੰਗ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਸੂਬੇ ’ਚ ਲੌਕਡਾਊਨ ਦੌਰਾਨ ਸ਼ਰਾਬ ਵੇਚਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।


ਸੂਬਾ ਸਰਕਾਰ ਨੇ ਠੇਕੇ ਖੋਲ੍ਹਣ ਜਾਂ ਘਰਾਂ ’ਚ ਸ਼ਰਾਬ ਸਪਲਾਈ ਕਰਨ ਦੀ ਮਨਜ਼ੂਰੀ ਮੰਗੀ ਸੀ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਲੌਕਡਾਊਨ-2 ਦੌਰਾਨ ਸ਼ਰਾਬ, ਗੁਟਕੇ ਤੇ ਤੰਬਾਕੂ ਪਦਾਰਥਾਂ ਦੀ ਵਿਕਰੀ ’ਤੇ ਪਾਬੰਦੀ ਲਾਈ ਗਈ ਸੀ। ਉਨ੍ਹਾਂ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਜਨਤਕ ਥਾਵਾਂ ’ਤੇ ਥੁੱਕਣ ਤੋਂ ਵੀ ਵਰਜਿਆ ਸੀ।

ਸੀਨੀਅਰ ਅਧਿਕਾਰੀ ਨੇ ਕਿਹਾ ਕਿ ਹਾਲਾਤ ਦੇਖਣ ਮਗਰੋਂ ਫ਼ੈਸਲਾ ਲਿਆ ਗਿਆ ਹੈ ਕਿ ਲੌਕਡਾਊਨ ਦੇ ਸਮੇਂ ਦੌਰਾਨ ਪੰਜਾਬ ਸਰਕਾਰ ਨੂੰ ਸ਼ਰਾਬ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਂਝ ਪੰਜਾਬ ਸਰਕਾਰ ਦੇ ਅਧਿਕਾਰੀ ਇਸ ਗੱਲੋਂ ਹੈਰਾਨ ਹਨ ਕਿ ਜੇਕਰ ਸੌਦਾ ਤੇ ਹੋਰ ਵਸਤੂਆਂ ਦੀ ਵਿਕਰੀ ਹੋ ਰਹੀ ਹੈ ਤਾਂ ਸੀਲਬੰਦ ਸ਼ਰਾਬ ਦੀ ਵਿਕਰੀ ਵਿੱਚ ਕੀ ਹਰਜ਼ ਹੈ।