ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿੰਚਾਈ ਵਿਭਾਗ ਹਰੀਕੇ ਜ਼ਿਲ੍ਹਾ ਮੁਕਤਸਰ ਸਾਹਿਬ ਵਿਖੇ ਤਾਇਨਾਤ ਨਹਿਰੀ ਪਟਵਾਰੀ ਸੁਖਮੰਦਰ ਸਿੰਘ ਅਤੇ ਕੋਟਕਪੂਰਾ ਵਿਖੇ ਤਾਇਨਾਤ ਨਹਿਰੀ ਜਿਲੇਦਾਰ ਪੁਰਸ਼ੋਤਮ ਦਾਸ ਨੂੰ 13,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਨਹਿਰੀ ਪਟਵਾਰੀ ਅਤੇ ਨਹਿਰੀ ਜਿਲੇਦਾਰ ਨੂੰ ਸ਼ਿਕਾਇਤਕਰਤਾ ਗੁਰਵਿੰਦਰ ਸਿੰਘ ਵਾਸੀ ਹਰੀਕੇ ਦੀ ਸ਼ਿਕਾਇਤ 'ਤੇ 13,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਦੋਹਾਂ ਦੋਸ਼ੀਆਂ ਵਲੋਂ ਉਸ ਦੇ ਖੇਤ ਲਈ ਨਹਿਰੀ ਪਾਣੀ ਦੀ ਵਾਰੀਬੰਦੀ ਕਰਨ ਬਦਲੇ 30,000 ਰੁਪਏ ਦੀ ਮੰਗ ਕੀਤੀ ਗਈ ਹੈ ਪਰ ਸੌਦਾ 26000 ਰੁਪਏ ਵਿਚ ਤੈਅ ਹੋਇਆ ਹੈ।


ਐਸ.ਐਸ.ਪੀ ਵਿਜੀਲੈਂਸ ਬਿਓਰੋ ਬਠਿੰਡਾ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 13,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚਿਆ ਗਿਆ। ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।