ਚੰਡੀਗੜ੍ਹ: 'ਆਮ ਆਦਮੀ ਪਾਰਟੀ (AAP) ਦੀ ਪੰਜਾਬ ਸਰਕਾਰ ਸੂਬੇ 'ਚ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕਰੇਗੀ ਅਤੇ ਕਿਸੇ ਵੀ ਭ੍ਰਿਸ਼ਟ ਆਗੂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।' ਇਹ ਪ੍ਰਗਟਾਵਾ ਕਰਦਿਆਂ 'ਆਪ' ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਵਿੱਖ 'ਚ ਵੀ ਕਾਨੂੰਨ ਅਨੁਸਾਰ ਭ੍ਰਿਸ਼ਟ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਉਹ ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਜਾਣ 'ਤੇ ਪ੍ਰਤੀਕਿਰਿਆ ਪ੍ਰਗਟ ਕਰ ਰਹੇ ਸੀ।


ਮੰਗਲਵਾਰ ਨੂੰ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟ ਆਗੂਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਕਾਂਗਰਸ ਦੇ ਇੱਕ ਸਾਬਕਾ ਮੰਤਰੀ ਨੂੰ ਅਮਲੋਹ ਤੋਂ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਹੜਾ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਗਏ ਡੀ.ਐਫ਼.ਓ ਗੁਰਮਨਪ੍ਰੀਤ ਸਿੰਘ ਵੱਲੋਂ ਰਿਸ਼ਵਤ ਲੈਣ ਦੇ ਮਾਮਲੇ 'ਚ ਸ਼ਾਮਲ ਪਾਇਆ ਗਿਆ ਹੈ।


ਵਿਰੋਧੀ ਪਾਰਟੀਆਂ ਦੀ ਤਿੱਖੀ ਅਲੋਚਨਾ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ, ''ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਨੇ ਪੰਜਾਬ ਨੂੰ ਲੁੱਟਣ ਲਈ ਆਪਸੀ ਗੱਠਜੋੜ ਕੀਤਾ ਹੋਇਆ ਸੀ ਅਤੇ ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਭ੍ਰਿਸ਼ਟ ਅਤੇ ਧੋਖੇਬਾਜ਼ ਆਗੂਆਂ ਨੂੰ ਕਦੇ ਗ੍ਰਿਫ਼ਤਾਰ ਨਹੀਂ ਕੀਤਾ। ਪਰ ਹੁਣ ਪੰਜਾਬ ਦੇ ਲੋਕਾਂ ਨੇ ਪੁਰਾਣੀ ਵਿਵਸਥਾ ਬਦਲਣ ਲਈ 'ਆਪ' ਦੀ ਸਰਕਾਰ ਬਣਾਈ ਹੈ ਅਤੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੋਰ ਸ਼ੋਰ ਨਾਲ ਕੰਮ ਕਰ ਰਹੀ ਹੈ।''


ਇੱਕ ਸਵਾਲ ਦੇ ਜਵਾਬ 'ਚ ਕੰਗ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਤੇ ਭਾਜਪਾ ਪੰਜਾਬ 'ਚ ਤਬਾਹੀ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ, ਕਿਉਂਕਿ ਇਹ ਪਾਰਟੀਆਂ ਆਪਣੇ ਰਾਜ ਦੌਰਾਨ ਡਰੱਗ ਮਾਫ਼ੀਆ ਅਤੇ ਗੈਂਗਸਟਰ ਨੂੰ ਪਨਾਹ ਦਿੰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ ਅਤੇ ਮੁੱਖ ਮੰਤਰੀ ਮਾਨ ਦੀ ਸਰਕਾਰ ਨੇ ਦੋ ਮਹੀਨਿਆਂ ਦੇ ਅੰਦਰ ਹੀ ਮਾਫ਼ੀਆ ਦੇ ਗੱਠਜੋੜ ਨੂੰ ਤੋੜ ਦਿੱਤਾ ਹੈ। ਕਾਂਗਰਸੀ ਆਗੂਆਂ ਦੇ ਭਾਜਪਾ 'ਚ ਜਾਣ 'ਤੇ ਟਿੱਪਣੀ ਕਰਦਿਆਂ ਕੰਗ ਨੇ ਕਿਹਾ ਕਿ ਉਹ ਭ੍ਰਿਸ਼ਟ ਆਗੂਆਂ ਨੂੰ ਬਚਾਉਣਾ ਚਾਹੁੰਦੇ ਹਨ, ਲੇਕਿਨ ਜਦੋਂ ਮਾਨ ਸਰਕਾਰ ਨੂੰ ਅਜਿਹੇ ਕਿਸੇ ਆਗੂ ਖ਼ਿਲਾਫ਼ ਭ੍ਰਿਸ਼ਟਾਚਾਰ ਜਾਂ ਗ਼ਲਤ ਕੰਮ ਕੀਤੇ ਜਾਣ ਦਾ ਕੋਈ ਸਬੂਤ ਮਿਲਿਆ ਤਾਂ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।


'ਆਪ' ਆਗੂ ਨੇ ਕਿਹਾ, '' 'ਆਪ' ਸਰਕਾਰ ਪੰਜਾਬ 'ਚ ਆਪਣੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਕਸ਼ੇ ਕਦਮ 'ਤੇ ਚੱਲਦਿਆਂ ਸੂਬੇ 'ਚ ਅਸੀਂ ਪਹਿਲਾਂ ਪਾਰਟੀ ਦੇ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕੀਤਾ ਹੈ। ਹੁਣ ਸਾਡੀ ਸਰਕਾਰ ਨੇ ਬਿਨਾਂ ਕਿਸੇ ਪੱਖਪਾਤ ਦੇ ਭ੍ਰਿਸ਼ਟ ਕਾਂਗਰਸੀ ਆਗੂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ।'' ਕੰਗ ਨੇ ਸਪੱਸ਼ਟ ਕੀਤਾ ਕਿ 'ਆਪ' ਸਰਕਾਰ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕਰੇਗੀ ਅਤੇ ਦੋਸ਼ੀ ਪਾਏ ਜਾਣ 'ਤੇ ਅਧਿਕਾਰੀਆਂ ਅਤੇ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Money Laundering Case: ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੇ ਨਜ਼ਦੀਕੀ ਰਿਸ਼ਤੇਦਾਰਾਂ 'ਤੇ ਛਾਪੇ ਦੌਰਾਨ 2.82 ਕਰੋੜ ਨਕਦ, ਸੋਨੇ ਦੇ ਸਿੱਕੇ ਵੀ ਬਰਾਮਦ