ਚੰਡੀਗੜ੍ਹ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਲਈ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਨ੍ਹਾਂ ਖਿਲਾਫ ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ ਹੈ। ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਜਲਦੀ ਹੀ ਆਪਣੀ ਰਿਪੋਰਟ ਸੌਂਪਣ ਜਾ ਰਹੀ ਹੈ। ਇਸ ਰਿਪੋਰਟ 'ਤੇ ਆਧਾਰ 'ਤੇ ਉਨ੍ਹਾਂ ਖਿਲਾਫ ਕਾਰਵਾਈ ਹੋ ਸਕਦੀ ਹੈ।

ਦਰਅਸਲ ਢੱਡਰੀਆਂ ਵਾਲੇ ਖਿਲਾਫ਼ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਹਿਬ ’ਤੇ ਦੇਸ਼-ਵਿਦੇਸ਼ ਤੋਂ ਕਈ ਸ਼ਿਕਾਇਤਾਂ ਪੁੱਜੀਆਂ ਹਨ। ਸ਼ਿਕਾਇਤਾਂ ਦੇ ਨਾਲ-ਨਾਲ ਪ੍ਰਚਾਰ ਦੀਆਂ ਸੀਡੀਆਂ ਤੇ ਵੀਡਿਓ ਵੀ ਸ਼੍ਰੀ ਅਕਾਲ ਤਖ਼ਤ ’ਤੇ ਸੌਂਪੀਆਂ ਗਈਆਂ ਸਨ। ਇਨ੍ਹਾਂ ਵਿੱਚ ਇਲਜ਼ਾਮ ਲਾਇਆ ਗਿਆ ਸੀ ਕਿ ਢੱਡਰੀਆਂ ਵਾਲੇ ਵੱਲੋਂ ਪ੍ਰਚਾਰ ਵੇਲੇ ਸਿੱਖ ਸਿਧਾਂਤਾਂ ਤੇ ਗੁਰਮਤਿ ਦਾ ਕਥਿਤ ਘਾਣ ਕੀਤਾ ਜਾ ਰਿਹਾ ਹੈ। ਇਸ ਨਾਲ ਸਿੱਖਾਂ ਵਿੱਚ ਭਰਾ ਮਾਰੂ ਜੰਗ ਦੇ ਆਸਾਰ ਬਣ ਰਹੇ ਹਨ। ਸ਼ਿਕਾਇਤਾਂ ਕਰਨ ਵਾਲਿਆਂ ਨੇ ਢੱਡਰੀਆਂ ਵਾਲੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।

ਇਸ ਮਗਰੋਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮਾਮਲੇ ਨੂੰ ਵਿਚਾਰਨ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਹੁਣ ਸਾਰਾ ਮਾਮਲਾ ਵਿਚਾਰਨ ਉਪਰੰਤ ਕਮੇਟੀ ਨੇ ਢੱਡਰੀਆਂ ਵਾਲੇ ਨਾਲ ਮੀਟਿੰਗ ਕਰਕੇ ਵਿਚਾਰ-ਚਰਚਾ ਕਰਨ ਦਾ ਫੈਸਲਾ ਕੀਤਾ ਹੈ। ਢੱਡਰੀਆਂ ਵਾਲੇ ਨੂੰ ਮੀਟਿੰਗ ਲਈ ਬੁਲਾਇਆ ਜਾ ਰਿਹਾ ਹੈ। ਕਮੇਟੀ ਵੱਲੋਂ ਮੁਲਾਕਾਤ ਲਈ ਫਿਲਹਾਲ ਸਮਾਂ ਤੇ ਸਥਾਨ ਤੈਅ ਨਹੀਂ ਕੀਤਾ ਗਿਆ ਹੈ। ਮੁਲਾਕਾਤ ਮਗਰੋਂ ਕਮੇਟੀ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਨੂੰ ਸੌਂਪੇਗੀ, ਜਿਸ ਨੂੰ ਵਿਚਾਰਨ ਮਗਰੋਂ ਪੰਜ ਸਿੰਘ ਸਾਹਿਬਾਨ ਵੱਲੋਂ ਫੈਸਲਾ ਕੀਤਾ ਜਾਵੇਗਾ।

ਕਮੇਟੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਖਾਲਸਾ ਕਾਲਜ, ਚੰਡੀਗੜ੍ਹ ਤੇ ਲੁਧਿਆਣਾ ਤੋਂ ਸਿੱਖ ਵਿਦਵਾਨ ਸ਼ਾਮਲ ਹਨ। ਪੰਜ ਮੈਂਬਰੀ ਕਮੇਟੀ ਤੋਂ ਇਲਾਵਾ ਇੱਕ ਕੁਆਰਡੀਨੇਟਰ ਵੀ ਬਣਾਇਆ ਗਿਆ ਹੈ। ਇਸ ਮੁੱਦੇ ਨੂੰ ਵਿਚਾਰਨ ਮਗਰੋਂ ਕਮੇਟੀ ਇੱਕ ਵਾਰ ਇਹ ਮਾਮਲਾ ਢੱਡਰੀਆਂ ਵਾਲਾ ਨਾਲ ਮੁਲਾਕਾਤ ਕਰਕੇ ਵਿਚਾਰਨਾ ਚਾਹੁੰਦੀ ਹੈ ਤਾਂ ਜੋ ਕੁਝ ਸ਼ੰਕਿਆਂ ਦਾ ਨਿਬੇੜਾ ਕੀਤਾ ਜਾ ਸਕੇ।