ਅੰਮ੍ਰਿਤਸਰ : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਮੱਧ ਪ੍ਰਦੇਸ਼ ਵਿੱਚ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੂੰ ਅੱਜ ਉਸ ਵੇਲੇ ਨਾਜਾਇਜ ਹਥਿਆਰਾਂ ਦੇ ਮਾਮਲੇ 'ਚ ਵੱਡੀ ਕਾਮਯਾਬੀ ਮਿਲੀ, ਜਦ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਦੇ ਖਾਰਗਾਓਂ ਇਲਾਕੇ 'ਚ ਪੰਜਾਬ ਪੁਲਿਸ ਵੱਲੋਂ ਕੀਤੇ ਆਪ੍ਰੇਸ਼ਨ ਤਹਿਤ 55 ਪਿਸਤੌਲ ਬਰਾਮਦ ਕੀਤੇ ਗਏ। ਕਾਊੰਟਰ ਇੰਟੈਲੀਜੈਂਸ ਅੰਮ੍ਰਿਤਸਰ ਤੋਂ ਬੀਤੇ ਕੱਲ ਹੀ ਮੱਧ ਪ੍ਰਦੇਸ਼ ਲਈ ਦੋ ਟੀਮਾਂ ਰਵਾਨਾ ਕੀਤੀਆਂ ਗਈਆਂ ਸਨ। 


 

ਪੁਲਿਸ ਨੇ ਦੋ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਐਮਪੀ ਤੋਂ ਪੰਜਾਬ ਦੇ ਨਾਲ-ਨਾਲ ਦੂਜੇ ਰਾਜਾਂ ਨੂੰ ਵੀ ਵੱਡੇ ਪੱਧਰ 'ਤੇ ਹਥਿਆਰ ਸਪਲਾਈ ਕਰਦੇ ਸਨ। ਪਿਛਲੇ ਕਈ ਦਿਨਾਂ ਤੋਂ ਇਨਾਂ ਹਥਿਆਰਾਂ ਬਾਬਤ ਮਿਲੇ ਸੁਰਾਗ ਦਾ ਖੁਰਾਖੋਜ ਲੱਭਦਿਆਂ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਦੇ ਨਜ਼ਦੀਕ ਖਾਰਗਾਓਂ ਵਿਖੇ ਏਨਾ ਦੋਵਾਂ ਮੁਲਜਮਾਂ ਦੀ ਪੈੜ ਨੱਪੀ ਸੀ ਤੇ ਹਥਿਆਰਾਂ ਦੀ ਭਾਰੀ ਖੇਪ ਸਮੇਤ ਇਨ੍ਹਾਂ ਮੁਲਜਮਾਂ ਨੂੰ ਕਾਬੂ ਕੀਤਾ। 

 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 32 ਬੋਰ ਅਤੇ 30 ਬੋਰ ਦੀਆਂ 55 ਪਿਸਤੌਲਾਂ ਬਰਾਮਦ ਕੀਤੀਆਂ ਹਨ। ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਪੁਲੀਸ ਦੀ ਮਦਦ ਨਾਲ ਮੁਲਜ਼ਮਾਂ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਟੀਮ ਨੇ ਅੰਮ੍ਰਿਤਸਰ ਦੇ ਰੇਲਵੇ ਕਰਾਸਿੰਗ ਵਾਲਾ ਮੰਡੀ ਤੋਂ ਦੋ ਵਿਅਕਤੀਆਂ ਨੂੰ ਚਾਰ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਤਿੰਨ ਹਫ਼ਤਿਆਂ ਬਾਅਦ ਕਾਊਂਟਰ ਇੰਟੈਲੀਜੈਂਸ ਨੇ ਅਗਲੀ ਕਾਰਵਾਈ ਕੀਤੀ। ਇਸ ਸਬੰਧੀ ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25/54/59 ਅਤੇ ਆਈਪੀਸੀ ਦੀ ਧਾਰਾ 120-ਬੀ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।

ਡੀਜੀਪੀ ਯਾਦਵ ਨੇ ਦੱਸਿਆ ਕਿ ਬੈਕਵਰਡ ਅਤੇ ਫਾਰਵਰਡ ਲਿੰਕੇਜ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲ੍ਹੇ ਵਿੱਚ ਸਥਿਤ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਨਿਰਮਾਤਾ ਅਤੇ ਸਪਲਾਇਰ ਦੁਆਰਾ ਸਪਲਾਈ ਕੀਤੇ ਗਏ ਸਨ। ਇਨ੍ਹਾਂ ਸੂਚਨਾਵਾਂ ਤੋਂ ਬਾਅਦ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਤੋਂ 15 ਮੈਂਬਰੀ ਟੀਮ ਮੰਗਲਵਾਰ ਨੂੰ ਐਮ.ਪੀ. ਟੀਮ ਨੇ ਵੀਰਵਾਰ ਨੂੰ ਇਨ੍ਹਾਂ ਦੋਵਾਂ ਹਥਿਆਰਾਂ ਦੇ ਸਪਲਾਇਰਾਂ ਨੂੰ ਟਰੇਸ ਕਰਨ ਅਤੇ ਉਨ੍ਹਾਂ ਨੂੰ ਫੜਨ ਵਿਚ ਕਾਮਯਾਬੀ ਹਾਸਲ ਕੀਤੀ।

 

ਉਨ੍ਹਾਂ ਕਿਹਾ ਕਿ ਕਾਰਵਾਈ ਅਜੇ ਜਾਰੀ ਹੈ ਅਤੇ ਹੋਰ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਅੰਦਰੋਂ ਸਮਾਜ ਵਿਰੋਧੀ ਅਨਸਰਾਂ ਨੂੰ ਫੜਨ ਤੋਂ ਬਾਅਦ ਹੁਣ ਪੁਲਿਸ ਨੇ ਸੂਬੇ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਇਨ੍ਹਾਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਨੂੰ ਮੁੱਢਲੇ ਤੌਰ 'ਤੇ ਖਤਮ ਕਰਨ ਲਈ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।