ਫ਼ਰੀਦਕੋਟ: ਕੋਟਕਪੂਰਾ ਗੋਲ਼ੀਕਾਂਡ ਵਿੱਚ ਸਬੂਤਾਂ ਨਾਲ ਛੇੜਛਾੜ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਤਤਕਾਲੀ ਡੀਐਸਪੀ ਬਲਜੀਤ ਸਿੰਘ ਸਿੱਧੂ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। DSP ਸਿੱਧੂ 'ਤੇ ਘਟਨਾ ਵਾਲੇ ਦਿਨ ਪੁਲਿਸ ਦੀ ਗੋਲ਼ੀ ਲੱਗਣ ਨਾਲ ਜਖ਼ਮੀ ਹੋਏ ਅਜੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਸਬੂਤ ਨਸ਼ਟ ਕਰਨ ਦੇ ਇਲਜ਼ਾਮ ਹਨ।


ਜਾਣਕਾਰੀ ਮੁਤਾਬਕ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਫ਼ਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਇਸ ਵਿੱਚ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤੋਂ ਇਲਾਵਾ ਪੰਜ ਪੁਲਿਸ ਅਧਿਕਾਰੀਆਂ ਖ਼ਿਲਾਫ਼ ਵੀ ਚਲਾਨ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ SSP ਚਰਨਜੀਤ ਸਿੰਘ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਅਤੇ ਦੋਵਾਂ ਨੂੰ ਇਸ ਕੇਸ ਵਿੱਚ ਜ਼ਮਾਨਤ ਵੀ ਮਿਲ ਚੁੱਕੀ ਹੈ, ਜਦਕਿ ਸਾਬਕਾ ਵਿਧਾਇਕ ਮਨਤਾਰ ਬਰਾੜ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਮਿਲੀ ਹੋਈ ਹੈ।

ਅਦਾਲਤ ਵਿੱਚ ਦਾਖਲ ਚਾਰਜਸ਼ੀਟ ਵਿੱਚ ਐੱਸਆਈਟੀ ਨੇ ਇਨ੍ਹਾਂ ਤਿੰਨਾਂ ਤੋਂ ਇਲਾਵਾ ਤਤਕਾਲੀਨ ADCP ਲੁਧਿਆਣਾ ਪਰਮਜੀਤ ਸਿੰਘ, ਤਤਕਾਲੀਨ ਡੀਐੱਸਪੀ ਕੋਟਕਪੂਰਾ ਬਲਜੀਤ ਸਿੰਘ ਅਤੇ ਥਾਣਾ ਸਿਟੀ ਮੁਖੀ ਗੁਰਦੀਪ ਸਿੰਘ ਪੰਧੇਰ ਨੂੰ ਵੀ ਮੁਲਜ਼ਮ ਨਾਮਜ਼ਦ ਕੀਤਾ ਗਿਆ ਹੈ। ਇਸ ਮਗਰੋਂ ਇਹ ਤਿੰਨੇ ਅਧਿਕਾਰੀ ਗ੍ਰਿਫ਼ਤਾਰੀ ਤੋਂ ਬਚਣ ਲਈ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਝਾਕ ਵਿੱਚ ਸਨ।

ਐਸਆਈਟੀ ਨੇ ਅਦਾਲਤ ਨੂੰ ਦੱਸਿਆ ਸੀ ਕਿ ਡੀਐੱਸਪੀ ਬਲਜੀਤ ਸਿੰਘ ਸਿੱਧੂ ਨੇ ਘਟਨਾ ਵਾਲੇ ਦਿਨ ਸੀਸੀਟੀਵੀ ਫੁਟੇਜ, ਵੀਡੀਓਗ੍ਰਾਫੀ ਸਮੇਤ ਹੋਰ ਅਹਿਮ ਸਬੂਤ ਨਸ਼ਟ ਕਰਨ ਦੇ ਨਾਲ-ਨਾਲ ਘਟਨਾ ਵਿੱਚ ਜਖ਼ਮੀ ਆਦਮੀਆਂ ਦੀ ਸ਼ਿਕਾਇਤ 'ਤੇ ਕਾਰਵਾਈ ਨਹੀਂ ਸੀ ਕੀਤੀ।