Punjab News: ਕੋਟਕਪੂਰਾ ਗੋਲੀ ਕਾਂਡ ਵਿੱਚ ਬਾਦਲ ਪਰਿਵਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਫਰੀਦਕੋਟ ਦੀ ਅਦਾਲਤ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਝਟਕਾ ਲੱਗ ਹੈ। ਇਲਾਕਾ ਮੈਜਿਸਟਰੇਟ ਦੀ ਅਦਾਲਤ ਨੇ ਸੁਖਬੀਰ ਬਾਦਲ ਵੱਲੋਂ ਚਲਾਨ ਦੀਆਂ ਨਕਲਾਂ ਲੈਣ ਲਈ ਦਿੱਤੀ ਅਰਜ਼ੀ ਰੱਦ ਕਰ ਦਿੱਤੀ ਹੈ।
ਹਾਸਲ ਜਾਣਕਾਰੀ ਮੁਤਾਬਕ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਚਲਾਨ ਦੀਆਂ ਨਕਲਾਂ ਲੈਣ ਲਈ ਅਰਜ਼ੀ ਦਿੱਤੀ ਗਈ ਸੀ। ਵਧੀਕ ਚੀਫ਼ ਜੁਡੀਸ਼ਲ ਮੈਜਿਸਟਰੇਟ ਅਜੈਪਾਲ ਸਿੰਘ ਨੇ ਇਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਜਾਂਚ ਟੀਮ ਵੱਲੋਂ ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਨਾਮਜ਼ਦ ਕਰ ਕੇ 7 ਹਜ਼ਾਰ ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਉਹ ਇਸ ਕੇਸ ਵਿੱਚ ਜ਼ਮਾਨਤ ਲੈਣ ਲਈ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਅਰਜ਼ੀ ਦੇ ਚੁੱਕੇ ਹਨ ਜਿਸ ਵਿੱਚ ਬਹਿਸ ਲਈ ਉਨ੍ਹਾਂ ਨੂੰ ਚਲਾਨ ਦੀਆਂ ਨਕਲਾਂ ਦੀ ਜ਼ਰੂਰਤ ਹੈ।
ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਬਾਦਲ ਦੀ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਕਾਨੂੰਨ ਮੁਤਾਬਕ ਮੁਲਜ਼ਮ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਹੀ ਚਲਾਨ ਦੀਆਂ ਨਕਲਾਂ ਹਾਸਲ ਕਰ ਸਕਦਾ ਹੈ। ਅਦਾਲਤ ਨੇ ਸੁਖਬੀਰ ਬਾਦਲ ਨੂੰ ਇਸ ਵੇਲੇ ਚਲਾਨ ਦੀਆਂ ਨਕਲਾਂ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਉਸ ਦੀ ਅਰਜ਼ੀ ਖਾਰਜ ਕਰ ਦਿੱਤੀ।
ਇਸੇ ਕੇਸ ਵਿੱਚ ਫ਼ਰੀਦਕੋਟ ਦੇ ਸਾਬਕਾ ਐਸਐਸਪੀ ਸੁਖਮਿੰਦਰ ਮਾਨ ਨੇ ਵੀ ਚਲਾਨ ਦੀਆਂ ਨਕਲਾਂ ਮੰਗੀਆਂ ਹਨ ਜਿਸ ਉੱਪਰ ਅੱਜ ਸੁਣਵਾਈ ਹੋਵੇਗੀ। ਇਸੇ ਤਰ੍ਹਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਉੱਪਰ ਅੱਜ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਸੁਣਵਾਈ ਹੋਣੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Rohit Shetty B’day: ਰੋਹਿਤ ਸ਼ੈੱਟੀ ਦੀ ਪਹਿਲੀ ਤਨਖਾਹ ਸੀ 35 ਰੁਪਏ, ਅੱਜ ਹਨ ਬਾਲੀਵੁੱਡ ਦੇ ਟਾਪ ਡਾਇਰੈਕਟਰ, ਕਰੋੜਾਂ 'ਚ ਹੈ ਕਮਾਈ