ਚੰਡੀਗੜ੍ਹ: ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਸਿਹਰਾ ਦਿੱਤਾ। ਹਾਲਾਂਕਿ, ਉਨ੍ਹਾਂ ਅਫਸੋਸ ਜਤਾਇਆ ਕਿ ਸਿੱਧੂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਨਹੀਂ ਹੋਏ।
ਇਸ ਦੇ ਨਾਲ ਹੀ ਰੰਧਾਵਾ ਨੇ ਸਿੱਧੂ ਨੂੰ ਲਾਂਘਾ ਖੋਲ੍ਹਣ 'ਤੇ ਪਾਕਿਸਤਾਨੀ ਸਰਕਾਰ ਦਾ ਧੰਨਵਾਦ ਕਰਨ ਲਈ ਪਾਕਿਸਤਾਨ ਜਾਣ ਵਾਲੇ ਪਹਿਲੇ ਜਥੇ 'ਚ ਸ਼ਾਮਲ ਹੋਣ ਦੀ ਵੀ ਪੇਸ਼ਕਸ਼ ਕੀਤੀ। ਇਸ ਸਭ ਗੱਲਾਂ ਰੰਧਾਵਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਮੌਕੇ ਰੱਖੇ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਯਾਦਗਾਰੀ ਸੈਸ਼ਨ ਦੌਰਾਨ ਕਹੀਆਂ।
ਰੰਧਾਵਾ ਦੇ ਇਸ ਬਿਆਨ 'ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਲਾਂਘਾ ਖੋਲ੍ਹਣ ਵਿੱਚ ਹਰੇਕ ਵਿਅਕਤੀ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਪਰ ਇਸ ਦਾ ਸਿਹਰਾ ਬਾਬਾ ਨਾਨਕ ਨੂੰ ਜਾਂਦਾ ਹੈ।
ਜਾਖੜ ਨੇ ਕਿਹਾ, 'ਮੈਂ ਇਸ ਗੱਲ ਨਾਲ ਸਹਿਮਤ ਹਾਂ ਕਿ ਸਿੱਧੂ ਪ੍ਰੋਜੈਕਟ ਨੂੰ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਸਨ ਤੇ ਉਨ੍ਹਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਹਾਲਾਂਕਿ ਜਨਰਲ ਬਾਜਵਾ ਨੇ ਇਮਰਾਨ ਖਾਨ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਸਿੱਧੂ ਨੂੰ ਇਹ ਖ਼ਬਰ ਦਿੱਤੀ ਸੀ। ਇਸ ਲਈ ਇਹ ਸਪਸ਼ਟ ਤੌਰ 'ਤੇ ਪਾਕਿਸਤਾਨੀ ਫੌਜ ਦੀ ਯੋਜਨਾ ਹੈ ਤੇ ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ।'