(Source: ECI/ABP News/ABP Majha)
Punjab News: ਧੀ ਨੂੰ ਨੌਕਰੀ ਦੇ ਭਰੋਸੇ ਮਗਰੋਂ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦਾ ਸਸਕਾਰ
Punjab news: ਪ੍ਰੋਫੈਸਰ ਬਲਵਿੰਦਰ ਕੌਰ ਦਾ ਸਸਕਾਰ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਭਰੋਸਾ ਦੇਣ ਮਗਰੋਂ ਪਰਿਵਾਰ ਸਸਕਾਰ ਲਈ ਰਾਜੀ ਹੋ ਗਿਆ। ਸਰਕਾਰ ਵੱਲੋਂ ਮ੍ਰਿਤਕ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ
Punjab News: ਖੁਦਕੁਸ਼ੀ ਕਰਨ ਵਾਲੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦਾ ਸਸਕਾਰ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਭਰੋਸਾ ਦੇਣ ਮਗਰੋਂ ਪਰਿਵਾਰ ਸਸਕਾਰ ਲਈ ਰਾਜੀ ਹੋ ਗਿਆ। ਸਰਕਾਰ ਵੱਲੋਂ ਮ੍ਰਿਤਕ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ।
ਦੱਸ ਦਈਏ ਕਿ ਪਰਿਵਾਰ ਨੇ ਇਨਸਾਫ ਮਿਲਣ ਤੱਕ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਰਕੇ ਪ੍ਰਸਾਸ਼ਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਸੀ। ਅੱਜ ਅਧਿਕਾਰੀਆਂ ਨੇ ਪਰਿਵਾਰ ਨਾਲ ਮੀਟਿੰਗ ਕਰਕੇ ਮ੍ਰਿਤਕ ਪ੍ਰੋਫੈਸਰ ਦੀ ਧੀ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ। ਇਸ ਮਗਰੋਂ ਪਰਿਵਾਰ ਸਸਕਾਰ ਲਈ ਸਹਿਮਤ ਹੋ ਗਿਆ।
ਦੂਜੇ ਪਾਸੇ 1158 ਸਹਾਇਕ ਪ੍ਰੋਫੈਸਰ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪ੍ਰਸ਼ਾਸਨ ’ਤੇ ਇਲਜ਼ਾਮ ਲਗਾਏ ਗਏ ਹਨ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਪਰਿਵਾਰ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।
ਜ਼ਿਕਰ ਕਰ ਦਈਏ ਕਿ ਧਰਨਾ ਦੇਣ ਵਾਲਿਆਂ ਨੇ ਦੱਸਿਆ ਹੈ ਕਿ 20 ਅਕਤੂਬਰ ਨੂੰ ਪ੍ਰੋ. ਬਲਜਿੰਦਰ ਕੌਰ ਨੇ ਸਰਹਿੰਦ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਬਲਵਿੰਦਰ ਕੌਰ ਨੇ ਖੁਦਕੁਸ਼ੀ ਨੋਟ ਵਿਚ ਆਪਣੀ ਮੌਤ ਦਾ ਜ਼ਿੰਮੇਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਠਹਿਰਾਇਆ ਸੀ। ਕਿਉਂਕਿ 1158 ਫਰੰਟ ਦੇ ਸਾਥੀ ਪਿਛਲੇ 50 ਦਿਨਾਂ ਤੋਂ ਪਿੰਡ ਗੰਭੀਰਪੁਰ ’ਚ ਧਰਨੇ ’ਤੇ ਬੈਠੇ ਸਨ। ਇਸ ਦੇ ਬਾਵਜੂਦ ਸਿੱਖਿਆ ਮੰਤਰੀ ਬੈਂਸ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਬਲਵਿੰਦਰ ਕੌਰ ਦੀ ਲਾਸ਼ 23 ਅਕਤੂਬਰ ਨੂੰ ਨਹਿਰ ’ਚੋਂ ਬਰਾਮਦ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਪਿਛਲੇ 25 ਸਾਲਾਂ ਤੋਂ ਕੋਈ ਪੱਕੀ ਭਰਤੀ ਨਹੀਂ ਹੋਈ ਹੈ। ਦਸੰਬਰ, 2021 ’ਚ 1158 ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਦੀ ਭਰਤੀ ਹੋਈ ਸੀ। ਪਿਛਲੇ ਲਗਪਗ ਦੋ ਸਾਲਾਂ ਤੋਂ ਇਹ ਭਰਤੀ ਕਾਂਗਰਸ ਅਤੇ ‘ਆਪ’ ਸਰਕਾਰ ਦੀ ਢਿੱਲੀ ਨੀਤੀ ਕਾਰਨ ਹਾਈ ਕੋਰਟ ਵਿਚ ਲਟਕ ਰਹੀ ਹੈ। ਇਸ ਤੋਂ ਨਿਰਾਸ਼ ਹੋ ਕੇ ਪ੍ਰੋਫੈਸਰ ਬਲਵਿੰਦਰ ਕੌਰ ਨੇ ਆਪਣੀ ਜਾਨ ਦੇ ਦਿੱਤੀ। ਪ੍ਰਦਰਸ਼ਕਾਰੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।