Sangrur by election 2022: ਸੰਗਰੂ੍ਰਰ ਲੋਕ ਸਭਾ ਸੀਟ ਲਈ ਉੱਪ ਚੋਣਾਂ ਨੂੰ ਲੈਕੇ ਪੰਜਾਬ `ਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਇਸ ਦਰਮਿਆਨ ਸਿਆਸੀ ਪਾਰਟੀਆਂ ਵੱਲੋਂ ਤਲਖ਼ ਬਿਆਨਬਾਜ਼ੀਆਂ ਦਾ ਦੌਰ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸੂਬੇ ’ਚ ਕਤਲ ਤੇ ਕੁੱਟਮਾਰ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਕਾਰਨ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਤੀ ਵਿਗੜ ਰਹੀ ਹੈ। ਸੰਗਰੂਰ ਜ਼ਿਮਨੀ ਚੋਣ ਵਿੱਚ ਪ੍ਰਚਾਰ ਕਰਦਿਆਂ ਉਨ੍ਹਾਂ ਆਖਿਆ ਕਿ ਹੁਣ ਲੋਕਾਂ ਨੂੰ ਬਦਲਾਅ ਦੇ ਝਾਂਸੇ ਵਿੱਚ ਆ ਕੇ ਪਹਿਲਾਂ ਕੀਤੀ ਗਲਤੀ ਦੋਬਾਰਾ ਨਹੀਂ ਕਰਨੀ ਚਾਹੀਦੀ।
ਇਸ ਦੇ ਨਾਲ ਹੀ ਅਕਾਲੀ ਦਲ ਦੇ ਸੁਪਰੀਮੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਹਿਤੈਸ਼ੀ ਪਾਰਟੀ ਹੈ ਤੇ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬੀਅਤ ਦੀ ਭਲਾਈ ਲਈ ਠੋਸ ਕਦਮ ਚੁੱਕੇ ਗਏ ਸਨ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁਫਤ ਤਾਂ ਕੀ 24 ਘੰਟੇ ਬਿਜਲੀ ਦੇਣ ਵਿੱਚ ਵੀ ਅਸਫਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 23 ਜੂਨ ਤੋਂ ਬਾਅਦ ਲੋਕ ਸਭਾ ਹਲਕਾ ਸੰਗਰੂਰ ਵਿੱਚ ਲੰਮੇ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਜਾਣਗੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮੇਂ ਰਾਜੋਆਣਾ ਨੂੰ ਫਾਂਸੀ ਦੇਣ ਲਈ ਸੁਪਰੀਮ ਕੋਰਟ ਤੋਂ ਚਿੱਠੀ ਆਈ ਪਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੀਫ ਸੈਕਟਰੀ ਪੰਜਾਬ ਨੂੰ ਚਿੱਠੀ ’ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੜਿੱਕਾ ਬਣੇ ਹੋਏ ਹਨ।