Punjab Cabinet Meeting: ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਬਜਟ ਸੈਸ਼ਨ ਦੀਆਂ ਤਰੀਕਾਂ ਬਾਰੇ ਲਿਆ ਜਾ ਸਕਦਾ ਫੈਸਲਾ
ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ 13 ਮਾਰਚ ਯਾਨੀਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੱਦੀ ਗਈ ਹੈ। ਭਾਵੇਂ ਇਸ ਮੀਟਿੰਗ ਦਾ ਅਧਿਕਾਤ ਏਜੰਡਾ ਮੌਕੇ ਉੱਤੇ ਹੀ ਜਾਰੀ ਕੀਤਾ ਜਾਵੇਗਾ, ਪਰ ਜਾਣਕਾਰੀ ਮੁਤਾਬਕ ਇਸ ਮੀਟਿੰਗ..

Punjab Cabinet Meeting: ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ 13 ਮਾਰਚ ਯਾਨੀਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੱਦੀ ਗਈ ਹੈ। ਭਾਵੇਂ ਇਸ ਮੀਟਿੰਗ ਦਾ ਅਧਿਕਾਤ ਏਜੰਡਾ ਮੌਕੇ ਉੱਤੇ ਹੀ ਜਾਰੀ ਕੀਤਾ ਜਾਵੇਗਾ, ਪਰ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਬਜਟ ਸੈਸ਼ਨ ਦੀਆਂ ਤਰੀਕਾਂ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੇ ਨਾਲ ਹੀ ਇਹ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਸਰਕਾਰ ਲੋਕਾਂ ਲਈ ਕੁਝ ਹੋਰ ਸਹੂਲਤਾਂ ਦਾ ਐਲਾਨ ਕਰ ਸਕਦੀ ਹੈ।
ਮੰਤਰੀ ਮੰਡਲ ਦੀ ਮੀਟਿੰਗ ਵਿਚ ਨਸ਼ਿਆਂ ਵਿਰੁਧ ਚੱਲ ਰਹੀ ਮੁਹਿੰਮ ਦਾ ਵੀ ਮੁੱਖ ਮੰਤਰੀ ਵਲੋਂ ਜਾਇਜ਼ਾ ਲਿਆ ਜਾਵੇਗਾ ਅਤੇ ਇਸ ਨੂੰ ਹੋਰ ਅੱਗੇ ਵਧਾਉਣ ਲਈ ਵਿਚਾਰ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਨੂੰ ਰਾਹਤ ਦੇਣ ਵਾਲਾ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਸੂਬੇ ਦੀ ਵਿੱਤੀ ਹਾਲਤ ਉਪਰ ਵੀ ਚਰਚਾ ਹੋਣ ਦੇ ਆਸਾਰ ਹਨ।
ਪਿਛਲੇ ਮਹੀਨੇ ਪੰਜਾਬ ਸਰਕਾਰ ਨੇ 24 ਤੇ 25 ਫਰਵਰੀ ਨੂੰ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਇਸ ਤੋਂ ਬਾਅਦ ਇਸ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ।ਹੁਣ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੈਸ਼ਨ ਨੂੰ ਖ਼ਤਮ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਹੁਣ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਅੱਜ ਦੀ ਬੈਠਕ ਦੇ ਵਿੱਚ ਇਸ ਸਬੰਧ ਵਿੱਚ ਤਾਰੀਖ ਦਾ ਐਲਾਨ ਕਰ ਸਕਦੀ ਹੈ।
ਪਿਛਲੇ ਸਾਲ ਬਜਟ 5 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਵੱਲੋਂ ਪੇਸ਼ ਕੀਤਾ ਗਿਆ ਸੀ। ਪੰਜਾਬ ਬਜਟ 2024-25 ਵਿੱਚ ਕੁੱਲ ₹2,04,918 ਕਰੋੜ ਦਾ ਖਰਚਾ ਸੀ, ਜੋ ਖੇਤੀਬਾੜੀ, ਸਿੱਖਿਆ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ‘ਤੇ ਕੇਂਦ੍ਰਿਤ ਸੀ। ਖੇਤੀਬਾੜੀ ਲਈ ₹13,784 ਕਰੋੜ ਅਲਾਟ ਕੀਤੇ ਗਏ ਹਨ, ਜਿਸ ਵਿੱਚ ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ ₹9,330 ਕਰੋੜ ਸ਼ਾਮਲ ਹਨ। ਸਿੱਖਿਆ ਖੇਤਰ ਨੂੰ ₹16,987 ਕਰੋੜ ਪ੍ਰਾਪਤ ਹੁੰਦੇ ਹਨ, ਜਿਸ ਵਿੱਚ ‘ਸਕੂਲ ਆਫ ਹੈਪੀਨੇਸ’ ਵਰਗੀਆਂ ਪਹਿਲਕਦਮੀਆਂ ਸ਼ਾਮਲ ਹਨ।






















