ਚੰਡੀਗੜ੍ਹ : ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਖੁਸ਼ ਕਰਨ ਦੀ ਕੋਸ਼ਿਸ ਕੀਤੀ ਹੈ। ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (ਡੀ.ਏ.) ਦੀ 6 ਫੀਸਦੀ ਕਿਸ਼ਤ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁਲਾਜ਼ਮਾਂ/ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਹੁਣ 119 ਫੀਸਦੀ ਤੋਂ ਵੱਧ ਕੇ 125 ਫੀਸਦੀ ਹੋ ਗਿਆ ਜਿਸ ਸਬੰਧੀ ਵਿੱਤ ਵਿਭਾਗ ਵੱਲੋਂ ਬਾਕਾਇਦਾ ਅਧਿਸੂਚਨਾ ਜਾਰੀ ਕੀਤੀ ਗਈ।

ਇੱਕ ਬਿਆਨ ਰਾਹੀਂ ਵਿੱਤ ਮੰਤਰੀ ਨੇ ਦੱਸਿਆ ਕਿ ਐਲਾਨੀ ਮਹਿੰਗਾਈ ਭੱਤੇ ਦੀ ਕਿਸ਼ਤ ਪਹਿਲੀ ਨਵੰਬਰ 2016 ਤੋਂ ਲਾਗੂ ਹੋਵੇਗੀ ਅਤੇ ਮੁਲਾਜ਼ਮਾਂ/ਪੈਨਸ਼ਨਰਾਂ ਨੂੰ ਨਵੰਬਰ ਮਹੀਨੇ ਦੀ ਤਨਖਾਹ/ਪੈਨਸ਼ਨ 125 ਫੀਸਦੀ ਡੀ.ਏ. ਨਾਲ ਮਿਲੇਗੀ। ਵਿੱਤ ਮੰਤਰੀ ਨੇ ਵਿਦੇਸ਼ਾਂ ਵਿੱਚ ਵਸੇ ਸੇਵਾਮੁਕਤ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਇਹ ਫੈਸਲਾ ਵੀ ਕੀਤਾ ਕਿ ਉਨ੍ਹਾਂ ਦੀ ਪੈਨਸ਼ਨ ਨਾਲ ਡੀ.ਏ. ਲਾਗੂ ਰਹੇਗਾ।

ਉਨ੍ਹਾਂ ਦੱਸਿਆ ਕਿ ਵਿਦੇਸ਼ੀ ਨਾਗਰਿਕਤਾ ਹਾਸਲ ਕਰਨ ਵਾਲੇ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਦੀ ਪੈਨਸ਼ਨ ਨਾਲੋਂ ਡੀ.ਏ. ਖਤਮ ਕਰਨ ਸਬੰਧੀ ਜਾਰੀ ਪੱਤਰ ਨੂੰ ਵਾਪਸ ਲੈਂਦਿਆਂ ਮੁੜ ਡੀ.ਏ.ਬਹਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ।