ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਆਪਣੀਆਂ ਸਾਰੀਆਂ ਸ਼ਕਤੀਆਂ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਕਿਹਾ ਸੀ ਕਿ ਪੰਜਾਬ ਸਰਕਾਰ ਦਿੱਲੀ ਤੋਂ ਹੀ ਚੱਲੇਗੀ, ਉਹ ਗੱਲ ਹੁਣ ਸੱਚ ਸਾਬਤ ਹੋ ਰਹੀ ਹੈ।


ਚੀਮਾ ਨੇ ਕਿਹਾ ਕਿ ਪੰਜਾਬ ਦੇ ਵਿਧਾਇਕ ਤੇ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਦੇ ਹਨ ਤਾਂ ਇਸ 'ਤੇ ਕੋਈ ਇਤਰਾਜ਼ ਨਹੀਂ ਹੈ, ਪਰ ਪੰਜਾਬ ਦੇ ਅਧਿਕਾਰੀ ਅਰਵਿੰਦ ਕੇਜਰੀਵਾਲ ਨਾਲ ਕਿਵੇਂ ਮੁਲਾਕਾਤ ਕਰ ਸਕਦੇ ਹਨ। ਇਸ ਗੱਲ 'ਤੇ ਸਾਨੂੰ ਇਤਰਾਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੇ ਦੌਰੇ ਕਰ ਰਹੇ ਹਨ ਜਦਕਿ ਪੰਜਾਬ ਦੇ ਰਾਜਪਾਲ ਸਰਹੱਦੀ ਖੇਤਰ ਦਾ ਦੌਰਾ ਕਰ ਰਹੇ ਹਨ, ਜੋ ਪੰਜਾਬ ਦੇ ਮੁੱਖ ਮੰਤਰੀ ਨੂੰ ਕਰਨਾ ਚਾਹੀਦਾ ਸੀ।


ਦਰਅਸਲ ਚਰਚਾ ਹੈ ਕਿ ਸੀਐਮ ਭਗਵੰਤ ਮਾਨ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਗੈਰਹਾਜ਼ਰੀ ਵਿੱਚ ਪੰਜਾਬ ਦੇ ਅਫਸਰਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੀਟਿੰਗ ਕੀਤੀ ਹੈ। ਕਿਹਾ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਬਿਜਲੀ ਸਕੱਤਰ ਦਲੀਪ ਕੁਮਾਰ, ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਤੇ ਪੀਐਸਪੀਸੀਐਲ ਦੇ ਪ੍ਰਧਾਨ ਬਲਦੇਵ ਸਿੰਘ ਸਰਾਂ ਵੀ ਮੌਜੂਦ ਸਨ। ਇਸ ਮਗਰੋਂ ਪੰਜਾਬ ਸਰਕਾਰ ਉੱਪਰ ਸਵਾਲ ਉੱਠ ਰਹੇ ਹਨ।


ਕਾਂਗਰਸ ਨੇ ਵੀ ਘੇਰਿਆ


ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਸੂਬੇ ਦੇ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ। ਪ੍ਰਤਾਪ ਬਾਜਵਾ ਨੇ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਮੰਤਰੀਆਂ ਨੇ ਪੰਜਾਬ ਦੇ ਅਧਿਕਾਰੀਆਂ ਨਾਲ ਕਿਸ ਹੈਸੀਅਤ ਵਿੱਚ ਮੀਟਿੰਗ ਕੀਤੀ ਹੈ।"






ਪ੍ਰਤਾਪ ਬਾਜਵਾ ਨੇ ਅੱਗੇ ਕਿਹਾ, “ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀਆਂ ਦੀ ਗੈਰਹਾਜ਼ਰੀ ਵਿੱਚ ਹੋਈ ਹੈ। ਇਹ ਰਾਜ ਦੇ ਅਧਿਕਾਰਾਂ ਦੀ ਉਲੰਘਣਾ ਹੈ। ਪੰਜਾਬ ਦੇ ਲੋਕਾਂ ਨੇ ਦਿੱਲੀ ਦੇ ਰਿਮੋਟ ਕੰਟਰੋਲ ਨਾਲ ਚੱਲਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਨਹੀਂ ਦਿੱਤੀ।


ਇਹ ਵੀ ਪੜ੍ਹੋ