Damdami Taksal: ਪੰਥਕ ਸਿਆਸਤ 'ਚ ਵੱਡਾ ਧਮਾਕਾ, ਦਮਦਮੀ ਟਕਸਾਲ ਨੇ ਕਰ ਦਿੱਤਾ ਵੱਡਾ ਐਲਾਨ
Damdami Taksal: ਤਿੰਨ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਉਣ ਤੇ ਨਵੇਂ ਜਥੇਦਾਰ ਥਾਪਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਕਸੂਤੀ ਘਿਰ ਗਈ ਹੈ। ਨਿਹੰਗ ਸਿੰਘ ਜਥੇਬੰਦੀਆਂ ਤੋਂ ਬਾਅਦ ਦਮਦਮੀ ਟਕਸਾਲ ਵੀ ਖੁੱਲ੍ਹ ਕੇ ਸ਼੍ਰੋਮਣੀ ਕਮੇਟੀ ਦੇ ਫੈਸਲੇ ਖਿਲਾਫ ਡਟ ਗਈ ਹੈ।

Damdami Taksal: ਤਿੰਨ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਉਣ ਤੇ ਨਵੇਂ ਜਥੇਦਾਰ ਥਾਪਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਕਸੂਤੀ ਘਿਰ ਗਈ ਹੈ। ਨਿਹੰਗ ਸਿੰਘ ਜਥੇਬੰਦੀਆਂ ਤੋਂ ਬਾਅਦ ਦਮਦਮੀ ਟਕਸਾਲ ਵੀ ਖੁੱਲ੍ਹ ਕੇ ਸ਼੍ਰੋਮਣੀ ਕਮੇਟੀ ਦੇ ਫੈਸਲੇ ਖਿਲਾਫ ਡਟ ਗਈ ਹੈ। ਇਸ ਦੇ ਨਾਲ ਹੀ ਦੇਸ਼-ਵਿਦੇਸ਼ ਦੀਆਂ ਜਥੇਬੰਦੀਆਂ ਤੇ ਸੰਸਥਾਵਾਂ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਖਿਲਾਫ ਨਿੱਤਰ ਆਈਆਂ ਹਨ। ਇਸ ਲਈ ਅਗਲੇ ਦਿਨਾਂ ਅੰਦਰ ਮਾਮਲਾ ਹੋਰ ਗੰਭੀਰ ਹੋਣ ਦੇ ਆਸਾਰ ਬਣ ਗਏ ਹਨ।
ਦਰਅਸਲ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਐਲਾਨ ਕੀਤਾ ਹੈ ਕਿ ਪੰਥਕ ਮਰਯਾਦਾ ਦੇ ਨਿਰਾਦਰ ਨੂੰ ਦੇਖਦੇ ਹੋਏ 14 ਮਾਰਚ ਨੂੰ ਪੰਜ ਪਿਆਰਾ ਪਾਰਕ ਦੇ ਸਾਹਮਣੇ ਦਮਦਮੀ ਟਕਸਾਲ ਦੇ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਸ਼੍ਰੀ ਅਨੰਦਪੁਰ ਸਾਹਿਬ) ਵਿਖੇ ਸਿੱਖ ਸੰਗਤ ਦਾ ਪੰਥਕ ਇਕੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਸਥਾਵਾਂ ਤੇ ਸਮੁੱਚੇ ਪੰਥ ਨੂੰ ਇਸ ਇਕੱਠ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਇਸ ਸਬੰਧੀ ਇੱਕ ਵੀਡੀਓ ਸੰਦੇਸ਼ ’ਚ ਬਾਬਾ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਤੇ ਪ੍ਰਧਾਨ ਸੰਤ ਸਮਾਜ ਨੇ ਕਿਹਾ ਕਿ ਇਸ ਮੀਟਿੰਗ ਦੇ ਵਿੱਚ ਮਨ ਮਰਜ਼ੀ ਦੇ ਨਾਲ ਤੇ ਬਿਨਾਂ ਪੰਥਕ ਭਾਵਨਾਵਾਂ ਦੇ ਤਖ਼ਤਾਂ ਦੇ ਜਥੇਦਾਰਾਂ ਨੂੰ ਲਾਹੁਣ ਦੇ ਫੈਸਲੇ ਕੀਤੇ ਗਏ ਹਨ।
ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਮੀਟਿੰਗ ਵਿੱਚ ਤਖ਼ਤਾਂ ਦੇ ਜਥੇਦਾਰਾਂ ਨੂੰ ਜਬਰੀ ਸੇਵਾ ਮੁਕਤ ਕੀਤੇ ਜਾਣ ਤੇ ਨਵੇਂ ਜਥੇਦਾਰ ਥਾਪੇ ਜਾਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਇਸ ਨੂੰ ਮਰਿਆਦਾ ਦੀ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਿੱਖ ਸਿਧਾਂਤਾ ਤੇ ਤਖ਼ਤ ਸਹਿਬਾਨਾਂ ਦਾ ਅਪਮਾਨ ਹੋਇਆ ਹੈ। ਉਨ੍ਹਾਂ ਬਿਨਾਂ ਕਿਸੇ ਦਾ ਨਾਂ ਲਏ ਕਿਹਾ ਕਿ ਕੁਝ ਵਿਅਕਤੀਆਂ ਦੀ ਖ਼ੁਦਗਰਜ਼ੀ ਤੇ ਹਉਮੈ ਦੇ ਕਾਰਨ ਪੰਥਕ ਸਿਧਾਂਤਾਂ ਨੂੰ ਢਾਹ ਲਾਈ ਗਈ ਹੈ।
ਦੱਸ ਦਈਏ ਕਿ ਦਮਦਮੀ ਟਕਸਾਲ ਤੋਂ ਇਲਾਵਾ ਹੋਰ ਵੀ ਸਿੱਖ ਜਥੇਬੰਦੀਆਂ ਵੱਲੋਂ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਸਖਤ ਆਲੋਚਨਾ ਕੀਤੀ ਜਾ ਰਹੀ ਹੈ। ਕਈ ਥਾਵਾਂ ਤੇ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਬੀਤੇ ਕੱਲ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਵੀ ਦੋਸ਼ ਲਾਇਆ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ ਸੰਭਾਲ ਮੌਕੇ ਮਰਿਆਦਾ ਦੀ ਉਲੰਘਣਾ ਹੋਈ ਹੈ।






















