Punjab News: ਦਸੂਹਾ ਤੋਂ ਹੇਮਕੁੰਟ ਐਕਸਪ੍ਰੈਸ ਨੂੰ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਵੱਲ਼ੋਂ ਹੇਮਕੁੰਟ ਐਕਸਪ੍ਰੈਸ ਦੇ ਦਸੂਹਾ ਵਿੱਚ ਰੁਕਣ ਲਈ ਚਿਕੋਕਣੀ ਮੰਗ ਸੀ ਜੋ ਕਿ ਹੁਣ ਪੂਰੀ ਹੋ ਗਈ ਹੈ। ਇਸ ਟਰੇਨ ਦੇ ਰੁਕਣ ਨਾਲ ਹਰਿਦੁਆਰ, ਰਿਸ਼ੀਕੇਸ਼ ਤੇ ਹੋਰ ਧਾਰਮਿਕ ਅਸਥਾਨਾਂ ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਡੀ ਰਾਹਤ ਮਿਲੇਗੀ।


ਇਸ ਦੌਰਾਨ ਮੰਤਰੀ ਨੇ ਹਲਕੇ ਦੇ ਪਿੰਡਾਂ ਲਈ ਵਿਕਾਸ ਕਾਰਜਾਂ ਵਾਸਤੇ 55 ਲੱਖ ਦੀ ਗ੍ਰਾਂਟ ਮੁਹੱਈਆ ਕਰਵਾਉਣ ਦਾ ਵੀ ਐਲਾਨ ਕੀਤਾ। ਇਸ ਮੌਕੇ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਲੋਕਾਂ ਨਾਲ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।


ਦਸੂਹਾ ਤੋਂ ਰੇਲਗੱਡੀ ਨੂੰ ਹਰੀ ਝੰਡੀ ਵਿਖਾਉਣ ਤੋਂ ਪਹਿਲਾਂ ਭਾਜਰਾ ਦੇ ਸਥਾਨਕ ਆਗੂ ਸੰਜੀਵ ਮਿਹਨਾਸ ਦੀ ਅਗਵਾਈ ਹੇਠ ਮੰਤਰੀ ਸੋਮ ਪ੍ਰਕਾਸ਼ ਦਾ ਰੇਲਵੇ ਸਟੇਸ਼ਨ ਤੇ ਭਾਜਪਾ ਆਗੂਆਂ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ।


‘ਆਪ’ ਨੇ ਮਾਨ ਸਰਕਾਰ ਦਾ ਸੱਤ ਮਹੀਨਿਆਂ ਦਾ ਰਿਪੋਰਟ ਕਾਰਡ ਕੀਤਾ ਪੇਸ਼


ਆਮ ਆਦਮੀ ਪਾਰਟੀ (ਆਪ) ਸਰਕਾਰ ਦੇ 7 ਮਹੀਨਿਆਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਜਾਂਦੇ ਭ੍ਰਿਸ਼ਟਾਚਾਰ ਅਤੇ ਮਾਫੀਆ ਕਲਚਰ ਨੂੰ ਖਤਮ ਕਰਕੇ ਰਾਜਨੀਤੀ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ‘ਆਪ’ ਸਰਕਾਰ ਨੇ ਸੂਬੇ ਦੀ ਗੁਆਚੀ ਸ਼ਾਨ ਨੂੰ ਵਾਪਸ ਲਿਆਉਣ ਲਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ।


ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਅਮਨ ਅਰੋੜਾ ਨੇ ਪਿਛਲੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਵੱਲੋਂ ਪੰਜਾਬ ਨੂੰ ਵੱਡੇ ਕਰਜ਼ੇ ਵਿੱਚ ਧੱਕਣ ਲਈ ਆਲੋਚਨਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਜ਼ਿਆਦਾਤਰ ਆਗੂ ਭ੍ਰਿਸ਼ਟਾਚਾਰ ਵਿੱਚ ਲਿਪਤ ਸਨ।


‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ 7 ਮਹੀਨਿਆਂ ‘ਚ ਕਈ ਇਤਿਹਾਸਕ ਫੈਸਲੇ ਲਏ, ਜੋ ਪਿਛਲੀਆਂ ਸਰਕਾਰਾਂ ਆਪਣੇ 70 ਸਾਲਾਂ ਦੇ ਸ਼ਾਸਨ ‘ਚ ਵੀ ਲੈਣ ਤੋਂ ਅਸਫਲ ਰਹੀਆਂ ਸਨ।