ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦੇ ਐਲਾਨ ਮਗਰੋਂ ਅਦਾਕਾਰ ਦੀਪ ਸਿੱਧੂ ਨੇ ਤਿੱਖੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਫੇਸਬੁੱਕ ਉੱਪਰ ਪੋਸਟ ਪਾ ਕੇ ਕਿਹਾ ਹੈ ਕਿ ਇੱਕੋ ਮੌਕੇ (ਕਿਸਾਨ-ਕਿਸਾਨ ਕਰਦੀਆਂ) 22 ਬਿੱਲੀਆ ਥੈਲੇ ਵਿੱਚੋਂ ਬਾਹਰ ਆ ਗਈਆਂ ਹਨ।
ਦੱਸ ਦਈਏ ਕਿ ਦੀਪ ਸਿੱਧੂ ਵੀ ਕਿਸਾਨ ਅੰਦੋਲਨ ਵਿੱਚ ਸਰਗਰਮ ਰਹੇ ਹਨ ਪਰ 26 ਜਨਵਰੀ ਨੂੰ ਲਾਲ ਕਿਲੇ ਦੀ ਘਟਨਾ ਮਗਰੋਂ ਕਿਸਾਨ ਜਥੇਬੰਦੀਆਂ ਨੇ ਆਪਣੇ-ਆਪ ਨੂੰ ਉਨ੍ਹਾਂ ਨਾਲੋਂ ਵੱਖ ਕਰ ਲਿਆ ਸੀ। ਇਸ ਲਈ ਦੀਪ ਸਿੱਧੂ ਅਕਸਰ ਹੀ ਕਿਸਾਨ ਲੀਡਰਾਂ ਦੀ ਅਲੋਚਨਾ ਕਰਦੇ ਰਹਿੰਦੇ ਹਨ।
ਦਰਅਸਲ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ‘ਸੰਯੁਕਤ ਸਮਾਜ ਮੋਰਚੇ’ ਦੇ ਨਾਂ ਹੇਠ ਨਵੀਂ ਸਿਆਸੀ ਪਾਰਟੀ ਕਾਇਮ ਕਰਕੇ ਸੂਬੇ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਕਾਇਮ ਕੀਤੀ ਨਵੀਂ ਸਿਆਸੀ ਧਿਰ ਦਾ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਬਣਾਇਆ ਗਿਆ ਹੈ।
ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜ ਰਿਹਾ। ਇਸ ਨਾਲ ਕਿਸਾਨ ਜਥੇਬੰਦੀਆਂ ਵੀ ਚੋਣਾਂ ਬਾਰੇ ਵੰਡੀਆਂ ਗਈਆਂ ਹਨ। ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ. ਦਰਸ਼ਨ ਪਾਲ, ਯੋਗੇਂਦਰ ਯਾਦਵ, ਯੁੱਧਵੀਰ ਸਿੰਘ, ਸ਼ਿਵ ਕੁਮਾਰ ਸ਼ਰਮਾ ‘ਕੱਕਾਜੀ’ ਤੇ ਹਨਨ ਮੌਲਾ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ ਵੱਖ ਵਿਚਾਰਧਾਰਾ ਦੀਆਂ ਜਥੇਬੰਦੀਆਂ ਦਾ ਸਿਰਫ ਕਿਸਾਨੀ ਮੁੱਦਿਆਂ ’ਤੇ ਬਣਿਆ ਇੱਕ ਮੰਚ ਹੈ ਤੇ ਇਸ ਵੱਲੋਂ ਨਾ ਤਾਂ ਚੋਣਾਂ ਦੇ ਬਾਈਕਾਟ ਦਾ ਸੱਦਾ ਹੈ ਤੇ ਨਾ ਹੀ ਚੋਣਾਂ ਲੜਨ ਦੀ ਕੋਈ ਸਮਝ ਹੈ।
ਇਹ ਵੀ ਪੜ੍ਹੋ : Punjab Election 2022 : 3 ਜਨਵਰੀ ਤੋਂ ਰਾਹੁਲ ਗਾਂਧੀ ਮਾਰਨਗੇ ਪੰਜਾਬ ਦੀ ਸਿਆਸਤ 'ਚ ਐਂਟਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490