ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਫ਼ਦ ਨੇ ਅੱਜ 'ਆਪ' ਦੇ ਮੁੱਖ ਬੁਲਾਰੇ ਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਰਾਜ ਵਿੱਚ ਹੋ ਰਹੀਆਂ ਪੰਚਾਇਤੀ ਚੋਣਾਂ ਵਿੱਚ ਸੱਤਾ ਧਿਰ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਪਰਚੇ ਰੱਦ ਕਰਨ ਦਾ ਮੁੱਦਾ ਉਠਾਇਆ।
'ਆਪ' ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਵਿੱਚ ਲਾਗੂ ਕੀਤੀ ਗਈ ਰਿਜ਼ਰਵੇਸ਼ਨ ਪਾਲਿਸੀ ਵਿੱਚ ਬਹੁਤ ਖ਼ਾਮੀਆਂ ਹਨ। ਇਸ ਕਾਰਨ ਵਿਰੋਧੀ ਪਾਰਟੀਆਂ ਦੇ ਹੱਕਾਂ ਉੱਤੇ ਡਾਕਾ ਵੱਜਿਆ ਹੈ। ਉਨ੍ਹਾਂ ਕਿਹਾ ਕਿ ਰਿਜ਼ਰਵੇਸ਼ਨ ਪਾਲਿਸੀ ਕਾਂਗਰਸੀ ਨੇਤਾਵਾਂ ਦੀ ਸਿਫ਼ਾਰਸ਼ ਨਾਲ ਲਾਗੂ ਕੀਤੀ ਗਈ ਹੈ। ਇਸ ਦਾ ਮੂਲ ਮੰਤਵ ਉਨ੍ਹਾਂ ਦੇ ਉਮੀਦਵਾਰਾਂ ਨੂੰ ਫ਼ਾਇਦਾ ਪਹੁੰਚਾਉਣਾ ਸੀ।
'ਆਪ' ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨਕ ਅਧਿਕਾਰੀਆਂ ਵੱਲੋਂ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਪਰਚੇ ਬਿਨਾ ਵਜ੍ਹਾ ਰੱਦ ਕੀਤੇ ਜਾਣ ਨਾਲ ਬਹੁਤ ਸਾਰੇ ਉਮੀਦਵਾਰ ਚੋਣ ਲੜਨ ਤੋਂ ਵਾਂਝੇ ਰਹਿ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਚੋਣ ਕਮਿਸ਼ਨ ਪੇਪਰ ਦਾਖਲ ਕਰਨ ਦੀ ਮਿਤੀ ਵਿੱਚ ਵਾਧਾ ਕਰੇ ਤਾਂ ਜੋ ਰਹਿੰਦੇ ਉਮੀਦਵਾਰਾਂ ਨੂੰ ਵੀ ਬਰਾਬਰ ਮੌਕਾ ਮਿਲ ਸਕੇ। ਇਸ ਮੌਕੇ ਉਨ੍ਹਾਂ ਨਾਲ ਲੀਗਲ ਵਿੰਗ ਦੇ ਸੂਬਾ ਪ੍ਰਧਾਨ ਐਡਵੋਕੇਟ ਜਸਤੇਜ ਅਰੋੜਾ ਵੀ ਮੌਜੂਦ ਸਨ।