Punjab news: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸਟੂਡੈਂਟ ਫੈਡਰੇਸ਼ਨ ਤੇ ਵਕੀਲਾਂ ਦਾ ਇੱਕ ਵਫਦ ਮੰਗ ਪੱਤਰ ਦੇਣ ਲਈ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਦੇ ਦਫ਼ਤਰ ਪੁੱਜਿਆ।


ਉਨ੍ਹਾਂ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰ  ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।


ਇਸ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਵਕੀਲਾਂ ਦੇ ਵਫਦ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ’ਚ ਕੈਦ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ।


ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਮੁਲਾਕਾਤ ਲਈ ਲੋੜੀਂਦੀ ਆਗਿਆ ਨਾ ਦੇ ਕੇ ਠੀਕ ਨਹੀਂ ਕੀਤਾ ਜਾ ਰਿਹਾ ਹੈ। ਇਸ ਕਰਕੇ ਅੱਜ ਮੰਗ ਪੱਤਰ ਡੀਸੀ ਦਫ਼ਤਰ ਸੁਪਰੀਡੇਂਟ ਨੂੰ ਦਿੱਤਾ ਗਿਆ।


ਉਨ੍ਹਾਂ ਭਰੋਸਾ ਦਿੱਤਾ ਹੈ ਕਿ ਇਹ ਮੰਗ ਪੱਤਰ ਡੀਸੀ ਸਾਹਿਬ ਨੂੰ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਤਹਿਤ ਹਰ ਕੈਦੀ ਨਾਲ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕੇਸ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਦੀ ਮੁਲਾਕਾਤ ਦਾ ਹੱਕ ਦਬਾਇਆ ਨਹੀਂ ਜਾ ਸਕਦਾ।


ਇਹ ਵੀ ਪੜ੍ਹੋ: Sangrur News: ਟਰੈਕਟਰ-ਟਰਾਲੀ ਨੂੰ ਲੈ ਕੇ ਭਿੜੀਆਂ ਦੋ ਕਿਸਾਨ ਜਥੇਬੰਦੀਆਂ, ਇੱਕ-ਦੂਜੇ ਖਿਲਾਫ ਰੋਸ ਮੁਜ਼ਾਹਰੇ


ਉਨ੍ਹਾਂ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖਾਂ ਨੂੰ ਇਨਸਾਫ ਲੈਣ ਲਈ ਭੁੱਖ ਹੜਤਾਲ ਕਰਨੀ ਪੈ ਰਹੀ ਹੈ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ’ਤੇ ਸੰਜੀਦਗੀ ਨਾਲ ਗੌਰ ਕਰਨਾ ਚਾਹੀਦਾ ਹੈ।


ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ’ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਤੁਰੰਤ ਹਦਾਇਤ ਜਾਰੀ ਕਰੇ ਅਤੇ ਅਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਲੋੜੀਂਦੀ ਇਜਾਜ਼ਤ ਦੇਵੇ।


ਉਨ੍ਹਾਂ ਜੇਲ੍ਹ ’ਚ ਬੰਦ ਸਿੱਖਾਂ ਨੂੰ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਨੂੰ ਆਖਿਆ। ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਤਰਫੋਂ ਪਹਿਲਾਂ ਤੋਂ ਹੀ ਕਾਨੂੰਨੀ ਸਹਿਯੋਗ ਦੇ ਰਹੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਲੋੜੀਂਦੀ ਕਾਰਵਾਈ ਲਈ ਕਿਹਾ ਗਿਆ ਹੈ, ਜੋ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਲਈ ਪੁਹੰਚੇ।


ਇਹ ਵੀ ਪੜ੍ਹੋ: Sangrur News: ਦੇਸ਼ ਦੀ ਰਾਖੀ ਕਰਦਿਆਂ ਪਰਮਿੰਦਰ ਸਿੰਘ ਨੇ ਪੀਤਾ ਸ਼ਹਾਦਤ ਦਾ ਜਾਮ, ਅਜੇ ਸਾਲ ਪਹਿਲਾਂ ਹੋਇਆ ਸੀ ਵਿਆਹ