Delhi-Amritsar-Katra Expressway Project: ਪੰਜਾਬ ਦੇ ਮਲੇਰਕੋਟਲਾ 'ਚ ਜੰਮੂ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ। ਇਸ ਤੋਂ ਬਾਅਦ ਇੱਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪ੍ਰਸ਼ਾਸਨ ਨੇ ਕੱਲ੍ਹ ਮੰਗਲਵਾਰ ਨੂੰ ਇੱਥੇ ਜ਼ਮੀਨ ਐਕੁਆਇਰ ਕੀਤੀ ਸੀ। ਇਸ ਤੋਂ ਬਾਅਦ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਮੈਂਬਰ ਰੋਸ ਪ੍ਰਦਰਸ਼ਨ ਕਰਨ ਪਹੁੰਚ ਗਏ। ਉਨ੍ਹਾਂ ਪੁਲਿਸ ਵੱਲੋਂ ਲਾਏ ਟਿੱਪਰਾਂ ਨੂੰ ਵੀ ਧੱਕਾ ਦੇ ਕੇ ਉਥੋਂ ਹਟਾ ਦਿੱਤਾ।



ਦੱਸ ਦਈਏ ਕਿ ਇਸ ਮਾਮਲੇ ਨੂੰ ਲੈ ਕੇ ਬੁੱਧਵਾਰ ਦੇਰ ਸ਼ਾਮ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅਗਵਾਈ 'ਚ ਉੱਚ ਪੱਧਰੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ NHAI ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਗਿਆ ਹੈ। ਇਸ ਮੀਟਿੰਗ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਹਾਈਵੇਅ ਦੀ ਜ਼ਮੀਨ ਐਕਵਾਇਰ ਕਰਨ ਸਬੰਧੀ ਆ ਰਹੀਆਂ ਮੁਸ਼ਕਲਾਂ ਸਮੇਤ ਸਾਰੇ ਮੁੱਦਿਆਂ ’ਤੇ ਰਿਪੋਰਟ ਪੇਸ਼ ਕੀਤੀ ਜਾਵੇਗੀ।


ਦੂਜੇ ਪਾਸੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੀ ਜ਼ਮੀਨ ਐਕਵਾਇਰ ਨੂੰ ਲੈ ਕੇ ਸਖ਼ਤ ਹੈ। ਹਾਲ ਹੀ ਵਿੱਚ ਹੋਈ ਸੁਣਵਾਈ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦੋ ਹਫ਼ਤਿਆਂ ਵਿੱਚ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ 6 ਸਤੰਬਰ ਨੂੰ ਹਾਈਕੋਰਟ ਵਿੱਚ ਜਵਾਬ ਦਾਖ਼ਲ ਕੀਤਾ ਜਾਣਾ ਹੈ।


ਦਰਅਸਲ ਜਿਵੇਂ ਹੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ NHAI ਦੇ ਪ੍ਰੋਜੈਕਟਾਂ ਨੂੰ ਲੈ ਕੇ ਮੀਟਿੰਗ ਰੱਖੀ ਗਈ, ਪੰਜਾਬ ਸਰਕਾਰ ਵੀ ਸਰਗਰਮ ਹੋ ਗਈ। ਮੁੱਖ ਸਕੱਤਰ ਅਨੁਰਾਗ ਵਰਮਾ ਦੀ ਤਰਫੋਂ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਗਿਆ। ਉਨ੍ਹਾਂ ਪੱਤਰ ਵਿੱਚ ਲਿਖਿਆ ਸੀ ਕਿ ਪ੍ਰਧਾਨ ਮੰਤਰੀ 28 ਅਗਸਤ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੀ ਪ੍ਰਗਤੀ ਦੀ ਸਮੀਖਿਆ ਕਰਨਗੇ।


ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਕਰਨ 'ਤੇ ਪਤਾ ਲੱਗਾ ਹੈ ਕਿ ਦੋ ਬਹੁਤ ਹੀ ਛੋਟੇ ਹਿੱਸਿਆਂ ਮਲੇਰਕੋਟਲਾ (1.34 ਕਿਲੋਮੀਟਰ ਦੀ) ਤੇ ਕਪੂਰਥਲਾ (ਲਗਪਗ 1.25 ਕਿਲੋਮੀਟਰ) ਵਿਖੇ ਕਬਜ਼ਾ ਅਜੇ ਲਿਆ ਜਾਣਾ ਹੈ। ਇਹ 27 ਅਗਸਤ, 2024 ਤੱਕ ਲਿਆ ਜਾਣਾ ਹੈ। ਅਜਿਹੇ 'ਚ ਦੋਵਾਂ ਥਾਵਾਂ 'ਤੇ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇ।