Arvind Kejriwal: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਸੀਐਮ ਭਗਵੰਤ ਮਾਨ ਦੀ ਕਾਰਵਾਈ ਤੋਂ ਖੁਸ਼ ਹਨ। ਉਨ੍ਹਾਂ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਇਸ ਕਾਰਵਾਈ ਲਈ ਵਧਾਈ ਦਿੱਤੀ ਹੈ।
ਕੇਜਰੀਵਾਲ ਨੇ ਕਿਹਾ ਹੈ ਕਿ ਜੇਕਰ ਨੀਅਤ ਸਾਫ ਹੋਵੇ ਤਾਂ ਲਾਅ ਐਂਡ ਆਰਡਰ ਨੂੰ ਵੀ ਮੇਨਟੇਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਬਾਰਡਰ ਸਟੇਟ ਹੈ। ਸਾਡੇ ਬਾਰੇ ਇਹ ਕਿਹਾ ਜਾਂਦਾ ਸੀ ਕਿ ਇਹ ਪੰਜਾਬ ਦਾ ਲਾਅ ਐਂਡ ਆਰਡਰ ਮੇਨਟੇਨ ਕਰ ਪਾਉਣਗੇ ਜਾਂ ਨਹੀਂ। ਅੱਜ ਸੀਐਮ ਭਗਵੰਤ ਮਾਨ ਨੇ ਮਿਸਾਲ ਕਾਇਮ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ਤੋਂ ਬਾਅਦ ਗੈਂਗਸਟਰਾਂ ਤੇ ਨਸ਼ਾ ਮਾਫੀਆ ਖਿਲਾਫ ਕਾਰਵਾਈ ਕੀਤੀ ਗਈ ਹੈ। ਪਿਛਲੇ ਕੁਝ ਦਿਨਾਂ ਦੀ ਕਾਰਵਾਈ ਨੇ ਇਹ ਦੱਸ ਦਿੱਤਾ ਹੈ ਕਿ ਸਖਤ ਤੋਂ ਸ਼ਖਤ ਕਾਰਵਾਈ ਕਰਨ ਲਈ ਵੀ ਸਰਕਾਰ ਤਿਆਰ ਹੈ।
ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਜ਼ਰੂਰਤ ਪੈਣ 'ਤੇ ਸਖਤ ਤੋਂ ਸਖਤ ਕਦਮ ਚੁੱਕਣ ਲਈ ਵੀ ਤਿਆਰ ਹੈ। ਉਨ੍ਹਾਂ ਕਿਹਾ ਕਿ ਮੈ ਪੰਜਾਬ ਦੇ ਲੋਕਾਂ ਦਾ ਸ਼ੁਕਰੀਆ ਅਦਾ ਕਰਦਾ ਹਾਂ ਕਿ ਉਨ੍ਹਾਂ ਪੰਜਾਬ ਸਰਕਾਰ ਦਾ ਸਹਿਯੋਗ ਦਿੱਤਾ।
ਪੰਜਾਬ ਵਿਚ ਚੱਲ ਰਹੇ ਮੌਜੂਦਾ ਘਟਨਾਕ੍ਰਮ ’ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਇਕ ਅਮਨ ਪਸੰਦ ਸੂਬਾ ਹੈ ਜਿਸ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਸ ਨੇ ਵੀ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਦਾ ਕੀ ਹਸ਼ਰ ਹੋਇਆ ਹੈ। ਪੰਜਾਬ ਦੀ ਜਨਤਾ ਦੇ ਨਾਮ ਦਿੱਤੇ ਸੁਨੇਹੇ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕੁੱਝ ਤੱਤ ਅਜਿਹੇ ਸਨ ਜਿਹੜੇ ਵਿਦੇਸ਼ੀ ਤਾਕਤਾਂ ਦੇ ਹੱਥ ਚੜ੍ਹ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਨਫਰਤ ਭਰੀ ਬਿਆਨਬਾਜ਼ੀ ਕਰ ਰਹੇ ਸਨ, ਜਿਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ ਅਤੇ ਇਸ ਕਾਰਵਾਈ ਦੌਰਾਨ ਉਹ ਤੱਤ ਫੜੇ ਗਏ ਹਨ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।