Farmer Protest: ਦਿੱਲੀ ਵੱਲ ਮਾਰਚ ਸਬੰਧੀ ਐਤਵਾਰ ਨੂੰ ਸ਼ੰਭੂ ਸਰਹੱਦ 'ਤੇ ਕਿਸਾਨ ਆਗੂਆਂ ਦੀ ਮੀਟਿੰਗ ਤੋਂ ਬਾਅਦ, ਸੋਮਵਾਰ ਸਵੇਰੇ ਦੋਵਾਂ ਧਿਰਾਂ ਦੇ ਆਗੂ ਇੱਕ ਵਾਰ ਫਿਰ ਮਿਲੇ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਫਿਲਹਾਲ 25 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਮੁਲਤਵੀ ਕਰ ਦਿੱਤਾ ਗਿਆ ਹੈ।
19 ਮਾਰਚ ਨੂੰ ਦੁਬਾਰਾ ਹੋਵੇਗੀ ਮੀਟਿੰਗ
ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਪਹਿਲਾਂ ਹੀ ਦੋ ਮੀਟਿੰਗਾਂ ਹੋ ਚੁੱਕੀਆਂ ਹਨ। ਹੁਣ 19 ਮਾਰਚ ਨੂੰ ਦੁਬਾਰਾ ਮੀਟਿੰਗ ਹੈ। ਜੇ ਉਸ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਦਾ, ਤਾਂ 101 ਕਿਸਾਨਾਂ ਦਾ ਇੱਕ ਸਮੂਹ 25 ਮਾਰਚ ਨੂੰ ਦਿੱਲੀ ਵੱਲ ਮਾਰਚ ਕਰੇਗਾ। ਇਹ ਫੈਸਲਾ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਗੈਰ-ਰਾਜਨੀਤਿਕ ਮੀਟਿੰਗ ਵਿੱਚ ਲਿਆ ਗਿਆ।
ਪੰਜਾਬ ਸਰਕਾਰ ਨੂੰ ਵੀ ਦਿੱਤੀ ਚਿਤਾਵਨੀ
ਦਰਅਸਲ, ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੂਬਾ ਸਰਕਾਰ ਨੂੰ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਜ਼ਬਰਦਸਤੀ ਕਬਜ਼ਾ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਸਾਡਾ ਧਿਆਨ ਕੇਂਦਰ ਵੱਲ ਹੈ। ਜੇ ਕਿਸੇ ਵੀ ਜ਼ਿਲ੍ਹੇ ਵਿੱਚ ਜ਼ਬਰਦਸਤੀ ਜ਼ਮੀਨ ਪ੍ਰਾਪਤ ਕੀਤੀ ਗਈ, ਤਾਂ ਅਸੀਂ ਪੰਜਾਬ ਸਰਕਾਰ ਦਾ ਜਿਊਣਾ ਮੁਸ਼ਕਲ ਕਰ ਦੇਵਾਂਗੇ।
ਕਿਸਾਨਾਂ ਨਾਲ ਮੀਟਿੰਗ ਰਹੀ ਬੇਸਿੱਟਾ
ਦੱਸ ਦਈਏ ਕਿ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਕਈ ਮੰਗਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਛੇਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਇਹ ਮੀਟਿੰਗ ਲਗਭਗ ਢਾਈ ਘੰਟੇ ਚੱਲੀ, ਪਰ ਕੋਈ ਹੱਲ ਨਹੀਂ ਨਿਕਲਿਆ। ਹੁਣ ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ।
ਡੱਲੇਵਾਲ ਮਰਨ ਵਰਤ ਜਾਰੀ ਰੱਖਣ ਲਈ ਬਜਿੱਦ
ਜ਼ਿਕਰ ਕਰ ਦਈਏ ਕਿ ਕਿਸਾਨਾਂ ਨਾਲ ਮੀਟਿੰਗ ਵਿੱਚ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪੀਯੂਸ਼ ਗੋਇਲ ਨੇ ਡੱਲੇਵਾਲ ਨੂੰ ਆਪਣਾ ਵਰਤ ਖਤਮ ਕਰਨ ਦੀ ਅਪੀਲ ਕੀਤੀ ਪਰ ਡੱਲੇਵਾਲ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਡੱਲੇਵਾਲ ਨੇ ਉਨ੍ਹਾਂ ਨੂੰ ਦੱਸਿਆ ਕਿ ਭੁੱਖ ਹੜਤਾਲ ਉਦੋਂ ਤੱਕ ਖਤਮ ਨਹੀਂ ਹੋਵੇਗੀ ਜਦੋਂ ਤੱਕ ਸਾਰੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨਹੀਂ ਦਿੱਤੀ ਜਾਂਦੀ।