ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਪੰਜਾਬ ਪੁਲੀਸ ਨੂੰ ਬਿਨਾਂ ਕਿਸੇ ਇਤਲਾਹ ਕੀਤੇ ਪੰਜਾਬ ਦੇ ਵੱਖ-ਵੱਖ ਕੋਨਿਆਂ ਵਿੱਚ ਕੀਤੀਆਂ ਜਾ ਰਹੀਆਂ ਰੇਡਾਂ ਅਤੇ ਨੌਜਵਾਨਾਂ ਨੂੰ ਚੁੱਕ ਕੇ ਉਨਾਂ 'ਤੇ ਬੇਹਿਤਾਸ਼ਾ ਤਸ਼ੱਦਦ ਕੀਤੇ ਜਾਣ ਦੀ ਸਖ਼ਤ ਅਲੋਚਨਾ ਕਰਦਿਆਂ, ਇਸ ਨੂੰ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ 'ਤੇ ਡਾਕਾ ਕਰਾਰ ਦਿੱਤਾ ਹੈ।


ਆਮ ਆਦਮੀ ਪਾਰਟੀ ਨੇ ਕਿਹਾ ਕਿ "ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਪੰਜਾਬ ਦੇ ਨੌਜਵਾਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਮਿਲ ਕੇ ਡਰਾਉਣਾ ਅਤੇ ਧਮਕਾਉਣਾ ਚਾਹੁੰਦੇ ਹਨ, ਤਾਂ ਜੋ ਪੰਜਾਬ ਦੇ ਸੂਰਬੀਰ ਨੌਜਵਾਨ ਕਾਲੇ ਖੇਤੀ ਬਿਲਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਤੋਂ ਅਲੱਗ ਹੋ ਜਾਣ।"


ਉਨਾਂ ਕਿਹਾ ਕਿ "ਪੰਜਾਬ ਸਰਕਾਰ ਦੀ ਆਗਿਆ ਤੋਂ ਬਿਨਾਂ ਕਿਵੇਂ ਦਿੱਲੀ ਦੀ ਪੁਲਿਸ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਲੈ ਗਈ? ਕੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਦੀ ਜਾਣਕਾਰੀ ਨਹੀਂ ਸੀ? ਜਾਂ ਫਿਰ ਮੋਦੀ ਦੀ ਸ਼ਹਿ ਪ੍ਰਾਪਤ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੀ ਪੰਜਾਬ ਵਿੱਚ ਦਖ਼ਲਅੰਦਾਜ਼ੀ ਕੈਪਟਨ ਦੇ ਕਮਜ਼ੋਰ ਮੁੱਖ ਮੰਤਰੀ ਹੋਣ ਦਾ ਸਬੂਤ ਪੇਸ਼ ਕਰਦੀ ਹੈ।"


ਭਗਵੰਤ ਮਾਨ ਦਾ ਕਹਿਣਾ ਹੈ ਕਿ "ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨੇੜਤਾ ਕਰਕੇ ਆਪਣੇ ਪਰਿਵਾਰ ਨੂੰ ਲੁੱਟ ਘਸੁੱਟ ਕਰਕੇ ਬਣਾਈ ਅਰਬਾਂ ਦੀ ਜਾਇਦਾਦ ਦੇ ਮਾਮਲੇ ਵਿੱਚੋਂ ਈ.ਡੀ ਦੀ ਕਾਰਵਾਈ ਤੋਂ ਬਚਾਉਣਾ ਚਾਹੁੰਦੇ ਹਨ,ਇਸੇ ਲਈ ਕੈਪਟਨ ਨੇ ਪੰਜਾਬ ਦੇ ਨੌਜਵਾਨ ਕਿਸਾਨਾਂ ਖ਼ਿਲਾਫ਼ ਦਿੱਲੀ ਪੁਲਿਸ ਨੂੰ ਕਾਰਵਾਈ ਕਰਨ ਦੀ ਇਜ਼ਾਜਤ ਦਿੱਤੀ ਹੈ।"


ਮਾਨ ਨੇ  ਕਿਹਾ ਕਿ "ਕੈਪਟਨ ਅਮਰਿੰਦਰ ਸਿੰਘ ਇੱਕ ਡਰਿਆ, ਹਾਰਿਆ ਅਤੇ ਅਸਫ਼ਲ ਮੁੱਖ ਮੰਤਰੀ ਹੈ, ਜਿਸ ਨੇ ਪੰਜਾਬ ਦੇ ਸੰਵਿਧਾਨ ਹੱਕਾਂ ਦੀ ਕਦੇਂ ਦ੍ਰਿੜਤਾ ਨਾਲ ਰੱਖਿਆ ਨਹੀਂ ਕੀਤੀ।"