Veer Baal Diwas: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਦਿੱਲੀ ਦੇ ਮੇਜਰ ਧਿਆਨ ਚੰਦ ਸਟੇਡੀਅਮ ਵਿਚ ਹੋਣ ਵਾਲੇ ਇਤਿਹਾਸਕ ਸਮਾਗਮ ’ਚ ਹਿੱਸਾ ਲੈਣਗੇ। ਕੇਂਦਰ ਸਰਕਾਰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾ ਰਹੀ ਹੈ। ਦੁਪਹਿਰੇ 12.30 ’ਤੇ ਪ੍ਰਧਾਨ ਮੰਤਰੀ ਸ਼ਬਦ ਕੀਰਤਨ ਮੌਕੇ ਹਾਜ਼ਰੀ ਭਰਨਗੇ। ਮੋਦੀ ਇਸ ਮੌਕੇ ਕਰੀਬ ਤਿੰਨ ਹਜ਼ਾਰ ਬੱਚਿਆਂ ਦੇ ਮਾਰਚ-ਪਾਸਟ ਨੂੰ ਹਰੀ ਝੰਡੀ ਦਿਖਾਉਣਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਸਰਕਾਰ ਨਾਗਰਿਕਾਂ, ਤੇ ਖਾਸ ਤੌਰ ਉਤੇ ਜਵਾਨ ਹੋ ਰਹੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਮਿਸਾਲੀ ਹੌਸਲੇ ਦੀ ਕਹਾਣੀ ਬਾਰੇ ਜਾਣੂ ਕਰਵਾਉਣਾ ਚਾਹੁੰਦੀ ਹੈ।


ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਇਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਨਿਸ਼ਾਨੇ ’ਤੇ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵੀਰ ਬਾਲ ਦਿਵਸ ਨਾਂ ਕੌਮ ਨੂੰ ਪ੍ਰਵਾਨ ਨਹੀਂ ਪਰ ਫਿਰ ਵੀ ਕਾਲਕਾ ਕੇਂਦਰ ਸਰਕਾਰ ਦਾ ਮੋਹਰਾ ਬਣੇ ਹੋਏ ਹਨ। ਉਨ੍ਹਾਂ ਦਿੱਲੀ ਕਮੇਟੀ ਦੇ ਪ੍ਰਧਾਨ ਨੂੰ ਸੁਆਲ ਕੀਤਾ ਕਿ ਕੀ ਇਹ ਸ੍ਰੀ ਅਕਾਲ ਤਖਤ ਦਾ ਹੁਕਮ ਮੰਨਣ ਤੋਂ ਇਨਕਾਰੀ ਹੋਣਾ ਨਹੀਂ ਹੈ।


ਉਧਰ, ਦਲ ਖਾਲਸਾ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਸਿੱਖ ਆਗੂ ਸਰਕਾਰੀ ਸਰਪ੍ਰਸਤੀ ਹੇਠ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾ ਰਹੇ ਹਨ, ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ’ਤੇ ਤਲਬ ਕੀਤਾ ਜਾਵੇ। ਇਸ ਜਥੇਬੰਦੀ ਦੇ ਕਾਰਕੁਨ ਅੱਜ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਬੰਧੀ ਕਰਵਾਏ ਸਮਾਗਮ ਵਿਚ ਸ਼ਾਮਲ ਹੋਣ ਲਈ ਪੁੱਜੇ ਸਨ। 


ਦਲ ਖਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਤੇ ਬੁਲਾਰੇ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਕੁਝ ਸਿੱਖ ਸੰਸਥਾਵਾਂ ਵੱਲੋਂ ਕੇਂਦਰੀ ਹਕੂਮਤ ਦੇ ਪ੍ਰਭਾਵ ਹੇਠ ਦਿੱਲੀ ਤੇ ਹੋਰਨਾਂ ਥਾਵਾਂ ’ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੇ ਨਾਂ ਹੇਠ ਮਨਾਉਣ ਲਈ ਸਮਾਗਮ ਕਰਵਾਏ ਜਾ ਰਹੇ ਹਨ। ਜਥੇਬੰਦੀ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਇਸ ਮਾਮਲੇ ਦਾ ਨੋਟਿਸ ਲੈਣ ਲਈ ਕਿਹਾ ਹੈ।