ਚੰਡੀਗੜ੍ਹ: ਪੰਜਾਬ ਵਿਚ ਫੈਲੀ ਮਹਾਮਾਰੀ ਦੇ ਲਈ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸਿਹਤ ਮੰਤਰੀ ਬ੍ਰਹਮ ਮੋਹਿੰਦਰਾ ਜ਼ਿੰਮੇਦਾਰ ਹਨ। ਇਸ ਲਈ ਸਿੱਧੂ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਇਹ ਗੱਲ ਬੀਜੇਪੀ ਦੇ ਲੀਡਰ ਵਿਨੀਸ਼ ਜੋਸ਼ੀ ਨੇ ਕਿਹਾ ਹੈ।ਉਨ੍ਹਾਂ ਕਿਹਾ ਕਿ ਅਪਣੇ 7 ਮਹੀਨੇ ਦੇ ਕਾਰਜਕਾਲ ਵਿਚ ਕੋਈ ਵੀ ਚੋਣ ਵਾਅਦਾ ਪੂਰਾ ਨਾ ਕਰਨ ਵਾਲੀ ਪੰਜਾਬ ਦੀ ਕੈਪਟਨ ਸਰਕਾਰ ਤਾਂ ਮੱਛਰ ਮਾਰਣ ਵਿਚ ਵੀ ਅਸਫਲ ਹੈ।
ਓਧਰ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਅੰਦਰ ਫੈਲੇ ਡੇਂਗੂ ਦੇ ਕਹਿਰ ਉੱਤੇ ਕਾਬੂ ਪਾਉਣ ਅਤੇ ਪਲੇਟਲੈਟ ਪਾਉਣ ਦੀਆਂ ਸਹੂਲਤਾਂ ਵਧਾਉਣ ਲਈ ਅੱਜ ਕਾਂਗਰਸ ਸਰਕਾਰ ਨੂੰ ਹੰਗਾਮੀ ਕਦਮ ਚੁੱਕਣ ਲਈ ਆਖਿਆ ਹੈ। ਪਾਰਟੀ ਨੇ ਕਿਹਾ ਕਿ ਸਿਹਤ ਵਿਭਾਗ ਦੀ ਨਾਕਾਮੀ ਕਾਰਨ ਪੰਜਾਬ ਅੰਦਰ ਡੇਂਗੂ ਇੱਕ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕਿਆ ਹੈ।
ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਡੇਂਗੂ ਦਾ ਸਭ ਤੋਂ ਵੱਧ ਕਹਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇ ਆਪਣੇ ਜ਼ਿਲ੍ਹੇ ਪਟਿਆਲਾ ਅੰਦਰ ਵੇਖਣ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਕੀਮਤੀ ਜਾਨਾਂ ਅਜਾਂਈ ਜਾ ਰਹੀਆਂ ਹਨ। ਇੱਕਲੇ ਪਟਿਆਲਾ ੪ ਮੌਤਾਂ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਪਰ ਕਾਂਗਰਸ ਸਰਕਾਰ ਅਜੇ ਵੀ ਨੀਂਦ ਵਿਚੋਂ ਨਹੀਂ ਜਾਗੀ ਹੈ ਅਤੇ ਸਥਿਤੀ ਨੂੰ ਕਾਬੂ ਕਰਨ ਲਈ ਕੁੱਝ ਵੀ ਨਹੀਂ ਕੀਤਾ ਜਾ ਰਿਹਾ ਹੈ।
ਡਾਕਟਰ ਚੀਮਾ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਸਰਕਾਰਾਂ ਹਸਪਤਾਲਾਂ ਵਿਚੋਂ ਮਰੀਜ਼ਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ ਅਤੇ ਉਹਨਾਂ ਨੂੰ ਪ੍ਰਾਈਵੇਟ ਹਸਪਤਾਲਾਂ ਅਤੇ ਕਲੀਨਕਾਂ ਵਿਚ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਸਥਿਤੀ ਦਾ ਜਾਇਜ਼ਾ ਲੈਣ ਅਤੇ ਪੂਰੇ ਸੂਬੇ ਦੇ ਹਸਪਤਾਲਾਂ ਅੰਦਰ ਡੇਂਗੂ ਦੇ ਮਰੀਜ਼ਾਂ ਲਈ ਰਾਂਖਵੇ ਬਿਸਤਰਿਆਂ ਦੀ ਗਿਣਤੀ ਵਧਾਉਣ ਲਈ ਆਖਿਆ। ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਵੱਡੀ ਗਿਣਤੀ ਵਿਚ ਆ ਰਹੇ ਡੇਂਗੂ ਦੇ ਮਰੀਜ਼ਾਂ ਨੂੰ ਰਾਹਤ ਦੇਣ ਲਈ ਪਲੇਟਲੈਟ ਪਾਏ ਜਾਣ ਦੀਆਂ ਸਹੂਲਤਾਂ ਵਿਚ ਵੀ ਵਾਧਾ ਕੀਤੇ ਜਾਣ ਦੀ ਲੋੜ ਹੈ।