ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹੁਕਮਾਂ ‘ਤੇ ਰਿਸ਼ਵਤ ਦੀ ਮੰਗ ਕਰਨ ਵਾਲਾ ਵਿਭਾਗੀ ਕਲਰਕ ਮੁਅੱਤਲ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਸਵੇਰੇ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਸੀ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੀ.ਸੈ. ਪਠਾਨਕੋਟ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਅਰੁਣ ਕੁਮਾਰ ਜਾਇਜ਼ ਕੰਮ ਕਰਨ ਬਦਲੇ ਵੀ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Govt) ਵੱਲੋਂ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਰਹਿਤ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਦੱਸਿਆ ਕਿ ਅੱਜ ਸਵੇਰੇ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਸੀ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੀ.ਸੈ. ਪਠਾਨਕੋਟ (Pathankot) ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਅਰੁਣ ਕੁਮਾਰ ਜਾਇਜ਼ ਕੰਮ ਕਰਨ ਬਦਲੇ ਵੀ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਨਾਲ ਕਾਲ ਰਿਕਾਰਡਿੰਗ ਵੀ ਉਪਲਬਧ ਕਰਵਾਈ ਸੀ।
ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਿਕਾਇਤ ਸਬੰਧੀ ਤੁਰੰਤ ਮੁਢਲੀ ਜਾਂਚ ਕਰਵਾਈ ਅਤੇ ਦੋਸ਼ ਸਹੀ ਪਾਏ ਗਏ। ਜਿਸ ਤੇ ਉਨ੍ਹਾਂ ਡੀ.ਪੀ.ਆਈ. ਸੈਕੰਡਰੀ ਸਿੱਖਿਆ ਨੂੰ ਹੁਕਮ ਦਿੱਤੇ ਕਿ ਅਰੁਣ ਕੁਮਾਰ (Arun Kumar) ਕਲਰਕ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ। ਜਿਸ ਸਬੰਧੀ ਵਿਭਾਗੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :