ਜਲੰਧਰ: ਆਉਣ ਵਾਲੇ ਮਾਨਸੂਨ ਦੇ ਸੀਜ਼ਨ ਦੌਰਾਨ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਲੋਹੀਆਂ ਤੋਂ ਫਿਰੋਜ਼ਪੁਰ ਸੜਕ ’ਤੇ ਗਿੱਦੜਪਿੰਡੀ ਵਿਖੇ ਸਤਲੁਜ ਦਰਿਆ ’ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਦੇ ਢੇਰਾਂ ਦੀ ਸਫਾਈ ਦੇ ਕੰਮ ਵਿੱਚ ਯੋਗਦਾਨ ਵਜੋਂ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ ਗਿਆ।


ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਰੇਲਵੇ ਪੁਲ ਦਾ ਦੌਰਾ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪੁਲ ਹੇਠੋਂ ਮਿੱਟੀ ਦੇ ਢੇਰਾਂ ਦੀ ਸਫਾਈ ਕਰਵਾਉਣ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿੱਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿੱਚ ਮਦਦ ਮਿਲੇਗੀ। ਉਨ੍ਹਾਂ ਭਵਿੱਖ ਵਿੱਚ ਵੀ ਇਸ ਕੰਮ ਵਿੱਚ ਪ੍ਰਸ਼ਾਸਨ ਵੱਲੋਂ ਸੰਤ ਸੀਚੇਵਾਲ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ ਤਾਂ ਜੋ ਪੁਲ ਹੇਠੋਂ ਪਾਣੀ ਬਿਨਾਂ ਕਿਸੇ ਰੁਕਾਵਟ ਦੇ ਲੰਘ ਸਕੇ ਅਤੇ ਹੜ੍ਹਾਂ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ।




ਉਨ੍ਹਾਂ ਇਹ ਵੀ ਦੱਸਿਆ ਕਿ ਮੌਨਸੂਨ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਵਿਸ਼ਾਲ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਡਰੇਨੇਜ਼ ਦੀ ਸਫਾਈ ਤੋਂ ਲੈ ਕੇ ਹੜ੍ਹ ਸੰਭਾਵਿਤ ਖੇਤਰਾਂ ਨੂੰ ਹੋਰ ਮਜ਼ਬੂਤ ਕਰਨ ਦੇ ਕਾਰਜ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 4 ਕਰੋੜ 96 ਲੱਖ ਦੀ ਲਾਗਤ ਨਾਲ 16 ਹੜ ਰੋਕੂ ਕਾਰਜ ਕਰਵਾਏ ਜਾਣਗੇ, ਜਿਨ੍ਹਾਂ ਵਿੱਚ 3.69 ਲੱਖ ਦੀ ਲਾਗਤ ਵਾਲੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ 8 ਕਾਰਜ ਅਤੇ 1 ਕਰੋੜ 27 ਲੱਖ ਦੀ ਲਾਗਤ ਵਾਲੇ 8 ਡਰੇਨੇਜ਼ ਦੀ ਸਫਾਈ ਨਾਲ ਸਬੰਧਤ ਕਾਰਜ ਸ਼ਾਮਲ ਹਨ।


ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ਦੇ ਟੈਂਡਰ ਖੁੱਲ੍ਹ ਚੁੱਕੇ ਹਨ ਅਤੇ ਹੜ੍ਹ ਸੰਭਾਵਿਤ ਥਾਵਾਂ ’ਤੇ ਪੱਥਰ ਆਦਿ ਸਮੱਗਰੀ ਪਹੁੰਚਣ ਨਾਲ ਹੜ੍ਹ ਰੋਕੂ ਪ੍ਰਾਜੈਕਟਾਂ ’ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਮਾਨਸੂਨ ਦੌਰਾਨ ਕਿਸੇ ਵੀ ਹੜ ਵਰਗੀ ਸਥਿਤੀ ਨਾਲ ਨਜਿੱਠਿਆ ਜਾ ਸਕੇ।


ਇਹ ਵੀ ਪੜ੍ਹੋ: ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੇ ਸਨਮਾਨ ਲਈ ਖੇਡ ਨੀਤੀ ਵਿੱਚ ਸੋਧ ਕੀਤੀ ਜਾਵੇਗੀ: ਮੀਤ ਹੇਅਰ