Punjab News: ਜੇਲ੍ਹ ਸੁਪਰਡੈਂਟ ਹੀ ਜੇਲ੍ਹ 'ਚ ਗੈਂਗਸਟਰਾਂ, ਅੱਤਵਾਦੀਆਂ ਤੇ ਨਸ਼ਾ ਤਸਕਰਾਂ ਨਾਲ ਮਿਲ ਕੇ ਖੇਡ ਰਿਹਾ ਸੀ ਖਤਰਨਾਕ ਖੇਡ, ਪੁਲਿਸ ਨੇ ਇੰਝ ਦਬੋਚਿਆ
ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡਿਪਟੀ ਜੇਲ੍ਹ ਸੁਪਰੀਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰਾਂ, ਅੱਤਵਾਦੀਆਂ ਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫ਼ੋਨ ਮੁਹੱਈਆ ਕਰਵਾਉਣ ਤੇ ਵੱਡੀ ਪੱਧਰ 'ਤੇ ਪੈਸੇ ਵਸੂਲਣ ਦੇ ਦੋਸ਼ ਹੇਠ...
Punjab News: ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡਿਪਟੀ ਜੇਲ੍ਹ ਸੁਪਰੀਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰਾਂ, ਅੱਤਵਾਦੀਆਂ ਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫ਼ੋਨ ਮੁਹੱਈਆ ਕਰਵਾਉਣ ਤੇ ਵੱਡੀ ਪੱਧਰ 'ਤੇ ਪੈਸੇ ਵਸੂਲਣ ਦੇ ਦੋਸ਼ ਹੇਠ ਫ਼ਿਰੋਜ਼ਪੁਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ (ਡਿਪਟੀ ਸੁਪਰਡੈਂਟ) ਨੂੰ ਐਸਐਚਓ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਧਾਲੀਵਾਲ ਉੱਪਰ ਜੇਲ੍ਹ ਵਿੱਚ ਬੰਦ ਅੱਤਵਾਦੀਆਂ, ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫ਼ੋਨ ਦੇ ਸਿਮ ਕਾਰਡ ਮੁਹੱਈਆ ਕਰਵਾਉਣ ਤੇ ਬਦਲੇ ਵਿੱਚ ਮੋਟੀ ਰਕਮ ਵਸੂਲਣ ਦੇ ਦੋਸ਼ ਹਨ।
ਪੁਲਿਸ ਮੁਤਾਬਕ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ 'ਚ ਪੁਲਿਸ ਜਦੋਂ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਬਗਦਾਦੀ ਗੇਟ ਫਿਰੋਜ਼ਪੁਰ ਸ਼ਹਿਰ ਦੇ ਇਲਾਕੇ 'ਚ ਪਹੁੰਚੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ, ਜੋ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਬਤੌਰ ਡਿਪਟੀ ਸੁਪਰਡੈਂਟ ਤਾਇਨਾਤ ਹੈ, ਜੇਲ੍ਹ ਅੰਦਰ ਆਪਣੇ ਸਟਾਫ਼ ਨਾਲ ਮਿਲ ਕੇ ਹਵਾਲਾਤੀਆਂ ਤੇ ਕੈਦੀਆਂ ਨੂੰ ਵੱਡੀ ਪੱਧਰ 'ਤੇ ਮੋਬਾਈਲ ਫ਼ੋਨ, ਸਿਮ ਤੇ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਂਦੇ ਹੈ।
ਉਹ ਬਾਹਰੋਂ ਨਸ਼ਾ ਤਸਕਰਾਂ ਤੋਂ ਨਸ਼ਾ ਪ੍ਰਾਪਤ ਕਰਕੇ ਆਪਣੇ ਸਟਾਫ਼ ਰਾਹੀਂ ਤੇ ਖੁਦ ਜੇਲ੍ਹ ਅੰਦਰ ਕੈਦੀਆਂ ਨੂੰ ਸਪਲਾਈ ਕਰਦਾ ਹੈ। ਇਨ੍ਹਾਂ ਵੱਲੋਂ ਸਪਲਾਈ ਮੋਬਾਈਲ ਨੰਬਰ 96466 85719 ਤੇ 9914187049 ਦੀ ਵਰਤੋਂ ਅਜੇ ਵੀ ਜੇਲ੍ਹ ਅੰਦਰ ਕੀਤੀ ਜਾ ਰਹੀ ਹੈ।
ਪੁਲਿਸ ਨੂੰ ਇਹ ਵੀ ਸੂਚਨਾ ਮਿਲੀ ਸੀ ਕਿ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ ਵੱਲੋਂ ਗੈਂਗਸਟਰਾਂ, ਅੱਤਵਾਦੀਆਂ ਤੇ ਨਸ਼ਾ ਤਸਕਰਾਂ ਨਾਲ ਮਿਲ ਕੇ ਡਰੋਨ ਰਾਹੀਂ ਬਾਹਰਲੇ ਸੂਬਿਆਂ ਤੋਂ ਕੌਮਾਂਤਰੀ ਬਾਰਡਰ ਤੋਂ ਮੋਬਾਈਲ ਤੇ ਨਸ਼ੀਲੇ ਪਦਾਰਥ ਲਿਆਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਦੇ ਉੱਚ ਸੁਰੱਖਿਆ ਖੇਤਰ ਵਿੱਚ ਬੰਦ ਹਵਾਲਾਤੀਆਂ, ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ ਵੱਲੋਂ 20/25 ਦਿਨ ਪਹਿਲਾਂ 5 ਮੋਬਾਈਲ ਫੋਨ ਦਿੱਤੇ ਗਏ ਸਨ, ਜਿਸ ਦੇ ਬਦਲੇ ਮੋਟੀ ਰਕਮ ਲਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।