ਫਰੀਦਕੋਟ : 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਵਿਵਾਦਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸੀਜੇਐਮ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਹੈ। ਇਸ ਦੇ ਨਾਲ ਹੀ ਅਦਾਲਤ ਵਿੱਚ 50 ਹਜ਼ਾਰ ਦਾ ਜ਼ਮਾਨਤੀ ਬਾਂਡ ਭਰਨ ਦੇ ਹੁਕਮ ਦਿੱਤੇ ਹਨ। 


ਬੇਅਦਬੀ ਮਾਮਲੇ ਨਾਲ ਸਬੰਧਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਇਸ ਮਾਮਲੇ ਵਿੱਚ ਹੇਠਲੀ ਅਦਾਲਤ ਵਿੱਚ ਜ਼ਮਾਨਤੀ ਬਾਂਡ ਵੀ ਭਰਿਆ ਜਾ ਚੁੱਕਾ ਹੈ ,ਜਦਕਿ ਬਾਕੀ ਦੋਵੇਂ ਕੇਸਾਂ ਵਿੱਚ ਜ਼ਮਾਨਤ ਲਈ ਡੇਰਾ ਮੁਖੀ ਨੇ ਪਟੀਸ਼ਨ ਦਾਇਰ ਕੀਤੀ ਸੀ।

 

ਜਾਣਕਾਰੀ ਮੁਤਾਬਕ ਬਰਗਾੜੀ ਬੇਅਦਬੀ ਮਾਮਲੇ ਦੌਰਾਨ ਕੁੱਲ ਤਿੰਨ ਘਟਨਾਵਾਂ ਸਾਹਮਣੇ ਆਈਆਂ ਸਨ। ਸਭ ਤੋਂ ਪਹਿਲਾਂ 1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋ ਗਿਆ ਸੀ। ਇਸੇ ਸਾਲ 24 ਸਤੰਬਰ ਨੂੰ ਉਕਤ ਗੁਰਦੁਆਰਾ ਸਾਹਿਬ ਦੇ ਬਾਹਰ ਵਿਵਾਦਤ ਪੋਸਟਰ ਲਗਾਇਆ ਗਿਆ ਸੀ ਅਤੇ ਕੁਝ ਸਮੇਂ ਬਾਅਦ 12 ਅਕਤੂਬਰ 2015 ਨੂੰ ਪਿੰਡ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ ਸੀ।

ਤਿੰਨਾਂ ਘਟਨਾਵਾਂ ਸਬੰਧੀ ਥਾਣਾ ਬਾਜਾਖਾਨਾ ਵਿੱਚ ਕ੍ਰਮਵਾਰ ਐਫਆਈਆਰ ਨੰਬਰ 63, 117 ਅਤੇ 128 ਦਰਜ ਹਨ। ਇਸ ਵਿੱਚ ਜਾਂਚ ਤੋਂ ਬਾਅਦ ਪੰਜਾਬ ਪੁਲਿਸ ਦੀ ਐਸ.ਆਈ.ਟੀ. ਨੇ ਡੇਰਾ ਸਿਰਸਾ ਦੇ ਪੈਰੋਕਾਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ।  ਇਸ ਤੋਂ ਇਲਾਵਾ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਤੋਂ ਇਲਾਵਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀ ਚਾਰਜਸ਼ੀਟ ਕੀਤਾ ਗਿਆ।

 

ਇਨ੍ਹਾਂ ਤਿੰਨਾਂ ਮਾਮਲਿਆਂ ਵਿੱਚ ਵੀ ਤਿੰਨ ਦਿਨ ਪਹਿਲਾਂ ਡੇਰਾ ਮੁਖੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਣਾ ਪਿਆ ਸੀ। ਇਸੇ ਦਿਨ ਡੇਰਾ ਮੁਖੀ ਨੇ ਸਵਰੂਪ ਚੋਰੀ ਦੇ ਕੇਸ (ਐਫਆਈਆਰ ਨੰਬਰ 63) ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਅਗਾਊਂ ਜ਼ਮਾਨਤ ਦੇ ਆਧਾਰ ’ਤੇ ਫਰੀਦਕੋਟ ਅਦਾਲਤ ਵਿੱਚ 50 ਹਜ਼ਾਰ ਦਾ ਜ਼ਮਾਨਤੀ ਬਾਂਡ ਵੀ ਭਰਿਆ ਸੀ। ਬਾਕੀ ਦੋ ਮਾਮਲਿਆਂ (ਐਫਆਈਆਰ-117 ਅਤੇ 128) ਵਿੱਚ ਵੀ ਡੇਰਾ ਮੁਖੀ ਨੇ ਹੁਣ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ।