ਬਰਗਾੜੀ ਬੇਅਦਬੀ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਦੀ ਹੋਏਗੀ ਗ੍ਰਿਫਤਾਰੀ, SIT ਅਦਾਲਤ 'ਚ ਪੇਸ਼ ਕਰੇਗੀ ਚਲਾਨ
ਪੰਜਾਬ ਪੁਲਿਸ ਦੀ SIT ਜਲਦ ਹੀ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜਿਸ਼ਕਰਤਾ ਡੇਰਾਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰੇਗੀ।
ਚੰਡੀਗੜ੍ਹ: ਪੰਜਾਬ ਪੁਲਿਸ ਦੀ SIT ਜਲਦ ਹੀ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜਿਸ਼ਕਰਤਾ ਡੇਰਾਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰੇਗੀ। ਇਸ ਸਬੰਧੀ ਚਲਾਨ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ 467 ਪੰਨਿਆਂ ਦੀ ਅੰਤਿਮ ਰਿਪੋਰਟ ਸਿੱਖ ਆਗੂਆਂ ਨੂੰ ਸੌਂਪ ਦਿੱਤੀ।ਰਿਪੋਰਟ ਮੁਤਾਬਿਕ ਕੋਈ ਸਿਆਸੀ ਸ਼ਮੂਲੀਅਤ ਨਹੀਂ।
2021 ਵਿੱਚ ਆਈ. ਪੀ. ਐਸ ਅਧਿਕਾਰੀ ਸੁਰਿੰਦਰ ਪਾਲ ਪਰਮਾਰ ਦੀ ਅਗਵਾਈ ਹੇਠ ਬਣਾਈ ਗਈ ਐਸ. ਆਈ. ਟੀ ਵੱਲੋਂ ਇਹ ਰਿਪੋਰਟ ਤਿਆਰ ਕੀਤੀ ਗਈ ਹੈ।ਬਰਗਾੜੀ ਬੇਅਦਬੀ ਮਾਮਲੇ 'ਤੇ SIT ਦੀ 467 ਪੰਨਿਆਂ ਦੀ ਅੰਤਿਮ ਰਿਪੋਰਟ ਨੇ ਸਾਰੀਆਂ ਘਟਨਾਵਾਂ ਲਈ ਡੇਰਾ ਸੱਚਾ ਸੌਦਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ।ਇਸ ਦੇ ਰਾਮ ਰਹੀਮ ਨੂੰ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ।
ਰਿਪੋਰਟ ਮੁਤਾਬਕ ਡੇਰਾਮੁਖੀ ਦੇ ਚੇਲੇ ਹਰਸ਼ ਪੁਰੀ, ਪ੍ਰਦੀਪ ਕਲੇਰ, ਸੰਦੀਪ ਬਰੇਟਾ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। 2007 ਤੋਂ ਪਹਿਲਾਂ ਡੇਰਾ ਸੱਚਾ ਸੌਦਾ ਅਤੇ ਸਿੱਖ ਕੌਮ ਵਿੱਚ ਕੋਈ ਵਿਵਾਦ ਨਹੀਂ ਸੀ ਪਰ ਮਈ 2007 ਵਿੱਚ ਜਦੋਂ ਡੇਰਾਮੁਖੀ ਨੇ ਗੁਰੂ ਗੋਬਿੰਦ ਸਿੰਘ ਜੀ ਵਰਗਾ ਪਹਿਰਾਵਾ ਪਾ ਕੇ ਡੇਰਾ ਪ੍ਰੇਮੀਆਂ ਨੂੰ ਜਾਮ-ਏ-ਇਨਸਾਨ ਦੇਣ ਅਤੇ ਅੰਮ੍ਰਿਤ ਛਕਾਉਣ ਦੀ ਰਸਮ ਅਦਾ ਕੀਤੀ ਤਾਂ ਪੂਰੇ ਪੰਜਾਬ ਵਿੱਚ ਹੀ ਨਹੀਂ ਸਗੋਂ ਭਾਰਤ ਅਤੇ ਦੁਨੀਆਂ ਭਰ ਵਿੱਚ ਵੱਸਦੇ ਸਿੱਖਾਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਇਸ ਦੌਰਾਨ ਕਈ ਖੂਨੀ ਝੜਪਾਂ ਹੋਈਆਂ ਅਤੇ ਪਬਲਿਕ ਪ੍ਰੋਪਟੀ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ।
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਡੇਰਾ ਪ੍ਰੇਮੀਆਂ ਨਾਲ ਰੋਟੀ-ਰੋਜ਼ੀ ਦਾ ਸਬੰਧ ਨਾ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਨਾਲ ਹੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਡੇਰਾਮੁਖੀ ਖਿਲਾਫ ਬਠਿੰਡਾ ਥਾਣੇ ਵਿੱਚ ਵੀ ਕੇਸ ਦਰਜ ਕੀਤਾ ਗਿਆ ਸੀ। ਹੁਕਮਾਂ ਤੋਂ ਬਾਅਦ ਡੇਰਾਮੁਖੀ ਨੇ ਮੁਆਫ਼ੀ ਵੀ ਮੰਗ ਲਈ ਪਰ ਸਿੰਘ ਸਾਹਿਬਾਨ ਨੇ ਮੁਆਫ਼ੀ ਮੰਗਣ ਦੇ ਢੰਗ 'ਤੇ ਇਤਰਾਜ਼ ਪ੍ਰਗਟਾਉਂਦਿਆਂ ਉਸ ਨੂੰ ਮੁਆਫ਼ ਕਰਨ ਤੋਂ ਇਨਕਾਰ ਕਰ ਦਿੱਤਾ। ਉਦੋਂ ਤੋਂ ਹੀ ਡੇਰਾ ਸੱਚਾ ਸੌਦਾ ਅਤੇ ਸਿੱਖ ਧਾਰਮਿਕ ਆਗੂਆਂ ਵਿਚਾਲੇ ਤਣਾਅ ਵਧਣਾ ਸ਼ੁਰੂ ਹੋ ਗਿਆ ਸੀ। ਭਾਈ ਰਣਜੀਤ ਸਿੰਘ ਢੱਡਰੀਆਂਵਾਲੇ, ਸੰਤ ਬਲਜੀਤ ਸਿੰਘ ਦਾਦੂਵਾਲ, ਭਾਈ ਪੰਥਪ੍ਰੀਤ ਸਿੰਘ ਖਾਲਸਾ, ਭਾਈ ਦਲੇਰ ਸਿੰਘ ਖੇੜੀਵਾਲੇ, ਭਾਈ ਹਰਜਿੰਦਰ ਸਿੰਘ ਮਾਝੀ ਸਮੇਤ ਸਿੱਖ ਧਰਮ ਦੇ ਪ੍ਰਚਾਰਕਾਂ ਨੇ ਆਪੋ-ਆਪਣੇ ਦੀਵਾਨਾਂ 'ਤੇ ਡੇਰੇ ਖਿਲਾਫ ਖੁੱਲ ਕੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ।