Punjab News: ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਬਾਰੇ ਅਜੇ ਤੱਕ ਪੁਲਿਸ ਦੇ ਹੱਥ ਕੁਝ ਨਹੀਂ ਲੱਗਾ। ਸੀਸੀਟੀਵੀ ਵੀਡੀਓ ਸਾਹਮਣੇ ਆਉਣ ਦੇ ਬਾਵਜੂਦ ਪੁਲਿਸ ਹਮਲਾਵਾਰਾਂ ਦੀ ਸ਼ਨਾਖਤ ਤੱਕ ਨਹੀਂ ਕਰ ਸਕੀ। ਅਹਿਮ ਗੱਲ ਹੈ ਕਿ ਹਮਲਾਵਾਰਾਂ ਨੇ ਕੋਈ ਮੂੰਹ-ਸਿਰ ਵੀ ਨਹੀਂ ਸੀ ਢੱਕਿਆ। ਉਹ ਸ਼ਰੇਆਮ ਮੋਟਰਸਾਈਕਲਾਂ ਉੱਪਰ ਆਏ ਤੇ ਕਤਲ ਕਰਨ ਮਗਰੋਂ ਲੋਪ ਹੋ ਗਏ। 


 ਇਸ ਘਟਨਾ ਤੋਂ ਬਾਅਦ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਕਿਹਾ ਸੀ ਕਿ ਹਮਲਾਵਰਾਂ ਦੇ ਸੁਰਾਗ ਦੇ ਆਧਾਰ 'ਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਮਾਮਲੇ ਦੀ ਜਾਂਚ ਲਈ ਐਸਆਈਟੀ ਵੀ ਗਠਿਤ ਕੀਤੀ ਗਈ ਹੈ ਪਰ ਪੁਲਿਸ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਦੇ ਸਵਾਲ 'ਤੇ ਪਲਿਸ ਅਜੇ ਚੁੱਪ ਹੈ।


ਇਹ ਵੀ ਅਹਿਮ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਡੀਜੀਪੀ ਤੇ ਸੀਨੀਅਰ ਅਫਸਰਾਂ ਨੂੰ ਹਮਲਾਵਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ ਪਰ ਘਟਨਾ ਵਾਪਰੇ ਨੂੰ 24 ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ ਤੇ ਪੁਲਿਸ ਮੁਲਜ਼ਮਾਂ ਦੀ ਸ਼ਨਾਖਤ ਤੱਕ ਨਹੀਂ ਕਰ ਸਕੀ। ਅਜੇ ਤੱਕ ਪੁਲਿਸ ਦੇ ਹੱਥ ਕੋਈ ਸਫਲਤਾ ਨਹੀਂ ਲੱਗੀ। 


ਪੰਜਾਬ ਪੁਲਿਸ ਵਿਭਾਗ ਦਾ ਸੀਆਈਡੀ ਵਿੰਗ ਤੇ ਇੰਟੈਲੀਜੈਂਸ ਸਿਸਟਮ ਵੀ ਹੁਣ ਤੱਕ ਬੇਵੱਸ ਨਜ਼ਰ ਆ ਰਿਹਾ ਹੈ। ਪੁਲਿਸ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪੰਜ ਹਮਲਾਵਰਾਂ ਵਿੱਚੋਂ ਕਿਸੇ ਨੂੰ ਵੀ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ ਤੇ ਨਾ ਹੀ ਕਿਸੇ ਦੀ ਪਛਾਣ ਦੀ ਪੁਸ਼ਟੀ ਹੋਈ ਹੈ।


 
ਦੱਸ ਦਈਏ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਗਲੀਆਂ ਵਿੱਚ ਖਿਲਾਰ ਕੇ ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ ਦੇ ਇਲਜ਼ਾਮਾਂ ਵਿੱਚ ਘਿਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਉਰਫ਼ ਰਾਜੂ ਨੂੰ ਵੀਰਵਾਰ ਛੇ ਹਥਿਆਰਬੰਦ ਨੌਜਵਾਨਾਂ ਨੇ ਸਵੇਰੇ 7 ਕੁ ਵਜੇ ਉਸ ਦੀ ਦੁਕਾਨ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਕਰਿਆਨੇ ਦੀ ਦੁਕਾਨ ਤੇ ਡੇਅਰੀ ਚਲਾਉਣ ਵਾਲੇ ਪ੍ਰਦੀਪ ਸਿੰਘ ਨੂੰ ਉਸ ਦੇ ਸੁਰੱਖਿਆ ਮੁਲਾਜ਼ਮ ਹਾਕਮ ਸਿੰਘ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਦੇ ਵੀ ਗੋਲੀ ਮਾਰ ਦਿੱਤੀ ਸੀ। 


ਪ੍ਰਦੀਪ ਸਿੰਘ ਜਦੋਂ ਬਚਾਅ ਲਈ ਭੱਜਣ ਲਈ ਲੱਗਾ ਤਾਂ ਇੱਕ ਗੋਲੀ ਨੇੜੇ ਖੜ੍ਹੇ ਸਾਬਕਾ ਐਮਸੀ ਅਮਰ ਸਿੰਘ ਵਿਰਦੀ ਨੂੰ ਵੀ ਲੱਗ ਗਈ ਸੀ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਤੁਰੰਤ ਤਿੰਨੋਂ ਵਿਅਕਤੀਆਂ ਨੂੰ ਕੋਟਕਪੂਰਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ ਜਿੱਥੋਂ ਉਨ੍ਹਾਂ ਨੂੰ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ।