ਅੰਮ੍ਰਿਤਸਰ: ਭਕਨਾ ਐਨਕਾਊਂਟਰ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਕੱਲ੍ਹ ਅੰਮ੍ਰਿਤਸਰ ਪੁੱਜ ਰਹੇ ਹਨ। ਉਹ ਗੁਰੂ ਨਾਨਕ ਯੂਨੀਵਰਸਿਟੀ 'ਚ ਲਾਅ ਐਂਡ ਆਰਡਰ ਸਬੰਧੀ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਪੁਲਿਸ ਮੁਲਾਜ਼ਮਾਂ ਨਾਲ ਸਿੱਧੀ ਗੱਲਬਾਤ ਕਰਨਗੇ।


 


ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਨਸ਼ਾ ਤਸਕਰੀ ਤੇ ਗੈਂਗਸਟਰਵਾਦ ਹੈ। ਇਹ ਵੀ ਅਹਿਮ ਹੈ ਕਿ ਨਸ਼ਾ ਤਸਕਰ ਤੇ ਗੈਂਗਸਟਰਾਂ ਦਾ ਆਪਸੀ ਗੱਠਜੋੜ ਹੈ। ਇਸ ਲਈ ਪੰਜਾਬ ਪੁਲਿਸ ਦੇ ਨਿਸ਼ਾਨੇ ਉੱਪਰ ਨਸ਼ਾ ਤਸਕਰ ਤੇ ਗੈਂਗਸਟਰ ਹਨ। ਇਸ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸਮੂਹ ਐਸਐਸਪੀਜ਼ ਨੂੰ ਆਦੇਸ਼ ਦਿੱਤਾ ਹੈ ਕਿ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਕੋਈ ਕਸਰ ਨਾ ਛੱਡੀ ਜਾਵੇ।  


ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਸਮੂਹ ਐਸਐਸਪੀਜ਼ ਨਾਲ ਅਪਰਾਧਾਂ ਨੂੰ ਨੱਥ ਪਾਉਣ ਲਈ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀਜ਼) ਤੇ ਸਾਰੀਆਂ ਰੇਂਜਾਂ ਦੇ ਆਈਜੀਪੀ ਵੀ ਸ਼ਾਮਲ ਸਨ। 



ਡੀਜੀਪੀ ਨੇ ਸਮੂਹ ਐਸਐਸਪੀ ਨੂੰ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦੀ ਸ਼ਨਾਖ਼ਤ ਕਰ ਕੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ’ਤੇ ਸਖ਼ਤੀ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੰਜਾਬ ਪੁਲੀਸ ਦੀਆਂ ਕਾਊਂਟਰ ਇੰਟੈਲੀਜੈਂਸ, ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਟਾਸਕ ਫੋਰਸ ਆਦਿ ਸਣੇ ਸਾਰੀਆਂ ਇਕਾਈਆਂ ਨੂੰ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੇ ਨਾਲ-ਨਾਲ ਗੈਂਗਸਟਰਾਂ ਨੂੰ ਖ਼ਤਮ ਕਰਨ, ਅਮਨ-ਕਾਨੂੰਨ ਨੂੰ ਕਾਇਮ ਰੱਖਣ ਤੇ ਅਪਰਾਧ ਦਾ ਪਤਾ ਲਗਾਉਣ ਲਈ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਕੰਮ ਕਰਨ ਲਈ ਆਦੇਸ਼ ਦਿੱਤੇ। 



ਡੀਜੀਪੀ ਗੌਰਵ ਯਾਦਵ ਨੇ ਸਾਰੇ ਐਸਐਸਪੀ ਨੂੰ ਹਰ ਮਾਮਲੇ ਖ਼ਾਸ ਤੌਰ ’ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਿਤ ਕੇਸਾਂ ਵਿੱਚ ਸਾਰੇ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਸਖ਼ਤ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਪਾਰਕ ਬਰਾਮਦਗੀ ’ਤੇ ਧਿਆਨ ਕੇਂਦਰਿਤ ਤੇ ਐਨਡੀਪੀਐਸ ਕੇਸਾਂ ਵਿੱਚ ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ।