Punjab news: ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 2024 ਦੀਆਂ ਆਮ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ, ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਸਰਹੱਦੀ ਰਾਜ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। 


ਦਰਅਸਲ , ਡੀਜੀਪੀ ਪੰਜਾਬ , ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਨਾਲ ਹੈੱਡਕੁਆਰਟਰ ਤੋਂ ਸਾਰੇ ਸੀਨੀਅਰ ਪੁਲੀਸ ਅਧਿਕਾਰੀਆਂ, ਰੇਂਜ ਏਡੀਜੀਐਸਪੀ/ਆਈਜੀਐਸਪੀ/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼  ਨਾਲ ਆਮ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਗੱਲਬਾਤ ਕਰ ਰਹੇ ਸਨ।


ਜ਼ਿਕਰਯੋਗ ਹੈ ਕਿ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਵਿੱਚ ਆਮ ਚੋਣਾਂ ਲਈ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਡੀਜੀਪੀ ਗੌਰਵ ਯਾਦਵ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।


ਇਹ ਵੀ ਪੜ੍ਹੋ: Amritsar news: ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ NRI ਨੌਜਵਾਨ ਨੂੰ ਮਾਰੀ ਗੋਲੀ, ਹੋਇਆ ਜ਼ਖ਼ਮੀ


ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓ.) ਅਤੇ ਪੈਰੋਲ ਜੰਪਰਜ਼ ਨੂੰ ਗ੍ਰਿਫ਼ਤਾਰ ਕਰਨ ਅਤੇ ਗੈਰ-ਜ਼ਮਾਨਤੀ ਵਾਰੰਟਾਂ (ਐਨ.ਬੀ.ਡਬਲਿਊ.) ਨੂੰ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸਐਸਪੀਜ਼ ਅਤੇ ਸੀਪੀਜ਼ ਨੂੰ ਨਾਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਤੇ ਸਾਇਕੋਟਰਾਪਿਕ ਪਦਾਰਥਾਂ ਦੀ ਵਿਕਰੀ ਵਿੱਚ ਸ਼ਾਮਲ ਲੋਕਾਂ ਦੀ ਚੌਕਸੀ ਨਾਲ ਨਿਗਰਾਨੀ ਕਰਨ  ਲਈ ਵੀ ਕਿਹਾ ਗਿਆ ਹੈ।


ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਲੋਕਾਂ ਤੋਂ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।


ਹੋਰ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਫਸਰਾਂ ਨੂੰ ਪੁਲਿਸ ਬਲ ਦਾ ਆਡਿਟ ਕਰਨ ਲਈ ਕਿਹਾ ਗਿਆ ਹੈ ਅਤੇ ਚੋਣਾਂ ਦੌਰਾਨ 75 ਫੀਸਦ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਆਪਣੇ ਅਧਿਕਾਰ ਖੇਤਰਾਂ ਵਿੱਚ ਫਲੈਗ ਮਾਰਚ ਕਰਨ ਲਈ ਕਿਹਾ ਗਿਆ ਹੈ।


ਉਨ੍ਹਾਂ ਕਿਹਾ ਕਿ ਅਪਰਾਧੀਆਂ, ਬੁਟਲੇਗਰਾਂ ਅਤੇ ਨਸ਼ਾ ਤਸਕਰਾਂ ਦੀ ਆਵਾਜਾਈ ਨੂੰ ਰੋਕਣ ਲਈ ਅੰਤਰ-ਰਾਜੀ ਸਰਹੱਦਾਂ ’ਤੇ ਚੈਕਿੰਗ ਵਧਾ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਸੁਖਾਵਾਂ ਮਾਹੌਲ ਬਣਾਇਆ ਜਾ ਸਕੇ।


25 ਕੰਪਨੀਆਂ ਵਿੱਚ ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੀਆਂ ਪੰਜ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਾਰੇ ਪੁਲਿਸ ਅਫ਼ਸਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ ਵੀ ਭੇਜ ਦਿੱਤੇ ਗਏ ਹਨ।


ਇਹ ਵੀ ਪੜ੍ਹੋ: Punjab news: ਸਿਆਸੀ ਪਾਰਟੀਆਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਅਗਾਊਂ ਮਨਜ਼ੂਰੀ ਲੈਣ - ਜ਼ਿਲ੍ਹਾ ਚੋਣ ਅਫ਼ਸਰ