ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਚਰਚਿਤ ਲਵਪ੍ਰੀਤ ਖੁਦਕੁਸ਼ੀ ਮਾਮਲੇ 'ਚ ਪੁਲਿਸ ਨੇ ਮ੍ਰਿਤਕ ਲਵਪ੍ਰੀਤ ਦੀ ਸੱਸ ਨੂੰ ਗ੍ਰਿਫਤਾਰ ਕਰ ਲਿਆ ਹੈ। ਮ੍ਰਿਤਕ ਦੀ ਕੈਨੇਡਾ ਰਹਿੰਦੀ ਪਤਨੀ ਬੇਅੰਤ ਕੌਰ ਖਿਲਾਫ ਪੁਲਿਸ ਦੀ ਜਾਂਚ ਜਾਰੀ ਹੈ। ਐੱਸ.ਆਈ.ਟੀ ਦੀ ਜਾਂਚ ਤੋਂ ਬਾਅਦ ਮ੍ਰਿਤਕ ਲਵਪ੍ਰੀਤ ਦੀ ਸੱਸ ਨੂੰ ਗ੍ਰਿਫਤਾਰ ਕਰਨ ਵਾਲੀ ਪੁਲਿਸ ਵਲੋਂ ਬੇਅੰਤ ਕੌਰ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਾਂਚ ਪੁਲਿਸ ਅਧਿਕਾਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਦੀ ਮੌਤ 24 ਜੂਨ 2021 ਨੂੰ ਹੋ ਗਈ ਸੀ। ਜਿਸ ਉਪਰੰਤ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਨੰਬਰ 97 ਥਾਣਾ ਧਨੌਲਾ ਵਿਖੇ 27 ਜੁਲਾਈ-2021 ਨੂੰ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੀ ਪਤਨੀ ਬੇਅੰਤ ਕੌਰ ਦੇ ਖਿਲਾਫ ਧਾਰਾ 420 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। 


ਜਿਸ ਦੀ ਐੱਸ.ਆਈ.ਟੀ. ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੀ ਸੱਸ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਹੈ‌ ਅਤੇ ਬੇਅੰਤ ਕੌਰ ਦੀ ਮਾਂ ਸੁਖਵਿੰਦਰ ਕੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਕੈਨੇਡਾ ਵਿੱਚ ਰਹਿ ਰਹੀ ਬੇਅੰਤ ਕੌਰ ਦਾ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


ਦੱਸ ਦੇਈਏ ਕਿ ਲਵਪ੍ਰੀਤ ਸਿੰਘ ਦਾ ਵਿਆਹ 2 ਅਗਸਤ 2019 ਨੂੰ ਬੇਅੰਤ ਕੌਰ ਨਾਲ ਹੋਇਆ ਸੀ। ਵਿਆਹ ਸਮੇਂ ਬੇਅੰਤ ਕੌਰ ਨੂੰ ਕੈਨੇਡਾ ਭੇਜਣ ਲਈ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੇ ਪਰਿਵਾਰ ਨੇ ਕਰੀਬ 25 ਲੱਖ ਰੁਪਏ ਖਰਚ ਕੀਤੇ ਸਨ ਅਤੇ 17 ਅਗਸਤ 2019 ਨੂੰ ਬੇਅੰਤ ਕੌਰ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੈਨੇਡਾ ਚਲੀ ਗਈ। ਜਿਸ ਤੋਂ ਬਾਅਦ ਬੇਅੰਤ ਕੌਰ ਨੇ ਕੈਨੇਡਾ ਜਾਣ ਤੋਂ ਬਾਅਦ ਲਵਪ੍ਰੀਤ ਸਿੰਘ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਅਤੇ ਲਵਪ੍ਰੀਤ ਇਸ ਕਾਰਨ ਉਹ ਡਿਪ੍ਰੈਸ਼ਨ 'ਚ ਚਲਿਆ ਗਿਆ। ਜਿਸ ਕਾਰਨ ਲਵਪ੍ਰੀਤ ਨੇ 24 ਜੂਨ 2021 ਨੂੰ ਆਪਣੇ ਖੇਤ ਵਿੱਚ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਸੀ। 


ਉਸ ਤੋਂ ਬਾਅਦ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੇ ਵਾਰਸਾਂ ਵੱਲੋਂ ਇਨਸਾਫ਼ ਲੈਣ ਲਈ ਕਾਫੀ ਸੰਘਰਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਧਨੌਲਾ ਆਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਲਵਪ੍ਰੀਤ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ 'ਤੇ ਕੈਨੇਡਾ ਰਹਿੰਦੀ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਦੇ ਖਿਲਾਫ 27-7-2021 ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਲਵਪ੍ਰੀਤ ਦੇ ਰਿਸ਼ਤੇਦਾਰਾਂ ਵੱਲੋਂ ਬੇਅੰਤ ਕੌਰ ਦੇ ਮਾਪਿਆਂ ਖਿਲਾਫ ਮਾਮਲਾ ਦਰਜ ਕਰਕੇ ਬੇਅੰਤ ਕੌਰ ਨੂੰ ਡਿਪੋਰਟ ਕਰਵਾਉਣ ਦੀ ਮੰਗ ਕੀਤੀ ਜਾਂਦੀ ਰਹੀ ਹੈ। ਤਤਕਾਲੀ ਐਸਐਸਪੀ ਬਰਨਾਲਾ ਸੰਦੀਪ ਗੋਇਲ ਵੱਲੋਂ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਜਿਸਦੀ ਜਾਂਚ ਤੋਂ ਬਾਅਦ ਬੇਅੰਤ ਕੌਰ ਦੀ ਮਾਂ ਸੁਖਵਿੰਦਰ ਕੌਰ ਅਤੇ ਲਵਪ੍ਰੀਤ ਦੀ ਸੱਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਵਿੱਚ 306 ਅਤੇ 120ਬੀ ਵੀ ਲਗਾਈ ਗਈ ਹੈ।