ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਖਡੂਰ ਸਹਿਬ ਤੇ ਫਿਰੋਜ਼ਪੁਰ ਮਗਰੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਵੀ 'ਆਪਣਿਆਂ' ਦੇ ਹੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਗਰੂਰ ਵਿੱਚ ਚੰਗਾ ਪ੍ਰਭਾਵ ਰੱਖਣ ਵਾਲੇ ਰਾਜ ਸਭਾ ਮੈਂਬਰ ਤੇ ਸਾਬਕਾ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਪੁੱਤਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਵੀ ਚੋਣਾਂ ਨਾ ਲੜਨ ਦੀ ਸਲਾਹ ਦਿੱਤੀ ਹੈ।
ਬੇਸ਼ੱਕ ਢੀਂਡਸਾ ਪਰਿਵਾਰ ਨੇ ਪਹਿਲਾਂ ਹੀ ਲੋਕ ਸਭਾ ਚੋਣ ਨਾ ਲੜਨ ਦਾ ਐਲਾਨ ਕੀਤਾ ਹੋਇਆ ਹੈ ਪਰ ਅਕਾਲੀ ਦਲ ਪਰਮਿੰਦਰ ਸਿੰਘ ਢੀਂਡਸਾ ਨੂੰ ਚੋਣ ਲੜਾਉਣਾ ਚਾਹੁੰਦਾ ਹੈ। ਦਿਲਚਸਪ ਗੱਲ਼ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੇ ਤਾਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ ਪਰ ਉਨ੍ਹਾਂ ਦੇ ਬੇਟੇ ਅਜੇ ਵੀ ਪਾਰਟੀ ਦੇ ਨਾਲ ਹਨ।
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਦਾ ਹੈ ਕਿ ਢੀਂਡਸਾ ਪਰਿਵਾਰ ਤੋਂ ਬਿਨਾਂ ਸੰਗਰੂਰ ਹਲਕੇ ਵਿੱਚ ਟੱਕਰ ਦੇਣੀ ਔਖੀ ਹੈ। ਇਸ ਲਈ ਸੁਖਬੀਰ ਬਾਦਲ ਨੇ ਪਰਮਿੰਦਰ ਢੀਂਡਸਾ ਨੂੰ ਇਸ ਸੀਟ ਤੋਂ ਚੋਣ ਲੜਾਉਣ ਦੀ ਤਿਆਰੀ ਖਿੱਚ ਰੱਖੀ ਹੈ। ਹੁਣ ਢੀਂਡਸਾ ਪਰਿਵਾਰ ਦੇ ਸਟੈਂਡ ਕਰਕੇ ਅਕਾਲੀ ਦਲ ਲਈ ਨਵੀਂ ਮੁਸੀਬਤ ਖੜ੍ਹੀ ਹੋ ਸਕਦੀ ਹੈ।
ਯਾਦ ਰਹੇ ਸੁਖਦੇਵ ਸਿੰਘ ਢੀਂਡਸਾ ਨੇ ਛੇ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦੇ ਸਭ ਅਹੁਦਿਆਂ ਤੋਂ ਅਸਤੀਫਾ ਦਿੰਦਿਆਂ ਖੁ਼ਦ ਨੂੰ ਪਾਰਟੀ ਤੋਂ ਵੱਖ ਕਰ ਲਿਆ ਸੀ। ਇਸ ਮਗਰੋਂ ਜਨਵਰੀ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਅਸਤੀਫਾ ਮੰਗ ਲਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਸਟੈਂਡ ਅੱਜ ਵੀ ਸਪਸ਼ਟ ਹੈ ਤੇ ਉਹ ਰਾਜਨੀਤੀ ਨੂੰ ਚੰਗੀ ਤਰ੍ਹਾਂ ਸਮਝਦੇ ਹਨ।