Farmers protest: ਕਿਸਾਨ ਅੰਦੋਲਨ ਦੇ ਕਾਰਨ ਦਿੱਲੀ ਜਾਣ ਲਈ ਹਰਿਆਣਾ ਦੀਆਂ ਸਰਹੱਦਾਂ ਤਿੰਨ ਥਾਵਾਂ ਤੋਂ ਪਿਛਲੇ 16 ਦਿਨਾਂ ਤੋਂ ਬੰਦ ਹਨ। ਹਰਿਆਣਾ ਪੁਲਿਸ ਨੇ ਵੱਡੀ ਤਦਾਦ 'ਚ ਰੋਕਾਂ ਲਾਈਆਂ ਹੋਈਆਂ ਹਨ। ਇਹਨਾਂ ਰੋਕਾਂ ਦਾ ਅਸਰ ਜਿੱਥੇ ਕਿਸਾਨਾਂ 'ਤੇ ਪੈ ਰਿਹਾ ਹੈ ਤਾਂ ਉੱਥੇ ਹੀ ਇਹਨਾਂ ਕਰਕੇ ਆਮ ਲੋਕਾਂ ਦੇ ਨਾਲ ਨਾਲ ਜ਼ਰੂਰੀ ਵਸਤੂਆਂ ਦੀ ਸਪਲਾਈ 'ਤੇ ਵੀ ਅਸਰ ਪੈ ਰਿਹਾ ਹੈ।



ਕਿਸਾਨ ਕੇਂਦਰ ਸਰਕਾਰ ਖਿਲਾਫ਼ MSP ਖਰੀਦ ਗਰੰਟੀ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਹਨ। ਪੰਜਾਬ ਦੇ ਕਿਸਾਨਾਂ ਨੇ ਦਿੱਲੀ ਜਾਣਾ ਸੀ ਪਰ ਹਰਿਆਣਾ ਸਰਕਾਰ ਵੱਲੋਂ ਸਰਹੱਦਾਂ 'ਤੇ ਹੀ ਰੋਕ ਦਿੱਤਾ ਗਿਆ। ਸਰਹੱਦਾਂ ਬੰਦ ਹੋਣ ਕਾਰਨ ਹੁਣ  ਪੰਜਾਬ 'ਚ  ਡੀਜ਼ਲ ਅਤੇ ਸਿਲੰਡਰ ਦੀ ਕਮੀ ਵਧ ਗਈ ਹੈ।


 ਨਿਊਜ਼ ਏਜੰਸੀ ਏਐਨਆਈ ਨੇ ਮੰਤਰਾਲੇ ਦੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ ਸੜਕ ਜਾਮ ਅਤੇ ਸੁਰੱਖਿਆ ਕਾਰਨਾਂ ਕਰਕੇ ਪੰਜਾਬ ਵਿੱਚ ਡੀਜ਼ਲ ਅਤੇ ਐਲਪੀਜੀ ਗੈਸ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਜਕੇਰ ਅਜਿਹਾ ਲੰਬੇ ਸਮੇਂ ਤੱਕ ਰਿਹਾ ਹੈ ਤਾਂ ਪੰਜਾਬ ਵਿੱਚ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀ ਥੋੜ੍ਹ ਪੈ ਸਕਦੀ ਹੈ। 



ਇਸ ਲਈ ਭਾਰਤੀ ਮੰਤਰਾਲਾ ਵੀ ਇਸ 'ਤੇ ਵਿਚਾਰ ਕਰ ਰਿਹਾ ਹੈ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀ ਸਪਲਾਈ ਜ਼ਿਆਦਾ ਪ੍ਰਭਾਵਿਤ ਨਾ ਹੋਵੇ। ਪਰ ਕਿਸਾਨ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। 


ਕਿਸਾਨਾਂ ਨੇ 13 ਫਰਵਰੀ ਨੂੰ ‘ਦਿੱਲੀ ਚਲੋ’ ਦਾ ਸੱਦਾ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ, ਹਰਿਆਣਾ, ਯੂਪੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਹ ਕਿਸਾਨ ਦਿੱਲੀ ਵੱਲ ਮਾਰਚ ਕਰਨ 'ਤੇ ਅੜੇ ਹੋਏ ਹਨ। ਪਰ ਦਿੱਲੀ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰਾਜਧਾਨੀ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਆਪਣੀ ਪੂਰੀ ਤਾਕਤ ਵਰਤੀ ਹੈ। 


 
ਇਸ ਦੇ ਲਈ ਸਰਹੱਦਾਂ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਡੇ-ਵੱਡੇ ਬੈਰੀਅਰ ਬਣਾਏ ਗਏ ਹਨ। ਇਸ ਦੇ ਬਾਵਜੂਦ ਕਿਸਾਨ ਦਿੱਲੀ ਵਿੱਚ ਦਾਖ਼ਲ ਹੋਣ ਲਈ ਆਪਣੀ ਪੂਰੀ ਤਾਕਤ ਲਾ ਰਹੇ ਹਨ। ਇਸ ਦੌਰਾਨ ਕਿਸਾਨਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪਾਂ ਦੀਆਂ ਕਈ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਹਾਲਾਂਕਿ ਕਿਸਾਨਾਂ ਨੇ ‘ਦਿੱਲੀ ਚਲੋ’ ਮਾਰਚ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਹਾਲਾਂਕਿ ਕਿਸਾਨ ਸਰਹੱਦਾਂ 'ਤੇ ਖੜ੍ਹੇ ਹਨ।