ਚੰਡੀਗੜ੍ਹ: ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਚਾਹੇ ਰੈਫਰੈਂਡਮ 2020 ਹੋਏ ਜਾਂ ਕੋਈ ਹੋਰ, ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕੰਨੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਵਿਗਾੜਨ ਦਾ ਮੌਕਾ ਨਹੀਂ ਦਿੱਤਾ ਜਾਏਗਾ। ਡੀਜੀਪੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਗੈਂਗਸਟਰ ਕਲਚਰ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਵੀ ਕਾਫੀ ਹੱਦ ਤਕ ਖ਼ਤਮ ਹੋ ਗਈ ਹੈ।
ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਚੋਹਲਾ ਸਾਹਿਬ ਤੋਂ ਗ੍ਰਿਫ਼ਤਾਰ ਕੇਜੀਐਫ ਦੇ ਅੱਤਵਾਦੀ ਸਲੀਪਰ ਸੈਲ ਵਾਂਗ ਕੰਮ ਕਰ ਰਹੇ ਸੀ। ਡੀਜੀਪੀ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਅਪਰਾਧੀਆਂ ਵੱਲੋਂ ਲੋਕਾਂ ਨੂੰ ਵਰਗਲਾਇਆ ਜਾ ਰਿਹਾ ਹੈ। ਜੇਲ੍ਹਾਂ ਵਿੱਚ ਮੋਬਾਈਲ ਫੋਨ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਇਸ 'ਤੇ ਪੰਜਾਬ ਪੁਲਿਸ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਦੇਸ਼ਾਂ ਤੋਂ ਫੰਡਿੰਗ ਕਰਕੇ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਕਰੀਬ 25 ਮਾਡਿਊਲਜ਼ ਦਾ ਪਰਦਾਫਾਸ਼ ਕੀਤਾ ਗਿਆ ਹੈ।
ਡੀਜੀਪੀ ਮੁਤਾਬਕ ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਡ੍ਰੋਨ ਰਾਹੀਂ ਹਥਿਆਰ ਭੇਜਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਤੇ ਭਾਰਤ ਲਈ ਇਹ ਖ਼ਤਰਾ ਸਾਬਿਤ ਹੋ ਸਕਦਾ ਹੈ। ਇਸ ਲਈ ਇਸ ਮਾਮਲੇ ਦੀ ਜਾਂਚ ਐਨਆਈਏ ਨੂੰ ਸੌਪੀ ਗਈ ਹੈ। ਰੈਫਰੈਂਡਮ 2020 ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕ ਇਸ ਨੂੰ ਤਰਜੀਹ ਨਹੀਂ ਦੇ ਰਹੇ।