Punjab News: ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਮਾਮਲੇ ਵਿੱਚ ਸਨਰਜੀਵਨ ਇਨਫਰਾਸਟਰੱਕਚਰ ਐਂਡ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਦੇ ਭਗੌੜੇ ਡਾਇਰੈਕਟਰ ਪ੍ਰਸ਼ਾਂਤ ਮਾਂਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਉਹ ਮੁੰਬਈ ਤੋਂ ਦੁਬਈ ਭੱਜਣ ਦੀ ਤਿਆਰੀ ਕਰ ਰਿਹਾ ਸੀ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਪਿੰਡ ਘੋਲੂਮਾਜਰਾ ਤਹਿਸੀਲ ਡੇਰਾਬੱਸੀ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਪੀ.ਏ.ਸੀ.ਐਲ ਦੀਆਂ ਜਾਇਦਾਦਾਂ ਦੀ ਗੈਰ-ਕਾਨੂੰਨੀ ਵਿੱਕਰੀ ਕਰਨ ਦੇ ਸਬੰਧ ਵਿੱਚ ਪੁਲਿਸ ਥਾਣਾ ਸਦਰ ਸਿਟੀ ਜ਼ੀਰਾ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਦਰਜ ਐਫਆਈਆਰ ਵਿੱਚ ਭਗੌੜਾ ਸੀ। ਮੁਲਜ਼ਮਾਂ ਨੂੰ ਪਤਾ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪਿੰਡ ਘੋਲੂਮਾਜਰਾ ਅਤੇ ਹੋਰ ਥਾਵਾਂ ’ਤੇ ਪੀ.ਏ.ਸੀ.ਐਲ ਕੰਪਨੀ ਦੀ ਕਿਸੇ ਵੀ ਜਾਇਦਾਦ ਨੂੰ ਵੇਚਣ ’ਤੇ ਪਾਬੰਦੀ ਲਾ ਦਿੱਤੀ ਹੈ।
ਫੈਨੋਮੀਨਲ ਕੰਸਟਰਕਸ਼ਨ ਪ੍ਰਾਈਵੇਟ ਲਿਮਟਿਡ ਤੇ ਸਨਰੰਜੀਵਨ ਇਨਫਰਾਸਟਰੱਕਚਰ ਐਂਡ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ ਤੇ ਪ੍ਰਮੋਟਰਾਂ ਨੇ ਹੋਰਨਾਂ ਨਾਲ ਮਿਲ ਕੇ ਸਾਲ 2018-19 ਵਿੱਚ ਪਿੰਡ ਘੋਲੂਮਾਜਰਾ ਵਿੱਚ ਪੀ.ਏ.ਸੀ.ਐਲ. ਦਾ ਗਠਨ ਕੀਤਾ ਸੀ। ਅਦਾਲਤ ਵੱਲੋਂ ਵਿਵਾਦਤ ਘੋਸ਼ਿਤ 115 ਵਿੱਘੇ ਜ਼ਮੀਨ 'ਤੇ ਬੇਲਾ ਵਿਸਟਾ-01 ਅਤੇ ਬੇਲਾ ਵਿਸਟਾ-02 ਨਾਂ ਦੀਆਂ ਦੋ ਕਲੋਨੀਆਂ ਵਿਕਸਤ ਕੀਤੀਆਂ ਗਈਆਂ ਸਨ। ਮੁਲਜ਼ਮ ਡਿਵੈਲਪਰਾਂ ਨੇ ਦੋਵਾਂ ਕਲੋਨੀਆਂ ਵਿੱਚ ਲੋਕਾਂ ਨੂੰ ਪਲਾਟ ਤੇ ਮਕਾਨ ਵੇਚ ਕੇ ਮੋਟੀ ਕਮਾਈ ਕੀਤੀ ਜਿਸ ਕਾਰਨ ਵਿਜੀਲੈਂਸ ਬਿਊਰੋ ਵੱਲੋਂ ਉਕਤ ਕੰਪਨੀਆਂ ਦੇ ਪ੍ਰਮੋਟਰਾਂ ਨੂੰ ਉਕਤ ਮਾਮਲੇ ਨਾਲ ਜੋੜਿਆ ਗਿਆ।
ਪਰਲ ਗਰੁੱਪ 'ਤੇ ਦੇਸ਼ ਭਰ ਦੇ ਕਰੀਬ 5.50 ਕਰੋੜ ਲੋਕਾਂ ਨੂੰ ਪ੍ਰਾਪਰਟੀ 'ਚ ਨਿਵੇਸ਼ ਕਰਵਾਉਣ ਦਾ ਇਲਜ਼ਾਮ ਹੈ। ਇਸ ਤੋਂ ਕਰੀਬ 60 ਹਜ਼ਾਰ ਕਰੋੜ ਰੁਪਏ ਦੀ ਕਮਾਈ ਹੋਈ। ਨਿਵੇਸ਼ਕਾਂ ਨੂੰ ਫਰਜ਼ੀ ਅਲਾਟਮੈਂਟ ਪੱਤਰ ਦਿੱਤੇ ਗਏ ਫਿਰ ਕੰਪਨੀ ਨੇ ਇਹ ਪੈਸਾ ਹੜੱਪ ਲਿਆ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੀ.ਏ.ਸੀ.ਐਲ. ਦੀਆਂ ਜਾਇਦਾਦਾਂ ਨੂੰ ਵੇਚਿਆ ਜਾਵੇਗਾ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਉਨ੍ਹਾਂ ਨਿਵੇਸ਼ਕਾਂ ਨੂੰ ਵਾਪਸ ਕਰ ਦਿੱਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।